ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਦੇ ਛੇ ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ
Chandigarh, 14 FEB,2025,(Azad Soch News):- ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਦਿੱਤੀ ਮਨਜ਼ੂਰੀ ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਅੱਜ ਉਨ੍ਹਾਂ ਦੇ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਸਹਿਮਤੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਤਿੰਨ ਲੱਖ ਮੁਲਾਜ਼ਮਾਂ ਅਤੇ ਤਿੰਨ ਲੱਖ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਇਕ ਜਨਵਰੀ, 2016 ਤੋਂ 30 ਜੂਨ, 2022 ਤੱਕ ਦੇ ਸਮੇਂ ਦੀ ਸੋਧੀ ਹੋਈ ਤਨਖਾਹ/ਪੈਨਸ਼ਨ ਤੇ ਲੀਵ ਇਨਕੈਸ਼ਮੈਂਟ ਦਾ ਬਕਾਇਆ ਅਤੇ ਇਕ ਜੁਲਾਈ, 2021 ਤੋਂ 31 ਮਾਰਚ, 2024 ਤੱਕ ਦੇ ਡੀ.ਏ./ਡੀ.ਆਰ. ਦਾ ਬਕਾਇਆ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਕਾਏ ਲਈ 14000 ਕਰੋੜ ਦੀ ਰਾਸ਼ੀ ਪੜਾਅਵਾਰ ਜਾਰੀ ਕੀਤੀ ਜਾਵੇਗੀ ਜਿਸ ਨਾਲ ਮੁਲਾਜ਼ਮਾਂ ਅਤੇ ਪੈਨਸ਼ਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੇਗੀ।