ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੰਮਾਂ ਦਾ ਜਾਇਜ਼ਾ
-ਘੱਗਰ, ਟਾਂਗਰੀ, ਵੱਡੀ ਤੇ ਛੋਟੀ ਨਦੀ ਸਮੇਤ ਸਾਰੀਆਂ ਨਹਿਰਾਂ, ਨਦੀਆਂ ਤੇ ਨਾਲਿਆਂ ਦੇ ਹੜ੍ਹ ਰੋਕੂ ਪ੍ਰਬੰਧਾਂ 'ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ-ਵਿਨੈ ਬੁਬਲਾਨੀ
-ਸਾਰੇ ਐਸ.ਡੀ.ਐਮਜ ਆਪਣੀਆਂ ਸਬ ਡਵੀਜਨਾਂ 'ਚ ਸੰਭਾਵਤ ਹੜ੍ਹ ਪ੍ਰਭਾਵਤ ਥਾਵਾਂ ਦਾ ਦੌਰਾ ਕਰਨਗੇ
-ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਨੂੰ ਸੀਵਰੇਜ ਤੇ ਨਿਕਾਸੀ ਨਾਲਿਆਂ ਦੀ ਡੀਸਿਲਟਿੰਗ ਕਰਕੇ ਰਿਪੋਰਟ ਦੇਣ ਲਈ ਕਿਹਾ
-ਕਿਹਾ, ਪਿਛਲੇ ਸਾਲਾਂ 'ਚ ਹੜ੍ਹ ਦਾ ਪਾਣੀ ਆਉਣ ਵਾਲੀਆਂ ਥਾਂਵਾਂ ਦਾ ਖਾਸ ਧਿਆਨ ਰੱਖਿਆ ਜਾਵੇ
ਪਟਿਆਲਾ, 20 ਜੂਨ,2025:- ਪਟਿਆਲਾ ਡਵੀਜਨ ਦੇ ਡਵੀਜਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਜ਼ਿਲ੍ਹੇ ਅੰਦਰ ਹੜ੍ਹਾਂ ਤੋਂ ਬਚਾਅ ਲਈ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਏ.ਡੀ.ਸੀ. (ਜ) ਇਸ਼ਾ ਸਿੰਗਲ, ਜਲ ਨਿਕਾਸ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਨਾਲ ਬੈਠਕ ਕਰਕੇ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ ਤੇ ਤਹਿਸੀਲਦਾਰ ਆਪਣੇ ਹਲਕਿਆਂ ਦੇ ਸਬੰਧਤ ਵਿਧਾਇਕ ਤੇ ਮੰਤਰੀ ਸਾਹਿਬਾਨ ਤੇ ਹੋਰ ਚੁਣੇ ਨੁਮਾਇੰਦਿਆਂ ਨਾਲ ਤਾਲਮੇਲ ਕਰਕੇ ਹੜ੍ਹ ਸੰਭਾਵਤ ਇਲਾਕਿਆਂ ਦਾ ਦੌਰਾ ਕਰਕੇ ਰਿਪੋਰਟ ਦੇਣਗੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਜਿੱਥੇ ਹੜ੍ਹ ਦਾ ਪਾਣੀ ਆਇਆ ਸੀ, ਉਨ੍ਹਾਂ ਥਾਂਵਾਂ ਦਾ ਖਾਸ ਧਿਆਨ ਰੱਖਿਆ ਜਾਵੇ।
ਡਵੀਜਨਲ ਕਮਿਸ਼ਨਰ ਨੇ ਡਰੇਨੇਜ ਵਿਭਾਗ ਨੂੰ ਹਦਾਇਤ ਕੀਤੀ ਕਿ ਘੱਗਰ, ਟਾਂਗਰੀ, ਛੋਟੀ ਤੇ ਵੱਡੀ ਨਦੀਆਂ ਸਮੇਤ ਹੋਰ ਨਹਿਰਾਂ, ਨਦੀਆਂ ਤੇ ਨਾਲਿਆਂ ਦੀ ਸਫ਼ਾਈ ਸਮੇਤ ਹੜ੍ਹ ਰੋਕੂ ਪ੍ਰਬੰਧਾਂ 'ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਮੌਨਸੂਨ ਦੇ ਮੱਦੇਨਜ਼ਰ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਹ ਖ਼ੁਦ ਆਪਣੀ ਡਵੀਜਨ ਦੇ ਸਾਰੇ ਜ਼ਿਲ੍ਹਿਆਂ, ਪਟਿਆਲਾ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਬਰਨਾਲਾ ਤੇ ਮਾਲੇਰਕੋਟਲਾ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਜਲਦੀ ਹੀ ਸਾਰੇ ਹੜ੍ਹ ਸੰਭਾਵਤ ਖੇਤਰਾਂ ਦਾ ਦੌਰਾ ਕਰਕੇ ਜਮੀਨੀ ਹਕੀਕਤਾਂ ਦਾ ਵੀ ਜਾਇਜ਼ਾ ਲੈਣਗੇ।
ਵਿਨੈ ਬੁਬਲਾਨੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮਾਨਸੂਨ ਦੌਰਾਨ ਨਦੀਆਂ ਤੇ ਨਾਲਿਆਂ ਦੇ ਕੈਚਮੈਂਟ ਇਲਾਕੇ ਵਿੱਚ ਭਾਰੀ ਮੀਂਹ ਦੀ ਸੰਭਾਵਨਾਂ ਦੇ ਮੱਦੇਨਜ਼ਰ ਸੰਵੇਨਸ਼ੀਲ ਇਲਾਕਿਆਂ 'ਚ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਆਪਣੇ ਸ਼ਹਿਰਾਂ 'ਚ ਸੀਵਰੇਜ ਤੇ ਨਿਕਾਸੀ ਨਾਲਿਆਂ ਦੀ ਸਫ਼ਾਈ ਕਰਵਾਕੇ ਰਿਪੋਰਟ ਸੌਂਪਣ। ਇਸ ਤੋਂ ਬਿਨ੍ਹਾਂ ਨਹਿਰੀ ਵਿਭਾਗ ਆਪਣੀਆਂ ਨਹਿਰਾਂ ਨੂੰ ਟੁੱਟਣ ਤੋਂ ਬਚਾਉਣ ਲਈ ਅਗੇਤੇ ਪ੍ਰਬੰਧ ਪੁਖ਼ਤਾ ਕਰਨਾ ਵੀ ਯਕੀਨੀ ਬਣਾਉਣ।
ਵਿਨੈ ਬੁਬਲਾਨੀ ਨੇ ਜਲ ਨਿਕਾਸ, ਸਿੰਚਾਈ, ਲੋਕ ਨਿਰਮਾਣ, ਮੰਡੀ ਬੋਰਡ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਥਾਨਕ ਸਰਕਾਰਾਂ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਕਮਿਉਨੀਕੇਸ਼ਨ ਪਲਾਨ ਤੇ ਹੜ੍ਹਾਂ ਤੋਂ ਬਚਾਅ ਲਈ ਯੋਜਨਾ ਸਮੇਤ ਭਾਰਤੀ ਫ਼ੌਜ, ਐਨ.ਡੀ.ਆਰ.ਐਫ, ਪੁਲਿਸ ਤੇ ਹੋਰ ਵਿਭਾਗਾਂ ਦੀ ਆਫ਼ਤ ਪ੍ਰਬੰਧਨ ਯੋਜਨਾ 'ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਡਰੇਨੇਜ ਵਿਭਾਗ ਨੂੰ ਨਦੀਆਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਅਤੇ ਖਾਸ ਕਰਕੇ ਜਿੱਥੇ ਪਹਿਲ੍ਹਾਂ ਟੁੱਟੇ ਬੰਨ੍ਹਾਂ ਦੀ ਮੁੜ ਤੋਂ ਨਜ਼ਰਸਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ।
ਇਸ ਮੌਕੇ ਏ.ਡੀ.ਸੀ. ਇਸ਼ਾ ਸਿੰਗਲ ਨੇ ਉਨ੍ਹਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਹੜ੍ਹ ਕੰਟਰੋਲ ਰੂਮ 0175-2350550 ਕਾਰਜਸ਼ੀਲ ਹੈ। ਪ੍ਰਥਮ ਗੰਭੀਰ ਨੇ ਦੱਸਿਆ ਕਿ ਡਰੇਨੇਜ ਵਿਭਾਗ ਨੇ ਘੱਗਰ ਸਮੇਤ ਛੋਟੀ ਤੇ ਵੱਡੀ ਨਦੀ ਦੀ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ ਅਤੇ ਲੋੜ ਮੁਤਾਬਕ ਬੰਨ੍ਹਾਂ ਨੂੰ ਵੀ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਡੀ.ਆਰ.ਓ. ਨਵਦੀਪ ਸਿੰਘ ਨੇ ਕਿਹਾ ਕਿ ਡਵੀਜਨ ਕਮਿਸ਼ਨਰ ਦੇ ਹੁਕਮਾਂ ਮੁਤਾਬਕ ਸਮੂਹ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਜਾਣਗੇ।