ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ
ਸ੍ਰੀ ਮੁਕਤਸਰ ਸਾਹਿਬ, 15 ਅਗਸਤ:
ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਅਭਿਜੀਤ ਕਪਲਿਸ਼ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।
79ਵੇਂ ਆਜ਼ਾਦੀ ਦਿਵਸ ਸਮਾਗਮ ਮੌਕੇ ਆਪਣੇ ਸੰਬੋਧਨ ਵਿੱਚ ਸ੍ਰੀ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਦੇ ਚਾਲੀ ਮੁਕਤਿਆਂ ਸਮੇਤ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਸੁਤੰਤਰਤਾ ਸੰਗਰਾਮ ਦੀ ਗਾਥਾ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ।
ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਦੇਸ਼ ਦੀ ਰੱਖਿਆ ਦੇ ਨਾਲ-ਨਾਲ ਅਸੀਂ ਭਾਰਤ ਵਾਸੀ ਹਰ ਖੇਤਰ ਵਿੱਚ ਮੋਹਰੀ ਰੋਲ ਅਦਾ ਕਰ ਰਹੇ ਹਾਂ। ਇਹ ਸਾਡੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਰਾਕੇਸ਼ ਸ਼ਰਮਾ ਤੋਂ ਬਾਅਦ ਕੈਪਟਨ ਸ਼ੁਭਾਂਸ਼ੂ ਸ਼ੁਕਲਾ ਪੁਲਾੜ ਦੀ ਯਾਤਰਾ ਕਰਨ ਵਾਲੇ ਦੂਸਰੇ ਭਾਰਤੀ ਬਣ ਗਏ ਹਨ। ਹਲਾਂਕਿ ਅੰਤਰ-ਰਾਸ਼ਟਰੀ ਪੁਲਾੜ ਸਟੇਸ਼ਨ ਵਿੱਚ ਜਾਣ ਵਾਲੇ ਉਹ ਪਹਿਲੇ ਭਾਰਤੀ ਹਨ। ਕੈਪਟਨ ਸ਼ੁਭਾਂਸ਼ੂ ਸ਼ੁਕਲਾ ਐਕਸੀਕੌਮ-4 ਮਿਸ਼ਨ ਦਾ ਹਿੱਸਾ ਸਨ। ਇਹ ਸਾਡੇ ਦੇਸ਼ ਲਈ ਅਹਿਮ ਪ੍ਰਾਪਤੀ ਹੈ ਕਿਉਂਕਿ ਭਾਰਤ 2026 ਵਿੱਚ ਗਗਨਯਾਨ ਪ੍ਰੋਗਰਾਮ ਜ਼ਰੀਏ ਪੁਲਾੜ ਵਿੱਚ ਮਨੁੱਖੀ ਮਿਸ਼ਨ ਭੇਜਣ ਦਾ ਆਪਣਾ ਪ੍ਰੋਗਰਾਮ ਬਣਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਤਰੱਕੀ ਦੀਆਂ ਨਵੀਂਆਂ ਲੀਹਾਂ ’ਤੇ ਲੈ ਕੇ ਜਾਣ ਲਈ ਸਾਰੇ ਦੇਸ਼ ਵਾਸੀਆਂ ਨੇ ਰਲ-ਮਿਲ ਕੇ ਯੋਗਦਾਨ ਪਾਇਆ ਹੈ। ਖੇਤੀਬਾੜੀ ਸਾਡੇ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਵੀ ਕਿਸਾਨੀ ਦਾ ਚੰਗਾ ਆਧਾਰ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਸਾਲ 2022 ਵਿੱਚ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ 38,647 ਏਕੜ ਰਕਬੇ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ, ਜੋ ਕਿ ਇਸ ਸਾਲ ਵਧ ਕੇ 82,320 ਏਕੜ ਤੱਕ ਪਹੁੰਚ ਚੁੱਕੀ ਹੈ। ਇਹ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਟਿਕਾਊ ਖੇਤੀ ਵੱਲ ਵਧ ਰਹੇ ਹਨ। ਪਰਾਲੀ ਸਾੜਨ ਦੀ ਸਮੱਸਿਆ ਦੀ ਮੁਕੰਮਲ ਰੋਕਥਾਮ ਲਈ ਕਿਸਾਨਾਂ ਨੂੰ ਸਬਸਿਡੀ ’ਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਜ ਦੇ ਦਿਨ ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਦੇਸ਼ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਹਰ ਕੁਰਬਾਨੀ ਲਈ ਤਿਆਰ ਰਹੀਏ ਜੋ ਸਾਡੇ ਪੁਰਖਿਆਂ ਨੇ ਆਪਣੀਆਂ ਮਹਾਨ ਕੁਰਬਾਨੀਆਂ ਨਾਲ ਪ੍ਰਾਪਤ ਕੀਤੀ ਹੈ।
ਇਸ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ. ਅਵਤਾਰ ਸਿੰਘ ਰਾਜਪਾਲ ਦੀ ਅਗਵਾਈ ਵਿੱਚ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਦੀਆਂ ਟੁਕੜੀਆਂ ਵਿੱਚ ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ, ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ, ਦਸਮੇਸ਼ ਗਰਲਜ਼ ਪਬਲਿਕ ਸਕੂਲ ਬਾਦਲ ਅਤੇ ਸਕੂਲਾਂ ਦੀਆਂ ਟੁਕੜੀਆਂ ਵਿੱਚ ਡੀ.ਵੀ.ਐੱਮ. ਪਬਲਿਕ ਸਕੂਲ (ਲੜਕੀਆਂ) ਉਦੇਕਰਨ, ਸ.ਸ.ਸ. ਸਕੂਲ (ਲੜਕੇ), ਸ੍ਰੀ ਮੁਕਤਸਰ ਸਾਹਿਬ, ਲਿਟਲ ਫਲਾਵਰ ਕਾਨਵੈਂਟ ਸਕੂਲ, ਸ੍ਰੀ ਮੁਕਤਸਰ ਸਾਹਿਬ, ਅਕਾਲ ਅਕੈਡਮੀ, ਸ੍ਰੀ ਮੁਕਤਸਰ ਸਾਹਿਬ, ਡੀ.ਵੀ.ਐੱਮ. ਪਬਲਿਕ ਸਕੂਲ (ਲੜਕੇ) ਉਦੇਕਰਨ, ਸ.ਸ.ਸ. ਸਕੂਲ ਸਰਾਏਨਾਗਾ ਅਤੇ ਸੰਤ ਬਾਬਾ ਗੁਰਮੁਖ ਸਿੰਘ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਦੀਆਂ ਟੁਕੜੀਆਂ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਮਾਰਚ ਪਾਸਟ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੇ ਬੈਂਡ ਵੱਲੋਂ ਰਾਸ਼ਟਰੀ ਧੁੰਨ ਵਜਾਈ ਗਈ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ, ਖੇਡ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਵੱਖ-ਵੱਖ ਸਮਾਜਸੇਵੀ ਸੰਸਥਾਵਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਵਧੀਆ ਸੇਵਾਵਾਂ ਨਿਭਾ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਪਾਲਪ੍ਰੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਡਾ. ਅਖਿਲ ਚੌਧਰੀ, ਸਹਾਇਕ ਕਮਿਸ਼ਨਰ (ਜ) ਸ਼ਿਵਾਂਸ ਅਸਥਾਨਾ, ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਪ੍ਰੀਤ ਸਿੰਘ ਥਿੰਦ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਦਿੰਰ ਸਿੰਘ ਢਿੱਲੋਂ, ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਬਲਜੀਤ ਕੌਰ, ਐਸ.ਪੀ. (ਡੀ) ਮਨਮੀਤ ਸਿੰਘ ਢਿੱਲੋਂ, ਚੇਅਰਮੈਨ ਮਾਰਕਿਟ ਕਮੇਟੀ ਮਲੋਟ ਜਸ਼ਨ ਬਰਾੜ, ਚੇਅਰਮੈਨ ਸਹਿਕਾਰੀ ਸੁਸਾਇਟੀ ਜਗਦੇਵ ਸਿੰਘ ਬਾਂਮ, ਕਾਰਜ ਸਾਧਕ ਅਫ਼ਸਰ ਵਰੁਨ ਸਹੋਤਾ, ਤਹਿਸੀਲਦਾਰ ਗੁਰਪ੍ਰੀਤ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ ਮਾਨ, ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੌਂਗਾ, ਸਿਵਲ ਸਰਜਨ ਡਾ. ਜਗਦੀਪ ਚਾਵਲਾ, ਇਕਬਾਲ ਸਿੰਘ ਵੜਿੰਗ ਪ੍ਰਧਾਨ ਕੱਚਾ ਆੜਤੀਆ ਐਸੋਸੀਏਸ਼ਨ, ਸੁਰਜੀਤ ਸਿੰਘ ਸੰਧੂ ਚੇਅਰਮੈਨ ਮਾਰਕਿਟ ਕਮੇਟੀ, ਰਜਿੰਦਰ ਸਿੰਘ ਬਰਾੜ ਚੇਅਰਮੈਨ ਬਰੀਵਾਲਾ ਮਾਰਕਿਟ ਕਮੇਟੀ, ਸੁਖਜਿੰਦਰ ਸਿੰਘ ਬਬਲੂ ਬਰਾੜ ਪ੍ਰਧਾਨ ਟਰੱਕ ਯੂਨੀਅਨ, ਜਸਵੰਤ ਸਿੰਘ ਸੰਧੂ ਸੰਗਠਨ ਇੰਚਾਰਜ, ਹਰਦੀਪ ਸਿੰਘ ਸੱਕਾਂਵਾਲੀ ਚੇਅਰਮੈਨ, ਐਡਵੋਕੇਟ ਇਕਬਾਲ ਸਿੰਘ ਮਾਨ, ਸਰਬਜੀਤ ਸਿੰਘ ਹੈਪੀ ਭੁੱਲਰ ਯੂਥ ਆਗੂ ਅਤੇ ਅਰਸ਼ ਬਰਾੜ ਜੁਇੰਟ ਸੈਕਟਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।c


