ਯੋਗ ਵੋਟਰ ਆਪਣੇ ਬੀ.ਐੱਲ.ਓ. ਨਾਲ ਸਿੱਧਾ ਸੰਪਰਕ ਕਰਨ ਲਈ ECINET ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ
ਮਾਲੇਰਕੋਟਲਾ, 28 ਜੂਨ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ‘ਵਿਸ਼ੇਸ਼ ਗਹਿਰੀ ਸੁਧਾਈ (Special Intensive Revision-SIR)-2026’ ਤਹਿਤ ਪੰਜਾਬ ਭਰ ਵਿੱਚ “ਹਾਊਸ-ਟੂ-ਹਾਊਸ ਐਨਿਊਮਰੇਸ਼ਨ” ਦਾ ਕੰਮ 25 ਜੂਨ ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਮੁਹਿੰਮ ਤਹਿਤ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਘਰ-ਘਰ ਜਾ ਕੇ ਯੋਗ ਵੋਟਰਾਂ ਨੂੰ ਗਣਨਾ ਫਾਰਮ ਮੁਹੱਈਆ ਕਰਵਾ ਰਹੇ ਹਨ ਅਤੇ ਉਨ੍ਹਾਂ ਨੂੰ ਫਾਰਮ ਭਰਨ ਸਬੰਧੀ ਲੋੜੀਂਦੀ ਸਹਾਇਤਾ ਵੀ ਪ੍ਰਦਾਨ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਨਾਗਰਿਕਾਂ ਦੀ ਸਹੂਲਤ ਲਈ “ ECINET ਮੋਬਾਈਲ ਐਪ” ਵੀ ਉਪਲਬਧ ਕਰਵਾਈ ਗਈ ਹੈ। ਇਸ ਐਪ ਰਾਹੀਂ ਵੋਟਰ "Book a Call with your BLO" ਸਹੂਲਤ ਦੀ ਵਰਤੋਂ ਕਰਕੇ ਆਪਣੇ ਬੂਥ ਲੈਵਲ ਅਫ਼ਸਰ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਅਤੇ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਨਾਲ ਸਬੰਧਤ ਜਾਣਕਾਰੀ ਅਤੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ “ ECINET ਐਪ” ਐਨਡਰਾਇਡ ਅਤੇ ਆਈ.ਓ.ਐੱਸ. ਦੋਵਾਂ ਪਲੇਟਫਾਰਮਾਂ 'ਤੇ ਉਪਲਬਧ ਹੈ। ਵੋਟਰ ਪੋਸਟਰਾਂ 'ਤੇ ਦਿੱਤੇ ਗਏ *QR ਕੋਡ* ਨੂੰ ਸਕੈਨ ਕਰਕੇ ਵੀ ਐਪ ਡਾਊਨਲੋਡ ਕਰ ਸਕਦੇ ਹਨ।
ਵਿਰਾਜ ਐਸ. ਤਿੜਕੇ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ, ਆਪਣੇ ਖੇਤਰ ਦੇ ਬੀ.ਐੱਲ.ਓ. ਨਾਲ ਪੂਰਾ ਸਹਿਯੋਗ ਕਰਨ ਅਤੇ ਜੇਕਰ ਕਿਸੇ ਕਾਰਨ ਬੀ.ਐੱਲ.ਓ. ਨਾਲ ਸੰਪਰਕ ਨਾ ਹੋ ਸਕੇ ਤਾਂ “ ECINET ਮੋਬਾਈਲ ਐਪ” ਰਾਹੀਂ "Book a Call with your BLO" ਸਹੂਲਤ ਦਾ ਲਾਭ ਉਠਾਉਣ।
ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦਾ ਸਹੀ, ਪਾਰਦਰਸ਼ੀ ਅਤੇ ਅੱਪਡੇਟ ਹੋਣਾ ਮਜ਼ਬੂਤ ਲੋਕਤੰਤਰ ਦੀ ਬੁਨਿਆਦ ਹੈ। ਇਸ ਲਈ ਹਰ ਯੋਗ ਨਾਗਰਿਕ ਨੂੰ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਵਾਉਣ ਅਤੇ ਗਣਨਾ ਫਾਰਮ ਸਮੇਂ ਸਿਰ ਭਰਨ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ, ਤਾਂ ਜੋ ਕੋਈ ਵੀ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।

