ਡਿਪਟੀ ਕਮਿਸ਼ਨਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਸਿਹਤ ਅਧਿਕਾਰੀਆਂ ਨਾਲ ਮੀਟਿੰਗ
ਫਰੀਦਕੋਟ 24 ਦਸੰਬਰ () ਜਨਵਰੀ 2026 ਤੋਂ ਸ਼ੁਰੂ ਹੋਣ ਵਾਲੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅੱਜ ਸਿਵਲ ਪ੍ਰਸ਼ਾਸ਼ਨ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਸਮੇਂ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਨਵਰੀ 2026 ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ੍ਹਾ ਪੱਧਰ ਤੇ ਇਸ ਸਬੰਧੀ ਕਾਰਡ ਸਿਵਲ ਹਸਪਤਾਲ ਵਿੱਚ ਬਣਾਏ ਜਾਣ ਅਤੇ ਪਿੰਡ ਪੱਧਰ ਤੇ ਸੀ.ਐਚ.ਸੀ ਵਿੱਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਲਾਭਪਾਤਰੀਆਂ ਦੇ ਕਾਰਡ ਬਣਾਏ ਜਾਣ ਤਾਂ ਜੋ ਕੋਈ ਵੀ ਇਸ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਦਾ 10 ਲੱਖ ਰੁਪਏ ਸਾਲਾਨਾ ਤੱਕ ਦਾ ਇਲਾਜ ਮੁਫਤ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਾਰੇ ਸਰਕਾਰੀ ਕਰਮਚਾਰੀਆਂ ਸਮੇਤ ਹਰ ਵਰਗ ਦੇ ਲੋਕ ਇਸ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਵੋਟਰ ਕਾਰਡ ਅਤੇ ਆਧਾਰ ਕਾਰਡ ਹੋਲਡਰਾਂ ਨੂੰ ਮਿਲੇਗੀ।
ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਪੰਜਾਬ ਦਾ ਕੋਈ ਵੀ ਵਸਨੀਕ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਦਿਖਾ ਕੇ ਇਹ ਸਿਹਤ ਕਾਰਡ ਤਿਆਰ ਕਰਵਾ ਸਕਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਮਲਹੋਤਰਾ, ਜੀ.ਏ. ਸ. ਗੁਰਕਿਰਨਦੀਪ ਸਿੰਘ, ਡੀ.ਆਰ.ਓ ਮੈਡਮ ਲਵਪ੍ਰੀਤ ਕੌਰ, ਡਾ. ਵਿਸ਼ਵਦੀਪ ਗੋਇਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


