ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-01-2025 ਅੰਗ 643

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 23-01-2025 ਅੰਗ 643

ਸਲੋਕੁ ਮਃ ੩

॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥ ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥ ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਿਣ ਨ ਮਿਲਨੀ ਪਾਸਿ ॥ ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥ ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥ ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥ ਮਃ ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥ ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥ ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥ ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥ ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥ ਵਿਚਿ ਹਉਮੈ ਲੇਖਾ ਮੰਗੀਅੈ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥

ਅਰਥ:-   ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ। (ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ। ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ। ਹੇ ਨਾਨਕ ਜੀ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥ ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ। ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ। ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ਜੀ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥ ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ। (ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ। (ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

Advertisement

Latest News

 ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ,ਇਰਾਨ ਦੇ ਤਿੰਨ ਪਰਮਾਣੂ ਠਿਕਾਣਿਆਂ ਤੇ ਹਵਾਈ ਹਮਲਾ ਕੀਤਾ
Israel,22,JUN,2025,(Azad Soch News):- ਈਰਾਨ ਅਤੇ ਇਜ਼ਰਾਈਲ ਦੀ ਜੰਗ ਵਿੱਚ ਹੁਣ ਅਮਰੀਕਾ ਵੀ ਸ਼ਾਮਲ ਹੋ ਗਿਆ ਹੈ। ਅਮਰੀਕਾ ਨੇ ਇਰਾਨ ਦੇ...
ਵਿਰੋਧ ਪ੍ਰਦਰਸ਼ਨ ਵਿਦਿਆਰਥੀਆਂ ਦਾ ਮੌਲਿਕ ਅਧਿਕਾਰ, ਇਸ ਨੂੰ ਕਿਸੇ ਵੀ ਕੀਮਤ 'ਤੇ ਰੋਕਿਆ ਨਹੀਂ ਜਾ ਸਕਦਾ - ਮੀਤ ਹੇਅਰ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 22-06-2025 ਅੰਗ 621
ਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
’ਯੁੱਧ ਨਸ਼ਿਆਂ ਵਿਰੁੱਧ’ ਦੇ 112 ਵੇਂ ਦਿਨ ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਗ੍ਰਿਫ਼ਤਾਰ; 7.5 ਕਿਲੋ ਹੈਰੋਇਨ ਅਤੇ 39 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ
50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ 'ਚ ਹੋਵੇਗੀ ਸੋਧ :-ਡਾ ਬਲਜੀਤ ਕੌਰ