ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-05-2026 ਅੰਗ 730

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 24-05-2026 ਅੰਗ 730

ਸੂਹੀ ਮਹਲਾ ੧

॥ ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥ ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥ ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥ ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥

ਅਰਥ:-  ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥ ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ, (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ,ਪਰ) ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ। (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ॥੨॥ (ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ,ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ। ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ॥੩॥ ਜੋ (ਮਨ ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ, ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ਨਾਨਕ ਦੀ ਸੰਗਤਿ ਸਦਾ ਉਸ ਮਨ ਨਾਲ ਹੈ, ਜਿਸ ਕਰ ਕੇ ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ ॥੪॥੨॥੯॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

 

Advertisement

Latest News

ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ ਮਾਲੇਰਕੋਟਲਾ ਪੁਲਿਸ ਵੱਲੋਂ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਉਂਦਿਆਂ ਦੋਸ਼ੀ ਕਾਬੂ
ਮਾਲੇਰਕੋਟਲਾ, 24 ਮਈ - ਐਸ.ਐਸ.ਪੀ ਗੁਰਮੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਪਤਾਨ ਪੁਲਿਸ ਪੀ.ਬੀ.ਆਈ....
ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪੋਲਿੰਗ ਸਟਾਫ਼ ਦੀ ਤੀਜੀ ਰੇਂਡਮਾਈਜੇਸ਼ਨ ਪ੍ਰਕਿਰਿਆ ਹੋਈ ਪੂਰੀ
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ
ਵਿਵੇਕਸ਼ੀਲ ਸੋਨੀ ਆਈ ਪੀ ਐੱਸ ਨਗਰ ਨਿਗਮ/ਕੌਂਸਲ ਚੋਣਾਂ ਲਈ ਪੁਲਿਸ ਆਬਜ਼ਰਵਰ ਨਿਯੁਕਤ
ਗਰਮੀ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ
ਰਿਹਰਸਲ ਦੌਰਾਨ ਗੈਰ-ਹਾਜ਼ਰ ਰਹੇ ਚੋਣ ਕਰਮੀਆਂ ਨੂੰ ਨੋਟਿਸ ਜਾਰੀ