ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-03-2026 ਅੰਗ 731

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 09-03-2026 ਅੰਗ 731

ਸੂਹੀ ਮਹਲਾ ੪

॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

ਅਰਥ:  ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ)।੧।ਰਹਾਉ। ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩। ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

ਅੱਜ ਦਿੱਲੀ-ਐਨਸੀਆਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਅੱਜ ਦਿੱਲੀ-ਐਨਸੀਆਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ
ਲੋਕ ਆਪਣੇ ਘਰਾਂ ਅਤੇ ਦਫ਼ਤਰਾਂ ਤੋਂ ਬਾਹਰ ਖੁੱਲ੍ਹੀਆਂ ਥਾਵਾਂ ਵੱਲ ਭੱਜੇ
ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ 'ਤੇ ਲਾਠੀਚਾਰਜ ਕੀਤਾ
ਬਿਹਾਰ ਦੀ ਰਾਜਨੀਤੀ ਵਿੱਚ ਇੱਕ ਬਹੁਤ ਵੱਡਾ ਬਦਲਾਅ,ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਅੱਜ ਰਸਮੀ ਤੌਰ ’ਤੇ ਜਨਤਾ ਦਲ (ਯੂਨਾਈਟਿਡ) ਵਿੱਚ ਸ਼ਾਮਲ ਹੋ ਗਏ
ਈਰਾਨ ਦੇ ਸਰਵਉੱਚ ਨੇਤਾ ਆਇਤੁੱਲਾ ਅਲੀ ਖਾਮੇਨੇਈ ਤੋਂ ਬਾਅਦ ਹੁਣ ਉਨ੍ਹਾਂ ਦੇ ਬੇਟੇ ਮੁਜਤਬਾ ਖਾਮੇਨੇਈ ਨੂੰ ਦੇਸ਼ ਦਾ ਅਗਲਾ ਸ਼ਕਤੀਸ਼ਾਲੀ ਰਹਿਬਰ ਚੁਣ ਲਿਆ ਗਿਆ ਹੈ
ਸ਼ੇਅਰ ਬਾਜ਼ਾਰ ਵਿੱਚ ਅੱਜ (9 ਮਾਰਚ, 2026) ਨੂੰ ਭਾਰੀ ਉਥਲ-ਪੁਥਲ ਦੇਖਣ ਨੂੰ ਮਿਲੀ ਹੈ
ਚੰਡੀਗੜ੍ਹ ਦੇ ਆਲੇ-ਦੁਆਲੇ ਵਸੇ 22 ਪਿੰਡਾਂ ਦੇ ਕਿਸਾਨਾਂ ਨੇ ਪ੍ਰਸ਼ਾਸਨ ਵਿਰੁੱਧ ਇੱਕ ਵੱਡਾ ਮੋਰਚਾ ਖੋਲ੍ਹ ਦਿੱਤਾ ਹੈ
ਫ਼ਰੀਦਕੋਟ ਦੀ ਅਦਾਲਤ ਵੱਲੋਂ ਕੈਨੇਡਾ ਬੈਠੇ ਖ਼ਤਰਨਾਕ ਗੈਂਗਸਟਰ ਗੋਲਡੀ ਬਰਾੜ ਦੀ ਮਾਤਾ ਪ੍ਰੀਤਪਾਲ ਕੌਰ ਨੂੰ 50 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਪੱਕੀ ਜ਼ਮਾਨਤ ਮਨਜ਼ੂਰ ਕਰ ਲਈ ਹੈ