ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਪੀ.ਐਸ.ਪੀ.ਸੀ.ਐਲ. ਦਾ ਐਸ.ਡੀ.ਓ. 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
By Azad Soch
On
ਚੰਡੀਗੜ੍ਹ 27 ਮਈ, 2025 –
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਪੇਧਨ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾਵਾਂ ਦੇ ਨਾਮ 'ਤੇ ਦੋ ਟਿਊਬਵੈੱਲ ਕੁਨੈਕਸ਼ਨ ਤਬਦੀਲ ਕਰਨ ਬਦਲੇ 70,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ।
ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ, ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਉੱਡਣ ਦਸਤਾ, ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਜਦੋਂ ਮੁਲਜ਼ਮ ਆਪਣੀ ਨਿੱਜੀ ਬ੍ਰੀਜ਼ਾ ਕਾਰ ਵਿੱਚ ਪਹੁੰਚਿਆ ਤਾਂ ਉਸ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ।
ਗ੍ਰਿਫ਼ਤਾਰੀ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਕੋਲੋਂ ਸ਼ਿਕਾਇਤਕਰਤਾਵਾਂ ਦੇ ਨਾਮ 'ਤੇ ਪਹਿਲਾਂ ਹੀ ਤਬਦੀਲ ਕੀਤੇ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦੋ ਪਾਸਬੁੱਕਾਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
Related Posts
Latest News
13 Dec 2025 20:45:11
*ਚੰਡੀਗੜ੍ਹ, 13 ਦਸੰਬਰ:*ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ...


