ਜ਼ਿਲ੍ਹੇ ‘ਚ 257908 ਮੀਟ੍ਰਿਕ ਟਨ ਕਣਕ ਦੀ ਖਰੀਦ, ਕਿਸਾਨਾਂ ਦੇ ਖਾਤਿਆਂ ‘ਚ 607.92 ਕਰੋੜ ਰੁਪਏ ਦੀ ਅਦਾਇਗੀ: ਡਿਪਟੀ ਕਮਿਸ਼ਨਰ
ਸ਼ਹੀਦ ਭਗਤ ਸਿੰਘ ਨਗਰ, 6 ਮਈ : ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ, ਅਦਾਇਗੀ ਅਤੇ ਲਿਫਟਿੰਗ ਬਾਰੇ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ 257908 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜੋ ਕਿ ਖਰੀਦ ਏਜੰਸੀਆਂ ਵਲੋਂ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੇ ਖਾਤਿਆਂ ਵਿੱਚ ਨਿਰਧਾਰਤ ਸਮੇਂ ਅੰਦਰ ਸਿੱਧੀ ਅਦਾਇਗੀ ਯਕੀਨੀ ਬਣਾਈ ਗਈ ਹੈ।
ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ 6 ਮਈ ਸ਼ਾਮ ਤੱਕ ਕਿਸਾਨਾਂ ਦੇ ਖਾਤਿਆਂ ਵਿੱਚ 607.92 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 24 ਘੰਟਿਆਂ ਦੇ ਵਿੱਚ-ਵਿੱਚ ਅਦਾਇਗੀ ਦਾ 101 ਫੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ, ਮਾਰਕਫੈਡ, ਪਨਸਪ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਅਤੇ ਐਫ.ਸੀ.ਆਈ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਲਗਾਤਾਰ ਖਰੀਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ 66224 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 61118, ਪਨਸਪ ਵੱਲੋਂ 64305, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 38077 ਅਤੇ ਐਫ.ਸੀ.ਆਈ ਵੱਲੋਂ 21687 ਦੇ ਨਾਲ-ਨਾਲ ਟ੍ਰੇਡਰਾਂ ਵੱਲੋਂ 6497 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚੋਂ 55 ਫੀਸਦੀ ਤੋਂ ਵੱਧ ਫਸਲ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਲਿਫਟਿੰਗ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ ਗਈ ਹੈ।
ਜ਼ਿਲ੍ਹੇ ਵਿੱਚ 34 ਮੰਡੀਆਂ ਵਿੱਚ ਹੋਈ ਨਿਰਵਿਘਨ ਖਰੀਦ ਅਤੇ ਸੁਚਾਰੂ ਪ੍ਰਬੰਧਾਂ ਬਾਰੇ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਮੌਜੂਦਾ ਸੀਜਨ ਦੌਰਾਨ 260870 ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਸੀ ਜਿਸ ਵਿੱਚੋਂ 257908 ਮੀਟ੍ਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਲਿਫਟਿੰਗ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਫਸਲ ਚੁੱਕ ਕੇ ਨਿਰਧਾਰਤ ਸਥਾਨ ਪਹੁੰਚਾਈ ਜਾਵੇ।