ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ; ਡੀ.ਈ.ਓ. ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
By Azad Soch
On
ਚੰਡੀਗੜ੍ਹ, 28 ਜੂਨ, 2025:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਦੇ ਮੁਤਾਬਕ ਮੁਲਜ਼ਮ ਕਲਰਕ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਸ਼ਿਕਾਇਤਕਰਤਾ ਅਧਿਆਪਕ ਤੋਂ ਡੀ.ਈ.ਓ. ਦਫ਼ਤਰ ਵਿੱਚ ਉਸਦੇ ਬਕਾਇਆ ਭੱਤੇ ਜਾਰੀ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਲਰਕ ਪਹਿਲਾਂ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਦੀ ਰਕਮ ਮੰਗ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਵਾਲੀ ਰਕਮ ਦੇ ਰੰਗੇ ਹੋਏ ਨੋਟ ਮੌਕੇ 'ਤੇ ਹੀ ਬਰਾਮਦ ਕਰ ਲਏ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ, ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰਾਂ ਜਾਂ ਅਧਿਕਾਰਤ ਚੈਨਲਾਂ ਰਾਹੀਂ ਦੇਣ ਦੀ ਅਪੀਲ ਕੀਤੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖਣ ਦਾ ਭਰੋਸਾ ਦਿੱਤਾ ਹੈ।
Tags:
Related Posts
Latest News
13 Dec 2025 18:38:46
ਚੰਡੀਗੜ੍ਹ, 13 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ...


