ਵਧੀਕ ਡਿਪਟੀ ਕਮਿਸ਼ਨਰ ਨੇ ਸਿਹਤ ਪ੍ਰੋਗਰਾਮਾਂ ਦਾ ਲਿਆ ਜਾਇਜ਼ਾ
ਮਾਨਸਾ 17 ਜੁਲਾਈ:
ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਆਕਾਸ਼ ਬਾਂਸਲ ਨੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਸਰਕਾਰ ਵੱਲੋਂ ਮਿੱਥੇ ਟੀਚਿਆਂ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦੀ ਹਦਾਇਤ ਕੀਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਲੋੜੀਂਦੇ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਬਰਸਾਤ ਦੇ ਸੀਜ਼ਨ ਦੌਰਾਨ ਡੇਂਗੂ ਮਲੇਰੀਆ ਦੇ ਫੈਲਣ ਤੋਂ ਬਚਾਅ ਅਤੇ ਸਾਵਧਾਨੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਸੁਰੱਖਿਅਤ ਰੱਖਣ ਲਈ ਸ਼ਡਿਊਲ ਅਨੁਸਾਰ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਜਨਨੀ ਸਿਸ਼ੂ ਸੁਰੱਖਿਆ ਕਾਰਿਆਕਰਮ, ਮੁੱਖ ਮੰਤਰੀ ਕੈਂਸਰ ਰਿਲੀਫ ਫੰਡ, ਨੈਸ਼ਨਲ ਟਿਊਬਰ ਕਲੋਸਿਸ, ਇਲੈਮੀਨੇਸ਼ਨ ਪ੍ਰੋਗਰਾਮ, ਨੈਸ਼ਨਲ ਵਾਇਰਲ ਹੈਪਾਟਾਈਟਸ ਕੰਟਰੋਲ ਪ੍ਰੋਗਰਾਮ, ਨੈਸ਼ਨਲ ਵੈਕਟਰ ਬੋਰਨ ਡਿਸੀਜ਼ ਕੰਟਰੋਲ ਪ੍ਰੋਗਰਾਮ, ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਈਂਨਡਨੈਸ, ਫਰੀ ਐਨੂਅਲ ਪਰਵੈਂਟਿਵ ਹੈਲਥ ਚੈਕਅਪ, ਪ੍ਰਧਾਨ ਮੰਤਰੀ ਸੁਰੱਖਿਤ ਮਾਤਰਤਿਵ ਅਭਿਆਨ, ਪੀ.ਸੀ.ਪੀ.ਐਨ.ਡੀ.ਟੀ. ਐਕਟ ਤੋਂ ਇਲਾਵਾ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਅਤੇ ਹੈਲਥ ਐਂਡ ਵੈਲਨੈਸ ਸੈਂਟਰਾਂ ਸਬੰਧੀ ਵਿਸਥਾਰ ਸਹਿਤ ਚਰਚਾ ਕੀਤੀ।
ਇਸ ਮੌਕੇ ਸਿਵਲ ਸਰਜਨ ਡਾ ਰਣਜੀਤ ਸਿੰਘ ਰਾਏ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਚਾਰ ਨਵੇਂ ਆਮ ਆਦਮੀ ਕਲੀਨਿਕ ਅਤੇ ਤਿੰਨ ਨਵੇਂ ਹੈਲਥ ਐਂਡ ਵੈਲਨੈਸ ਸੈਂਟਰ ਜਲਦ ਹੀ ਸਪੁਰਦ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕ ਆਪਣੇ ਨਜ਼ਦੀਕੀ ਆਮ ਆਦਮੀ ਕਲੀਨਿਕ ਤੋਂ ਮਿਲਣ ਵਾਲੀਆਂ ਸੇਵਾਵਾਂ ਦਾ ਲਾਭ ਜ਼ਰੂਰ ਲੈਣ।


