ਝੋਨੇ ਵਿੱਚ ਬੀਜ ਸੋਧ ਤੇ ਸੰਤੁਲਿਤ ਪੌਸ਼ਟਿਕ ਤੱਤਾਂ ਦੇ ਪ੍ਰਬੰਧਨ ਬਾਰੇ ਪਿੰਡ ਬਰਸਾਲਪੁਰ ਵਿਖੇ ਇੱਕ ਰੋਜਾ ਸਿਖਲਾਈ ਪ੍ਰੋਗਰਾਮ ਦਾ ਕੀਤਾ ਆਯੋਜਨ
By Azad Soch
On
ਸ੍ਰੀ ਚਮਕੌਰ ਸਾਹਿਬ, 18 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਰੋਪੜ ਨੇ ਸਾਉਣੀ ਦੀਆਂ ਫ਼ਸਲਾਂ ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਬਲਾਕ ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਬਰਸਾਲਪੁਰ ਵਿਖੇ "ਝੋਨੇ ਅਤੇ ਬਾਸਮਤੀ ਵਿੱਚ ਬੀਜ ਸੋਧ" ਬਾਰੇ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ।
ਇਹ ਪ੍ਰੋਗਰਾਮ ਐਸੋਸੀਏਟ ਡਾਇਰੈਕਟਰ (ਟ੍ਰੇਨਿੰਗ), ਕੇ.ਵੀ.ਕੇ. ਰੋਪੜ ਡਾ. ਸਤਬੀਰ ਸਿੰਘ ਦੀ ਨਿਗਰਾਨੀ ਹੇਠ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਦੌਰਾਨ ਪ੍ਰੋਫੈਸਰ, ਸਬਜ਼ੀ ਵਿਗਿਆਨ) ਡਾ. ਸੰਜੀਵ ਅਹੂਜਾ ਨੇ ਘਰੇਲੂ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸਿਹਤਮੰਦ ਉਤਪਾਦਾਂ ਦੀ ਖਪਤ ਨੂੰ ਉਤਸ਼ਾਹਿਤ ਕਰਨ ਲਈ ਫ਼ਲਾਂ ਅਤੇ ਸਬਜੀਆਂ ਦੀ ਘਰ-ਬਗੀਚੀ ਬਾਰੇ ਜਾਗਰੂਕਤਾ ਪੈਦਾ ਕੀਤੀ।
ਸਹਾਇਕ ਪ੍ਰੋਫੈਸਰ ਪੌਦ ਸੁਰੱਖਿਆ ਡਾ. ਉਰਵੀ ਸ਼ਰਮਾ ਨੇ ਝੋਨੇ ਅਤੇ ਬਾਸਮਤੀ ਵਿੱਚ ਬੀਜ ਸੋਧ ਬਾਰੇ ਡੂੰਘਾਈ ਵਿੱਚ ਤਕਨੀਕੀ ਜਾਣਕਾਰੀ ਦਿੱਤੀ ਅਤੇ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਕਿਸਾਨਾਂ ਨੂੰ ਬੀਜ ਸੋਧ ਦੇ ਸਹੀ ਢੰਗ ਦਾ ਤਰੀਕਾ ਪ੍ਰਦਰਸ਼ਨ ਕੀਤਾ। ਕਿਸਾਨਾਂ ਨੂੰ ਫ਼ਸਲਾਂ ਵਿੱਚ ਬੀਜ ਅਤੇ ਮਿੱਟੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਰੋਕਣ ਅਤੇ ਉੱਚ ਫ਼ਸਲ ਦੀ ਪੈਦਾਵਾਰ ਵਿੱਚ ਬੀਜ ਸੋਧ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।
ਇਸ ਤੋਂ ਇਲਾਵਾ ਕਿਸਾਨਾਂ ਨੂੰ ਝੋਨੇ ਦੀ ਨਰਸਰੀ ਵਿੱਚ ਚਿੱਟੀ ਪਿੱਠ ਵਾਲੇ ਟਿੱਡੇ ਦੀ ਨਿਗਰਾਨੀ ਅਤੇ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਗਿਆ। ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਉਹ ਝੋਨੇ ਦੀ ਨਰਸਰੀ ਦੀ ਲਗਾਤਾਰ ਨਿਗਰਾਨੀ ਕਰਨ ਅਤੇ ਟਿੱਡਿਆਂ ਦੀ ਰੋਕਥਾਮ ਲਈ ਸਮੇਂ ਸਿਰ ਯੋਗ ਉਪਾਅ ਜਰੂਰ ਕਰਨ।
ਸਹਾਇਕ ਪ੍ਰੋਫੈਸਰ, ਭੂਮੀ ਵਿਗਿਆਨ ਡਾ. ਜਗਮਨਜੋਤ ਸਿੰਘ ਮਾਨ ਨੇ ਝੋਨੇ ਦੀ ਕਾਸ਼ਤ ਵਿੱਚ ਖਾਦਾਂ ਦੀ ਸੰਤੁਲਿਤ ਅਤੇ ਸਮਝਦਾਰੀ ਨਾਲ ਵਰਤੋਂ 'ਤੇ ਵਿਸ਼ੇਸ਼ ਜ਼ੋਰ ਦਿੱਤਾ। ਫਸਲ ਦੇ ਵਾਧੇ ਅਤੇ ਉੱਚ ਝਾੜ ਲਈ ਝੋਨੇ ਵਿੱਚ ਰਸਾਇਣਕ ਖਾਦਾਂ ਅਤੇ ਸੂਖਮ ਪੌਸ਼ਟਿਕ ਤੱਤਾਂ ਦੀ ਭੂਮਿਕਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਅਧੀਨ ਝੋਨੇ ਵਿੱਚ ਡੀਏਪੀ ਖਾਦ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਗਿਆ। ਇਸ ਤੋਂ ਇਲਾਵਾ ਉਹਨਾਂ ਵੱਲੋਂ ਖਾਦਾਂ ਦੀ ਬੇਲੋੜੀ ਵਰਤੋਂ ਅਤੇ ਵਾਤਾਵਰਣ ਸੰਤੁਲਨ ਨੂੰ ਧਿਆਨ ਵਿੱਚ ਰੱਖਦੇ ਹੋਏ ਜੈਵਿਕ, ਜੀਵਾਣੂੰ ਅਤੇ ਰਸਾਇਣਕ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਕਿਸਾਨਾਂ ਨੂੰ ਰਸਾਇਣਕ ਖਾਦ ਜਿਵੇਂ ਯੂਰੀਆ 'ਤੇ ਨਿਰਭਰਤਾ ਘਟਾਉਣ ਲਈ ਹਰੀ ਖਾਦ ਦੀ ਵਰਤੋਂ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਅਖੀਰ ਵਿੱਚ ਪੀਏਯੂ ਦੇ ਸੁਧਰੇ ਬੀਜਾਂ ਦੀ ਵਿਕਰੀ ਅਤੇ ਸਾਹਿਤ ਦੀ ਵੰਡ ਵੀ ਕਿਸਾਨਾਂ ਵਿੱਚ ਕੀਤੀ ਗਈ।
ਇਸ ਸਿਖਲਾਈ ਪ੍ਰੋਗਰਾਮ ਤੋਂ ਬਾਅਦ ਪਿੰਡ ਢੇਸਪੁਰਾ ਦੇ ਪ੍ਰਗਤੀਸ਼ੀਲ ਸਬਜ਼ੀ ਉਤਪਾਦਕ ਸ. ਦਲਵਿੰਦਰ ਸਿੰਘ ਦੇ ਫਾਰਮ ਦਾ ਦੌਰਾ ਕੀਤਾ ਗਿਆ, ਜੋ ਲਗਭਗ ਛੇ ਏਕੜ ਰਕਬੇ ਵਿੱਚ ਸਫਲਤਾਪੂਰਵਕ ਸਬਜ਼ੀਆਂ ਦੀ ਕਾਸ਼ਤ ਕਰ ਰਹੇ ਹਨ।
Related Posts
Latest News
18 May 2026 21:32:14
ਸ੍ਰੀ ਚਮਕੌਰ ਸਾਹਿਬ, 18 ਮਈ: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਪਸਾਰ ਸਿੱਖਿਆ ਅਤੇ ਆਈ.ਸੀ.ਏ.ਆਰ.-ਅਟਾਰੀ, ਜ਼ੋਨ-1, ਲੁਧਿਆਣਾ ਦੀ ਅਗਵਾਈ ਹੇਠ ਕ੍ਰਿਸ਼ੀ...

