ਅਮਰਪ੍ਰੀਤ ਕੌਰ ਸੰਧੂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਵੱਜੋਂ ਕਾਰਜਭਾਰ ਸੰਭਾਲਿਆ
ਫਾਜ਼ਿਲਕਾ, 13 ਸਤੰਬਰ
ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਅੱਜ ਇੱਥੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ। ਉਹ 2016 ਬੈਚ ਦੇ ਆਈਏਐਸ ਅਫ਼ਸਰ ਹਨ। ਉਹ ਇਸ ਤੋਂ ਪਹਿਲਾਂ ਜਲੰਧਰ ਵਿਕਾਸ ਅਥਾਰਟੀ ਦੇ ਚੀਫ ਐਡਮਿਨਸਟ੍ਰੇਟਰ ਵਜੋਂ ਸੇਵਾ ਨਿਭਾਅ ਰਹੇ ਸਨ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ਦੇ ਨਾਲ ਨਾਲ ਨਗਰ ਨਿਗਮ ਅਬੋਹਰ ਦੇ ਕਮਿਸ਼ਨਰ ਦਾ ਚਾਰਜ ਵੀ ਉਨ੍ਹਾਂ ਕੋਲ ਰਹੇਗਾ।
ਇਸ ਮੌਕੇ ਅਹੁਦਾ ਸੰਭਾਲਣ ਵੇਲੇ ਉਨ੍ਹਾਂ ਨੇ ਕਿਹਾ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਸਰਕਾਰ ਦੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨਾ ਉਨ੍ਹਾਂ ਦੀ ਪ੍ਰਥਾਮਿਕਤਾ ਰਹੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਰਕਾਰ ਦੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਸਮਾਜ ਦੇ ਹਰ ਇਕ ਯੋਗ ਵਿਕਅਤੀ ਤੱਕ ਪੁੱਜੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਨੂੰ ਵੀ ਉਚ ਮਿਆਰੀ ਗੁਣਵਤਾ ਅਨੁਸਾਰ ਸਮਾਂਬੱਧ ਤਰੀਕੇ ਨਾਲ ਪੂਰਾ ਕਰਵਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ।
ਇਸ ਮੌਕੇ ਇੱਥੇ ਪੁੱਜਣ ਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ, ਐਸਪੀ ਸ੍ਰੀ ਰਮਨੀਸ਼ ਚੌਧਰੀ, ਐਸਡੀਐਮ ਸ੍ਰੀ ਪੰਕਜ ਬਾਂਸਲ, ਡੀਐਸਪੀ ਸ੍ਰੀ ਕੰਵਲਪਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਟਾਫ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ।