ਵਿਧਾਇਕਾਂ ਦੀ ਅਗਵਾਈ ਹੇਠ “ਨਸ਼ਾ ਮੁਕਤੀ ਯਾਤਰਾਵਾਂ” ਦੌਰਾਨ ਲੋਕਾਂ ਨੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਿਆ ਸੰਕਲਪ
ਤਰਨ ਤਾਰਨ, 19 ਮਈ :
ਰਾਜ ‘ਚੋ ਨਸ਼ਿਆਂ ਦੇ ਮੁਕਮੰਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ “ਨਸ਼ਾ ਮੁਕਤੀ ਯਾਤਰਾਵਾਂ” ਕੱਢੀਆਂ ਗਈਆਂ, ਜਿੰਨ੍ਹਾਂ ਵਿੱਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰ ਵਿਅਕਤੀਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਭਾਗ ਲਿਆ।
ਇਸ ਦੌਰਾਨ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਦੀ ਅਗਵਾਈ ਹੇਠ ਪਿੰਡ ਭੁੱਚਰ ਖੁਰਦ, ਭੁੱਚਰ ਕਲਾਂ ਅਤੇ ਪਿੰਡ ਬੁਰਜ 169 ਵਿਖੇ ‘ਨਸ਼ਾ ਮੁਕਤੀ ਯਾਤਰਾ’ ਕੱਢੀ ਗਈ।ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਸੰਕਲਪ ਕਰਨ ਕਿ ਉਹ ਨਸ਼ਾ ਤਸਕਰਾਂ ਦੀ ਕਿਸੇ ਵੀ ਤਰੀਕੇ ਨਾਲ ਮੱਦਦ ਨਹੀਂ ਕਰਨਗੇ ਤਾਂ ਜੋ ਅਸੀ ਆਪਣੇ ਬੱਚਿਆਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਸਕੀਏ।ਉਨ੍ਹਾਂ ਕਿਹਾ ਕਿ ਸਰਕਾਰੀ ਉਪਰਾਲਿਆਂ ਨਾਲ ਨਾਲ ਸਮੂਹ ਸਮਾਜ ਦੀ ਭਾਗੀਦਾਰੀ ਵੀ ਬੇਹੱਦ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਮਾਜ ਦੀ ਧਾਰਾ ਵਿੱਚ ਮੁੜ ਜੁੜ ਸਕਣ।ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਨ ਲਈ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਦਿਆਂ ਖੇਡਾਂ ਖੇਡਣ ਵੱਲ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਹਲਕਾ ਵਿਧਾਇਕ ਖੇਮਕਰਨ ਸ੍ਰ. ਸਰਵਨ ਸਿੰਘ ਧੁੰਨ ਵੱਲੋਂ ਪਿੰਡ ਤਲਵੰਡੀ ਸੋਭਾ ਸਿੰਘ, ਤਲਵੰਡੀ ਮੁਤਸੱਦਾ ਸਿੰਘ ਅਤੇ ਤਲਵੰਡੀ ਬੁੱਧ ਸਿੰਘ ਵਿਖੇ ‘ਨਸ਼ਾ ਮੁਕਤੀ ਯਾਤਰਾ’ ਦੀ ਅਗਵਾਈ ਕਰਦਿਆਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।ਇਸ ਮੌਕੇ ਉਹਨਾਂ ਕਿਹਾ ਨਸ਼ਾ ਮੁਕਤੀ ਯਾਤਰਾ ਹੁਣ ਇੱਕ ਜਨ ਅੰਦੋਲਨ ਬਣ ਚੁੱਕੀ ਹੈ, ਜੋ ਕਿ ਪੰਜਾਬ ਦੇ ਭਵਿੱਖ ਦੀ ਲੜਾਈ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਦਾ ਸੰਕਲਪ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਨਸ਼ਿਆਂ ਵਿਰੁੱਧ ਚੱਲ ਰਹੀ ਇਸ ਮੁਹਿੰਮ ਵਿੱਚ ਪਿੰਡ ਵਾਸੀਆਂ ਦਾ ਸਾਥ ਬਹੁਤ ਜ਼ਰੂਰੀ ਹੈ ਤਾਂ ਜੋ ਹਰ ਇੱਕ ਪਿੰਡ ਵਿੱਚ ਨਸ਼ਾ ਖਤਮ ਹੋ ਸਕੇ ਅਤੇ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਨਸ਼ਾ ਮੁਕਤ ਪੰਜਾਬ ਦਾ ਸੰਕਲਪ ਵੀ ਲਿਆ ਗਿਆ।
ਇਸ ਤੋਂ ਇਲਾਵਾ ਹਲਕਾ ਵਿਧਾਇਕ ਖਡੂਰ ਸਾਹਿਬ ਸ੍ਰੀ ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਮਿਆਣੀ, ਥੇਹ ਬ੍ਰਾਹਮਣਾ ਅਤੇ ਕਮਾਲਪੁਰ ਵਿਖੇ “ਨਸ਼ਾ ਮੁਕਤੀ ਯਾਤਰਾ” ਵਿੱਚ ਸ਼ਾਮਲ ਹੋਣ ਉਪਰੰਤ ਲੋਕਾਂ ਨੂੰ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੁਨੇਹਾ ਦਿੱਤਾ।ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪੰਜਾਬ ਵਿੱਚ “ਨਸ਼ਾ ਮੁਕਤੀ ਯਾਤਰਾ” ਦੀ ਇਤਿਹਾਸਕ ਸ਼ੁ਼ੁਰੂਆਤ ਕੀਤੀ ਹੈ।ਇਸ ਤਹਿਤ ਪਿੰਡ-ਪਿੰਡ ਜਾ ਕੇ ਜਾਗਰੂਕਤਾ ਦਾ ਸੰਦੇਸ਼ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਇਹ ਇੱਕ ਸਮਾਜਿਕ ਸੰਕਲਪ ਹੈ।ਉਹਨਾਂ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਨਸ਼ਿਆਂ ਵਿਰੁੱਧ ਯੁੱਧ ਵਿੱਚ ਸਾਥ ਦੇਣ।
ਇਸ ਮੌਕੇ ਹਾਜ਼ਰੀਨ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ, ਜਿਸ ਤਹਿਤ ਇਹ ਸੰਕਲਪ ਲਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਲੜਾਈ ਹੁਣ ਪਿੰਡ-ਪਿੰਡ ਤੋਂ ਸ਼ੁਰੂ ਹੋ ਚੁੱਕੀ ਹੈ। ਹਰ ਨਾਗਰਿਕ ਆਪਣੇ ਪਿੰਡ ਦਾ ਪਹਿਰੇਦਾਰ ਬਣੇਗਾ ਅਤੇ ਨਸ਼ਿਆਂ ਨੂੰ ਪਿੰਡ ਵਿੱਚ ਵੜਨ ਨਹੀਂ ਦੇਵੇਗਾ। ਹੁਣ ਨਾ ਕੋਈ ਨਸ਼ਾ ਵਿਕੇਗਾ, ਨਾ ਕੋਈ ਤਸਕਰ ਪਿੰਡ ਵਿੱਚ ਵੜੇਗਾ।
ਇਸ ਮੌਕੇ ਇਹ ਵੀ ਅਹਿਦ ਲਿਆ ਗਿਆ ਕਿ ਜੋ ਨਸ਼ਿਆਂ ਦੇ ਸ਼ਿਕਾਰ ਹਨ, ਉਨ੍ਹਾਂ ਨੂੰ ਸਮਾਜ ਤੋਂ ਬਾਹਰ ਨਹੀਂ ਕੀਤਾ ਜਾਵੇਗਾ, ਸਗੋਂ ਉਨ੍ਹਾਂ ਨੂੰ ਸਹੀ ਰਾਹ ਵਿਖਾ ਕੇ, ਪੁਨਰਵਾਸ ਲਈ ਉਪਰਾਲੇ ਕੀਤੇ ਜਾਣਗੇ। ਨਸ਼ਾ ਤਸਕਰਾਂ ਨੂੰ ਕਿਸੇ ਤਰ੍ਹਾਂ ਦੀ ਸਰਪ੍ਰਸਤੀ ਨਹੀਂ ਮਿਲੇਗੀ।


