ਭਗਵੰਤ ਮਾਨ ਸਰਕਾਰ ਨੇ ਦੁੱਧ ਖਰੀਦ ਦਰਾਂ ਵਧਾਈਆਂ, ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਈ ਅਤੇ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕੀਤਾ
ਚੰਡੀਗੜ੍ਹ, 2 ਅਪ੍ਰੈਲ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਲਕਫੈੱਡ ਪੰਜਾਬ (ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ। ਇਹ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਅਤੇ ਸੂਬੇ ਭਰ ਦੇ ਡੇਅਰੀ ਉਤਪਾਦਕਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣ ਲਈ ਫੈਸਲਾਕੁੰਨ ਕਦਮ ਹੈ। ਪਹਿਲੀ ਅਪ੍ਰੈਲ, 2026 ਤੋਂ ਲਾਗੂ ਸੋਧੀਆਂ ਦਰਾਂ ਨਾਲ ਲੱਖਾਂ ਕਿਸਾਨਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਣ ਦੀ ਉਮੀਦ ਹੈ, ਜਦੋਂ ਕਿ ਸਮੁੱਚੇ ਡੇਅਰੀ ਸੈਕਟਰ ਵਿੱਚ ਕੀਮਤਾਂ ਵਿੱਚ ਵਿਆਪਕ ਵਾਧਾ ਹੋਵੇਗਾ।
ਇੱਕ ਬਿਆਨ ਵਿੱਚ ਮੁੱਖ ਮੰਤਰੀ ਦਫ਼ਤਰ ਨੇ ਕਿਹਾ, "ਇੱਕ ਹੋਰ ਵੱਡੀ ਕਿਸਾਨ-ਪੱਖੀ ਪਹਿਲਕਦਮੀ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਮਿਲਕਫੈੱਡ ਪੰਜਾਬ (ਵੇਰਕਾ ਬ੍ਰਾਂਡ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀ ਖਰੀਦ ਕੀਮਤ ਵਿੱਚ ਵਾਧੇ ਦਾ ਐਲਾਨ ਕੀਤਾ ਹੈ।"
ਮੁੱਖ ਮੰਤਰੀ ਦਫ਼ਤਰ ਨੇ ਅੱਗੇ ਕਿਹਾ, "ਇਹ ਦਰਾਂ ਪਹਿਲੀ ਅਪ੍ਰੈਲ, 2026 ਤੋਂ ਲਾਗੂ ਹੋਣਗੀਆਂ। ਇਸ ਨਾਲ ਦੁੱਧ ਦੀ ਖਰੀਦ ਕੀਮਤ ਵਿੱਚ 10 ਤੋਂ 15 ਰੁਪਏ ਪ੍ਰਤੀ ਕਿਲੋਗ੍ਰਾਮ ਫੈਟ ਦਾ ਵਾਧਾ ਹੋਵੇਗਾ। ਇਸ ਫੈਸਲੇ ਦਾ ਉਦੇਸ਼ ਡੇਅਰੀ ਕਿਸਾਨਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣਾ, ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨਾ ਅਤੇ ਪੰਜਾਬ ਵਿੱਚ ਸਹਿਕਾਰੀ ਡੇਅਰੀ ਢਾਂਚੇ ਨੂੰ ਮਜ਼ਬੂਤ ਕਰਨਾ ਹੈ।"
ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਮਿਲਕਫੈੱਡ ਵੱਲੋਂ ਇਹ ਕਦਮ ਕਿਸਾਨਾਂ ਅਤੇ ਡੇਅਰੀ ਉਤਪਾਦਕਾਂ ਦੇ ਹਿੱਤਾਂ ਦੀ ਰਾਖੀ ਲਈ ਚੁੱਕਿਆ ਗਿਆ ਹੈ, ਜੋ ਪੰਜਾਬ ਦੀ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ।
ਮਿਲਕਫੈੱਡ ਪਰਿਵਾਰ ਦਾ ਹਿੱਸਾ ਬਣਨ ਵਾਲੇ ਲਗਪਗ 2.5 ਲੱਖ ਡੇਅਰੀ ਕਿਸਾਨਾਂ ਨੂੰ ਤੁਰੰਤ ਵਧੀਆਂ ਅਦਾਇਗੀਆਂ ਦਾ ਲਾਭ ਮਿਲੇਗਾ। ਇਸ ਕੀਮਤ ਵਾਧੇ ਨਾਲ ਡੇਅਰੀ ਕਿਸਾਨਾਂ ਦੀ ਆਰਥਿਕਤਾ ਵਿੱਚ ਸੁਧਾਰ ਹੋਵੇਗਾ ਅਤੇ ਪੰਜਾਬ ਦੇ ਲਗਪਗ 30 ਲੱਖ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ ਕਿਉਂਕਿ ਦੁੱਧ ਖਰੀਦਣ ਵਾਲੀਆਂ ਹੋਰ ਸਾਰੀਆਂ ਕੰਪਨੀਆਂ ਅਤੇ ਸੰਸਥਾਵਾਂ ਨੂੰ ਆਪਣੀਆਂ ਖਰੀਦ ਦਰਾਂ ਵਧਾਉਣੀਆਂ ਪੈਣਗੀਆਂ ਤਾਂ ਜੋ ਇਹ ਦਰਾਂ ਮਿਲਕਫੈੱਡ ਦੇ ਬਰਾਬਰ ਹੋ ਸਕਣ।
ਜ਼ਿਕਰਯੋਗ ਹੈ ਕਿ ਮਿਲਕਫੈੱਡ ਪੰਜਾਬ ਉੱਤਰੀ ਭਾਰਤ ਦਾ ਮੋਹਰੀ ਸਹਿਕਾਰੀ ਅਦਾਰਾ ਹੈ, ਜਿਸ ਦੀ ਪੈਕ ਕੀਤੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਵੱਡੀ ਹਿੱਸੇਦਾਰੀ ਹੈ। ਦੇਸ਼ ਦੇ ਇਸ ਹਿੱਸੇ ਵਿੱਚ ਉਦਯੋਗ ਵਿੱਚ ਮੋਹਰੀ ਹੋਣ ਦੇ ਨਾਤੇ ਮਿਲਕਫੈੱਡ ਦੁਆਰਾ ਦੁੱਧ ਦੀਆਂ ਖਰੀਦ ਕੀਮਤਾਂ ਵਿੱਚ ਵਾਧੇ ਦਾ ਵੱਡਾ ਪ੍ਰਭਾਵ ਪਵੇਗਾ ਅਤੇ ਪੰਜਾਬ ਦੀ ਪੇਂਡੂ ਆਰਥਿਕਤਾ ਵਿੱਚ ਪ੍ਰਤੀ ਮਹੀਨਾ 100 ਕਰੋੜ ਰੁਪਏ ਵਾਧੂ ਆਉਣਗੇ।

