ਨਸ਼ਾ ਪੀੜਤਾਂ ਦੇ ਇਲਾਜ ਲਈ ਜ਼ਿਲ੍ਹਾ ਫਰੀਦਕੋਟ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ- ਡੀਸੀ
ਫ਼ਰੀਦਕੋਟ 15 ਮਈ
ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿੱਥੇ ਨਸ਼ਿਆਂ ਦੇ ਖਾਤਮੇ ਲਈ ਵੱਡੇ ਕਦਮ ਪੁੱਟੇ ਜਾ ਰਹੇ ਹਨ ਉੱਥੇ ਹੀ ਨਸ਼ਿਆਂ ਤੋਂ ਪੀੜਿਤ ਲੋਕਾਂ ਦੇ ਇਲਾਜ, ਕੌਂਸਲਿੰਗ ਤੇ ਪੁਨਰਵਾਸ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਜਿਸ ਤਹਿਤ ਉਨ੍ਹਾਂ ਦਾ ਨਸ਼ਾ ਛੁਡਾਓ ਤੇ ਪੁਨਰਵਾਸ ਕੇਂਦਰਾਂ ਵਿੱਚ ਢੁੱਕਵਾ ਇਲਾਜ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁਖਧਾਰਾ ਵਿੱਚ ਲਿਆਂਦਾ ਜਾ ਸਕੇ ਤੇ ਉਹ ਆਪਣੇ ਪੈਰਾਂ ਤੇ ਖੜੇ ਹੋ ਸਕਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਨਸ਼ਾ ਛਡਾਓ ਕੇਂਦਰਾਂ ਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਉਪਰੰਤ ਕੀਤਾ ।ਇਸ ਮੌਕੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਸਿਵਲ ਹਸਪਤਾਲ ਫਰੀਦਕੋਟ ਵਿਖੇ ਨਸ਼ਾ ਛੁਡਾਓ ਕੇਂਦਰ ਵਿਖੇ 40 ਬੈਡ ਹਨ ਤੇ ਇਸ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ 100 ਮਰੀਜ਼ਾਂ ਲਈ ਇਲਾਜ ਦਾ ਬਹੁਤ ਢੁਕਵਾਂ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ ਨੂੰ ਮਰੀਜ਼ਾਂ ਦੇ ਇਲਾਜ ਤੇ ਸਾਰੇ ਪ੍ਰਬੰਧਾਂ ਲਈ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਜਦਕਿ ਐਸ.ਪੀ.ਐਚ ਮਨਵਿੰਦਰਬੀਰ ਸਿੰਘ ਨੂੰ ਪੁਲਿਸ ਵੱਲੋਂ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ ਜੋ ਆਪਸੀ ਤਾਲਮੇਲ ਨਾਲ ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਤੇ ਉਨ੍ਹਾਂ ਦੇ ਇਲਾਜ, ਸੁਰੱਖਿਆ ਸਬੰਧੀ ਨਿਗਰਾਨੀ ਕਰਨਗੇ। ਉਨ੍ਹਾਂ ਸਮੂਹ ਨਸ਼ਾ ਛੁਡਾਊ ਕੇਂਦਰਾਂ ਦੇ ਇੰਚਾਰਜਾਂ ਨੂੰ ਕਿਹਾ ਕਿ ਜਦੋਂ ਵੀ ਕੋਈ ਮਰੀਜ਼ ਹਸਪਤਾਲ ਪਹੁੰਚਦਾ ਹੈ ਤਾਂ ਉਸ ਨੂੰ ਦਾਖਲ ਕਰਕੇ ਕਰਕੇ ਤੁਰੰਤ ਉਸ ਦਾ ਇਲਾਜ ਕਰਨਾ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਾਕੀ ਫਾਰਮੈਲਿਟੀ ਬਾਅਦ ਵਿੱਚ ਪੂਰੀ ਕੀਤੀ ਜਾਵੇ ਤਾਂ ਜੋ ਮਰੀਜ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਮਰੀਜ਼ ਦੇ ਇਲਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ
ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨੂੰ ਜਿਥੇ ਕਿਤੇ ਵੀ ਨਸ਼ੇ ਤੋਂ ਪੀੜਤ ਵਿਅਕਤੀ ਮਿਲਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਪਹੁੰਚਾਇਆ ਜਾਵੇਗਾ। ਇਨ੍ਹਾਂ ਕੇਂਦਰਾਂ ਨੂੰ ਲੋੜ ਅਨੁਸਾਰ ਸੁਰੱਖਿਆ ਵੀ ਮੁਹੱਈਆ ਕਰਵਾਈ ਜਾਵੇਗੀ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ.ਨਰਭਿੰਦਰ ਸਿੰਘ, ਐਸ.ਡੀ.ਐਮ ਫ਼ਰੀਦਕੋਟ ਡਾ. ਵਰੁਣ ਕੁਮਾਰ, ਐਸ.ਡੀ.ਐਮ ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਸਿਵਲ ਸਰਜਨ ਡਾ.ਚੰਦਰਸ਼ੇਖਰ ਡਾ. ਵਿਸ਼ਵਦੀਪ ਗੋਇਲ, ਡਿਪਟੀ ਡੀ.ਈ.ਓ ਮੈਡਮ ਨੀਲਮ ਸਮੇਤ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।


