ਚੰਗੀ ਸਿੱਖਿਆ ਦੇਸ਼ ਦੀ ਤਕਦੀਰ ਬਦਲ ਸਕਦੀ ਹੈ ਪਰ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਜਾਣਬੁੱਝ ਕੇ ਅਨਪੜ੍ਹ ਰੱਖਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਗੀ ਸਿੱਖਿਆ ਦੇਸ਼ ਦੀ ਤਕਦੀਰ ਬਦਲ ਸਕਦੀ ਹੈ ਪਰ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਜਾਣਬੁੱਝ ਕੇ ਅਨਪੜ੍ਹ ਰੱਖਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 

*ਪਿਛਲੀਆਂ ਸਰਕਾਰਾਂ ਨੇ ਵਜ਼ੀਫਾ ਘੁਟਾਲਾ ਕੀਤਾ ਅਤੇ ਵਜ਼ੀਫਾ ਰਾਸ਼ੀ ਜਾਰੀ ਨਹੀਂ ਕੀਤੀ ਜਿਸ ਨਾਲ ਵਿਦਿਆਰਥੀ ਪ੍ਰੀਖਿਆਵਾਂ ਵਿੱਚ ਨਾ ਬੈਠ ਸਕੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 

*ਸਾਲ 2020-21 ਦੇ ਮੁਕਾਬਲੇ ਵਜ਼ੀਫੇ ਦੇ ਲਾਭਪਾਤਰੀਆਂ ਦੀ ਗਿਣਤੀ ਵਿੱਚ 35 ਫੀਸਦੀ ਵਾਧਾ ਹੋਇਆ ਜਿਸ ਤੋਂ ਸਾਡੇ ਸਿੱਖਿਆ ਢਾਂਚੇ ਵਿੱਚ ਇਨਕਲਾਬੀ ਸੁਧਾਰਾਂ ਦਾ ਪਤਾ ਲਗਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 

*ਚੰਗੀ ਸਿੱਖਿਆ ਦੇਸ਼ ਦੀ ਤਕਦੀਰ ਬਦਲ ਸਕਦੀ ਹੈ ਪਰ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਜਾਣਬੁੱਝ ਕੇ ਅਨਪੜ੍ਹ ਰੱਖਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

 

*ਭਗਵੰਤ ਸਿੰਘ ਮਾਨ ਸਰਕਾਰ ਨੇ ਮਿਸ਼ਨ ‘ਰੰਗਲਾ ਪੰਜਾਬ’ ਤਹਿਤ 2.7 ਲੱਖ ਦਲਿਤ ਵਿਦਿਆਰਥੀਆਂ ਨੂੰ 271 ਕਰੋੜ ਦਾ ਵਜ਼ੀਫਾ ਵੰਡਿਆ*

 

* *ਜਲੰਧਰ, 30 ਜਨਵਰੀ 2026* ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਪ੍ਰਤੀ ਸਰਕਾਰ ਦੀਆਂ ਤਰਜੀਹਾਂ ਸਪੱਸ਼ਟ ਕਰਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ, ਅਕਾਲੀ ਅਤੇ ਭਾਜਪਾ ਸੱਤਾ ਵਿੱਚ ਹੁੰਦਿਆਂ ਆਪਣੇ ਪਰਿਵਾਰਾਂ ਦੇ ਹਿੱਤ ਪਾਲਦੀ ਰਹੀ ਹੈ ਜਦਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਸਿਰਫ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ’ਤੇ ਧਿਆਨ ਦੇ ਰਹੀ ਹੈ।    

 

 ਸਾਲ 2020-21 ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀਆਂ ਵਿੱਚ 35 ਫੀਸਦੀ ਦਾ ਵਾਧਾ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਗਵਾਹੀ ਭਰਦੇ ਹਨ। ਉਨ੍ਹਾਂ ਕਿਹਾ ਕਿ ਵਜ਼ੀਫਾ ਸਿਰਫ ਵਿੱਤੀ ਇਮਦਾਦ ਨਹੀਂ ਹੈ ਸਗੋਂ ਸਵੈ-ਨਿਰਭਰਤਾ ਦਾ ਵਸੀਲਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਇਸ ਯੋਜਨਾ ਨਾਲ ਜਾਣਬੁੱਝ ਕੇ ਸਾਲਾਂਬੱਧੀ ਅਣਗੌਲੇ ਗਏ ਸਿਸਟਮ ਨੂੰ ਦਰੁਸਤ ਕਰਨ ਦਾ ਵੱਡਾ ਉਪਰਾਲਾ ਕੀਤਾ ਹੈ ਕਿਉਂ ਜੋ ਫੰਡ ਜਾਰੀ ਕਰਨ ਵਿੱਚ ਦੇਰੀ ਕਰਨ ਅਤੇ ਫੰਡਾਂ ਦੀ ਦੁਰਵਰਤੋਂ ਨਾਲ ਵਿਦਿਆਰਥੀ ਪ੍ਰੀਖਿਆਵਾਂ ਵਿੱਚ ਬੈਠਣ ਤੋਂ ਵਾਂਝੇ ਰਹਿ ਜਾਂਦੇ ਸਨ।

 

ਐਕਸ 'ਤੇ ਸਮਾਗਮ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਿਆ ਗਿਆ ਜਿਸ ਨਾਲ ਸੂਬਾ ਭਰ ਦੇ 2.7 ਲੱਖ ਤੋਂ ਵੱਧ ਬੱਚਿਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਹੋਈ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋੜਵੰਦ ਪਰਿਵਾਰਾਂ ਦੇ ਬੱਚੇ ਉੱਚ ਸਿੱਖਿਆ ਪ੍ਰਾਪਤ ਕਰਨ ਦੇ ਯੋਗ ਹੋਣ। ਸਾਲ 2020-21 ਦੇ ਮੁਕਾਬਲੇ, 2024-25 ਵਿੱਚ ਵਜ਼ੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 35 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਇਹ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣ ਦਾ ਸ਼ਕਤੀਸ਼ਾਲੀ ਸਾਧਨ ਹੈ। ਕੋਸ਼ਿਸ਼ ਇਹ ਯਕੀਨੀ ਬਣਾਉਣ ਦੀ ਹੈ ਕਿ ਕੋਈ ਵੀ ਬੱਚਾ ਸਿੱਖਿਆ ਤੋਂ ਵਾਂਝਾ ਨਾ ਰਹੇ ਜਾਂ ਪੈਸੇ ਦੀ ਘਾਟ ਕਾਰਨ ਆਪਣੇ ਸੁਪਨਿਆਂ ਨੂੰ ਛੱਡਣ ਲਈ ਮਜਬੂਰ ਨਾ ਹੋਵੇ।”

ਵਜ਼ੀਫਾ ਵੰਡ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਘਪਲੇ ਤੋਂ ਲੈ ਕੇ 'ਰੰਗਲੇ ਪੰਜਾਬ' ਤੱਕ, ਪੋਸਟ-ਮੈਟ੍ਰਿਕ ਵਜ਼ੀਫਾ ਸਕੀਮ ਸਮਾਜਿਕ ਬਦਲਾਅ ਦਾ ਸ਼ਕਤੀਸ਼ਾਲੀ ਸਾਧਨ ਬਣ ਗਈ ਹੈ। ਇਸ ਯੋਜਨਾ ਨੇ ਅਨੁਸੂਚਿਤ ਜਾਤੀ ਦੇ ਲੱਖਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਉਡਾਣ ਭਰਨ ਲਈ ਖੰਭ ਦਿੱਤੇ ਹਨ ਜੋ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ।" ਇਸ ਮੌਕੇ ਮੌਜੂਦ ਲਾਭਪਾਤਰੀਆਂ ਨੇ ਤਾੜੀਆਂ ਦੀ ਗੂੰਜ ਵਿੱਚ ਸਵਾਗਤ ਕੀਤਾ।

 

ਸਾਲ 2017 ਤੋਂ 2020 ਤੱਕ ਦੇ ਸਮੇਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਲਗਭਗ ਠੱਪ ਹੋ ਗਈ ਸੀ, ਜਿਸ ਕਾਰਨ ਵਿਦਿਅਕ ਸੰਸਥਾਵਾਂ ਨੇ ਵਿਦਿਆਰਥੀਆਂ ਦੀਆਂ ਡਿਗਰੀਆਂ ਰੋਕ ਲਈਆਂ ਸਨ। ਮੁੱਖ ਮੰਤਰੀ ਨੇ ਕਿਹਾ, “ਇਸ ਸਕੀਮ ਤਹਿਤ ਇੱਕ ਘੁਟਾਲਾ ਹੋਇਆ ਸੀ ਅਤੇ ਹਰ ਪੰਜਾਬੀ ਇਸ ਤੋਂ ਬਹੁਤ ਨਿਰਾਸ਼ ਤੇ ਦੁਖੀ ਹੋਇਆ ਸੀ। ਇਸ ਮਹਿਕਮੇ ਦੇ ਤਤਕਾਲੀ ਮੰਤਰੀ ਨੇ ਕਮਜ਼ੋਰ ਵਰਗਾਂ ਦੇ ਬੱਚਿਆਂ ਦੀ ਸਿੱਖਿਆ ਲਈ ਗੈਰ-ਕਾਨੂੰਨੀ ਢੰਗ ਨਾਲ ਪੈਸਾ ਕਮਾਉਣ ਲਈ ਆਪਣੇ ਹੀ ਭਾਈਚਾਰੇ ਨਾਲ ਧੋਖਾ ਕੀਤਾ।” ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਫੰਡ ਹੜੱਪ ਲਏ ਗਏ ਜਿਸ ਨਾਲ ਉਨ੍ਹਾਂ ਨੂੰ ਸਹੀ ਮੌਕਿਆਂ ਤੋਂ ਵਿਰਵਾ ਕਰ ਦਿੱਤਾ ਗਿਆ।

 

ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਤਕਦੀਰ ਬਦਲਣ ਲਈ ਸਿੱਖਿਆ ਹੀ ਇੱਕੋ-ਇੱਕ ਜ਼ਰੀਆ ਹੈ। ਬਦਕਿਸਮਤੀ ਨਾਲ ਸਰਕਾਰਾਂ ਨੇ ਜਾਣ-ਬੁੱਝ ਕੇ ਇਨ੍ਹਾਂ ਵਿਦਿਆਰਥੀਆਂ ਨੂੰ ਲਗਾਤਾਰ ਕਿਤਾਬਾਂ ਤੋਂ ਦੂਰ ਰੱਖਿਆ। ਅੱਜ ਸਾਡੀ ਸਰਕਾਰ ਉਨ੍ਹਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਅਤੇ ਜ਼ਿੰਦਗੀ ਵਿੱਚ ਬੁਲੰਦੀਆਂ ਛੂਹਣ ਦਾ ਮੌਕਾ ਦੇ ਰਹੀ ਹੈ।” ਮਾਪਿਆਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਸਖ਼ਤ ਮਿਹਨਤ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਕੇ ਅੱਗੇ ਵਧਣ ਲਈ ਸਹੀ ਮਾਅਨਿਆਂ ਵਿੱਚ ਪ੍ਰੇਰਨਾ ਦਾ ਸਰੋਤ ਬਣੇ ਹਨ। 

 

 ਮੁੱਖ ਮੰਤਰੀ ਨੇ ਸਟੇਜ ਤੋਂ ਸੰਤ ਰਾਮ ਉਦਾਸੀ ਦੀ ਕਵਿਤਾ, ‘ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ’ ਵੀ ਸਾਂਝੀ ਕੀਤੀ। ਉਨ੍ਹਾਂ ਕਿਹਾ, “ਇਹ ਕਵਿਤਾ ਮੇਰੇ ਦਿਲ ਦੇ ਬਹੁਤ ਨੇੜੇ ਹੈ ਅਤੇ ਲੋਕਾਂ ਨੂੰ ਸਦਾ ਸਖ਼ਤ ਮਿਹਨਤ ਕਰਨ ਵਿੱਚ ਵਿਸ਼ਵਾਸ ਕਰਨ ਲਈ ਪ੍ਰੇਰਿਤ ਕਰਦੀ ਹੈ।” ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਵਿੱਚ ਟੀਚਾ ਤੈਅ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਖ਼ਤ ਮਿਹਨਤ ਹੀ ਇਸ ਟੀਚੇ ਨੂੰ ਪ੍ਰਾਪਤ ਕਰਨ ਦਾ ਇੱਕੋ-ਇੱਕ ਰਾਹ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਪੰਜਾਬ ਦੇ ਹਰ ਕੋਨੇ ਵਿੱਚ ਸਿੱਖਿਆ ਦਾ ਚਾਨਣ ਫੈਲਾਉਣਾ ਹੈ। ਉਨ੍ਹਾਂ ਕਿਹਾ, “ਇਹ ਯੋਜਨਾ ਸਾਡੀ ਸਰਕਾਰ ਦੀ ਸਮਾਜਿਕ ਨਿਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਅਤੇ ਬਾਬਾ ਸਾਹਿਬ ਅੰਬੇਦਕਰ ਦੇ ਵਿਸ਼ਵਾਸ ਨੂੰ ਪ੍ਰਣਾਈ ਹੋਈ ਹੈ ਕਿ ਸਿੱਖਿਆ ਸਮਾਜਿਕ ਅਸਮਾਨਤਾ ਨੂੰ ਖਤਮ ਕਰਨ ਦਾ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਹੈ।”

 

ਇਸ ਯੋਜਨਾ ਦਾ ਵਿਦਿਆਰਥੀਆਂ ਦੇ ਭਵਿੱਖ ’ਤੇ ਪੈਣ ਵਾਲੇ ਅਸਰ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਦਿਆਰਥੀਆਂ ਨੂੰ ਆਪਣੀ ਕਿਸਮਤ ਬਦਲਣ ਅਤੇ ਭਾਰਤ ਨੂੰ ਵਿਸ਼ਵ ਪੱਧਰ 'ਤੇ ਮੋਹਰੀ ਬਣਾਉਣ ਵਿੱਚ ਯੋਗਦਾਨ ਪਾ ਰਹੀ ਹੈ। ਉਨ੍ਹਾਂ ਕਿਹਾ, “ਇਸ ਦਾ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਨਾਲ ਜੋੜਨਾ ਹੈ। ਇਹ ਯੋਜਨਾ ₹2.50 ਲੱਖ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਲਈ ਹੈ ਅਤੇ ਇਸ ਨੂੰ ਪੰਜਾਬ ਭਰ ਵਿੱਚ ਪੂਰੀ ਪਾਰਦਰਸ਼ਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ।” ਇਸ ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਸਾਂਝੀਆਂ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ, “ਲਾਭਪਾਤਰੀਆਂ ਦੀ ਗਿਣਤੀ ਵਿੱਚ ਬੇਮਿਸਾਲ ਵਾਧਾ ਹੋਇਆ ਹੈ। 2020-21 ਦੇ ਮੁਕਾਬਲੇ, 2024-25 ਵਿੱਚ ਲਾਭਪਾਤਰੀਆਂ ਵਿੱਚ 35 ਪ੍ਰਤੀਸ਼ਤ ਵਾਧਾ ਹੋਇਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸ ਦਾ ਬਜਟ 245 ਕਰੋੜ ਰੁਪਏ ਤੋਂ ਵਧਾ ਕੇ 271 ਕਰੋੜ ਰੁਪਏ ਕਰ ਦਿੱਤਾ ਗਿਆ ਹੈ, ਜਿਸ ਨਾਲ ਇਹ ਗੱਲ ਸਾਹਮਣੇ ਆਈ ਹੈ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣਾ ਪੰਜਾਬ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ, "ਪਹਿਲੀ ਵਾਰ, ਧੋਖਾਧੜੀ ਨੂੰ ਰੋਕਣ ਲਈ ਵਿਦਿਆਰਥੀਆਂ, ਸੰਸਥਾਵਾਂ ਦੇ ਮੁਖੀਆਂ ਅਤੇ ਨੋਡਲ ਅਫਸਰਾਂ ਲਈ ਬਾਇਓ-ਪ੍ਰਮਾਣਿਕਤਾ ਲਾਜ਼ਮੀ ਕੀਤੀ ਗਈ ਹੈ।" 

 

  ਮੁੱਖ ਮੰਤਰੀ ਨੇ ਕਿਹਾ ਕਿ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ 'ਤੇ ਜਵਾਬਦੇਹੀ ਵਾਲੀ ਵਿਵਸਥਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਨੇ ਦੁਹਰਾਇਆ ਕਿ ਪੋਸਟ-ਮੈਟ੍ਰਿਕ ਵਜ਼ੀਫਾ ਮਹਿਜ਼ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਇਹ ਸਵੈ-ਨਿਰਭਰਤਾ ਦਾ ਰਾਹ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹਾਂ ਕਿ ਕਿਸੇ ਵੀ ਪ੍ਰਤਿਭਾਸ਼ਾਲੀ ਬੱਚੇ ਦਾ ਸੁਪਨਾ ਪੈਸੇ ਦੀ ਘਾਟ ਕਾਰਨ ਅਧੂਰਾ ਨਾ ਰਹੇ। ਇਸ ਪਹਿਲਕਦਮੀ ਨੂੰ ਬਾਬਾ ਸਾਹਿਬ ਅੰਬੇਦਕਰ ਦੀ ਵਿਚਾਰਧਾਰਾ ਨਾਲ ਜੋੜਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤੀ ਕਾਰਡ, ਗਰੀਬੀ ਜਾਂ ਸਮਾਜਿਕ ਅਲਾਮਤਾਂ ਨੂੰ ਖਤਮ ਨਹੀਂ ਕਰ ਸਕਦਾ ਅਤੇ ਇਹ ਸਿਰਫ਼ ਸਿੱਖਿਆ ਹੀ ਹੈ ਜੋ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਇਸ ਚੱਕਰ ਨੂੰ ਤੋੜ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਦੇ ਮਿਆਰ ਵਿੱਚ ਸੁਧਾਰ ਕਰਨ ਵਾਸਤੇ ਅਣਥੱਕ ਯਤਨ ਕਰ ਰਹੀ ਹੈ।

 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇੱਕੋ ਸਮੇਂ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮੁੜ ਸੁਰਜੀਤ ਕਰ ਰਹੀ ਹੈ, ਜਿਸ ਤਹਿਤ ਸਮਾਰਟ ਕਲਾਸ ਰੂਮ, ਆਧੁਨਿਕ ਲੈਬਾਟਰੀਆਂ ਅਤੇ ਖੇਡ ਮੈਦਾਨਾਂ ਨਾਲ ਲੈਸ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਆਧੁਨਿਕ ਵਿਸ਼ੇਸ਼ ਸਿਖਲਾਈ ਵਾਸਤੇ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ‘ਤੇ ਮੁਕਾਬਲੇ ਲਈ ਤਿਆਰ ਕਰ ਸਕਣ।

 

ਮੁੱਖ ਮੰਤਰੀ ਨੇ ਮਾਣ ਨਾਲ ਸਾਂਝਾ ਕੀਤਾ ਕਿ ਪੰਜਾਬ ਨੇ ‘ਨੈਸ਼ਨਲ ਅਚੀਵਮੈਂਟ ਸਰਵੇ’ ਵਿੱਚ ਕੇਰਲ ਨੂੰ ਵੀ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਆਧੁਨਿਕ ਯੁੱਗ ਦੇ ਸਿੱਖਿਆ ਮੰਦਰ ਬਣ ਗਏ ਹਨ, ਜੋ ਲਗਾਤਾਰ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਹਥਿਆਰਬੰਦ ਸੈਨਾਵਾਂ ‘ਚ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਅਤੇ ਨੀਟ, ਜੇ.ਈ.ਈ., ਸੀ.ਐਲ.ਏ.ਟੀ. (ਕਲੈਟ) ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼, ਜੇ.ਈ.ਈ. ਐਡਵਾਂਸਡ ਅਤੇ ਨੀਟ ਲਈ ਕੁਆਲੀਫਾਈ ਕੀਤਾ ਹੈ। ਸਿਹਤ ਸੰਭਾਲ ਸੁਧਾਰਾਂ ਦਾ ਹਵਾਲਾ ਦਿੰਦੇ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਮੇਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਬਿਨਾਂ ਕਿਸੇ ਆਮਦਨ ਦੀ ਸ਼ਰਤ ਦੇ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕ ਰੋਜ਼ਾਨਾ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ 63,027 ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਬਿਨਾਂ ਰਿਸ਼ਵਤ ਜਾਂ ਸਿਫ਼ਾਰਸ਼ ਦੇ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਲ 2022 ਤੋਂ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਦਿਨ ਵੇਲੇ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਮਿਲ ਰਹੀ ਹੈ।

 

ਮੁੱਖ ਮੰਤਰੀ ਨੇ ਕਿਹਾ ਕਿ 18,349 ਖਾਲਿਆਂ ਦੇ 6,900 ਕਿਲੋਮੀਟਰ ਹਿੱਸੇ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਤਾਂ ਜੋ ਪਾਣੀ ਨੂੰ ਟੇਲਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਮਨਾਉਣ ਤੋਂ ਬਾਅਦ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ 'ਤੇ ਮਨਾਉਣ ਦੀ ਤਿਆਰੀ ਕਰ ਰਹੀ ਹੈ, ਜਿਸ ਵਿੱਚ ਸੂਬੇ ਭਰ ‘ਚ ਵੱਖ-ਵੱਖ ਪ੍ਰੋਗਰਾਮਾਂ ਦੀ ਯੋਜਨਾ ਉਲੀਕੀ ਜਾਵੇਗੀ।

 

ਰਵਾਇਤੀ ਸਿਆਸੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਰਟੀਆਂ ਇਸ ਸੱਚ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇਕ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਪੰਜਾਬ ਦਾ ਸ਼ਾਸਨ ਇੰਨੇ ਚੰਗੇ ਢੰਗ ਨਾਲ ਕਿਵੇਂ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਸੋਚ ਕਰਕੇ ਲੋਕਾਂ ਦਾ ਇਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂ ਪੰਜਾਬ ਅਤੇ ਇਸ ਦੇ ਲੋਕਾਂ ਨਾਲੋਂ ਆਪਣੇ ਪਰਿਵਾਰਾਂ ਨੂੰ ਪਹਿਲ ਦਿੰਦੇ ਆਏ ਹਨ, ਜਿਸ ਕਰਕੇ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ।

ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਡਾ. ਬਲਜੀਤ ਕੌਰ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।

 

ਇਸ ਮੌਕੇ ਲਾਭਪਾਤਰੀ ਵਿਦਿਆਰਥੀਆਂ ਨੇ ਭਾਵੁਕਤਾ ਨਾਲ ਆਪਣੇ ਤਜਰਬੇ ਵੀ ਸਾਂਝੇ ਕੀਤੇ, ਜਿਸ ਵਿੱਚ ਐਮ.ਬੀ.ਬੀ.ਐਸ. ਕਰ ਰਹੇ ਦਿਲਪ੍ਰੀਤ ਸਿੰਘ ਨੇ ਉਸ ਨੂੰ ਡਾ. ਦਿਲਪ੍ਰੀਤ ਵਿੱਚ ਬਦਲਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਇੰਨਾ ਜ਼ਿਆਦਾ ਸ਼ੁਕਰਗੁਜ਼ਾਰ ਹੈ ਕਿ ਉਸ ਕੋਲ ਧੰਨਵਾਦ ਲਈ ਸ਼ਬਦ ਵੀ ਘੱਟ ਪੈ ਰਹੇ ਹਨ। ਬੀ.ਏ. ਐਲ.ਐਲ.ਬੀ. ਦੀ ਵਿਦਿਆਰਥਣ ਹਰਸ਼ਿਤਾ ਨੇ ਕਿਹਾ ਕਿ ਇਸ ਸਕੀਮ ਨੇ ਉਨ੍ਹਾਂ ਦੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਦਿੱਤਾ ਹੈ ਅਤੇ ਸਾਬਤ ਕਰ ਦਿੱਤਾ ਹੈ ਕਿ ਆਪ ਸਰਕਾਰ ਆਪਣੇ ਵਾਅਦਿਆਂ 'ਤੇ ਖਰੀ ਉਤਰੀ ਹੈ। ਸੁਰਸੰਗਮ ਕੌਰ ਨੇ ਕਿਹਾ ਕਿ ਵਜ਼ੀਫੇ ਨੇ ਉਨ੍ਹਾਂ ਨੂੰ ਬੁਲੰਦੀਆਂ ਛੂਹਣ ਲਈ ਉਡਾਨ ਭਰਨ ਵਾਸਤੇ ਖੰਭ ਦਿੱਤੇ ਹਨ | 

 

ਜਦੋਂ ਕਿ ਲੈਮਰਿਨ ਸਕਿੱਲ ਯੂਨੀਵਰਸਿਟੀ ਦੇ ਦਿਲਪ੍ਰੀਤ ਸਿੰਘ ਨੇ ਕਿਹਾ ਕਿ ਉਸਦੇ ਪਰਿਵਾਰ ਦੀ ਕਮਜ਼ੋਰ ਵਿੱਤੀ ਸਥਿਤੀ ਕਾਰਨ ਇਸ ਸਕੀਮ ਨੇ ਉਸ ਦੀ ਜ਼ਿੰਦਗੀ ਬਦਲਣ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਈ ਹੈ। ਗਰੀਬ ਵਿਦਿਆਰਥੀਆਂ ਦੀ ਸਹਾਇਤਾ ਲਈ ਮੁੱਖ ਮੰਤਰੀ ਦੀ ਇਸ ਉਸਾਰੂ ਤੇ ਨੇਕ ਪਹਿਲ ਲਈ ਧੰਨਵਾਦ ਕਰਦਿਆਂ ਡੀ.ਆਈ.ਪੀ.ਐਸ. ਕਾਲਜ, ਢਿਲਵਾਂ ਤੋਂ ਨਵਾਂਸ਼ ਸਿੱਧੂ ਨੇ ਕਿਹਾ ਕਿ ਉਹ ਆਮ ਪਰਿਵਾਰ ਨਾਲ ਸਬੰਧ ਰੱਖਦਾ ਹੈ ਅਤੇ ਇਸ ਪਹਿਲਕਦਮੀ ਨੇ ਉਸ ਦੇ ਸੁਪਨੇ ਪੂਰੇ ਕਰਨ ਵਿੱਚ ਹਰ ਪੱਖੋਂ ਮਦਦ ਕੀਤੀ ਹੈ।

 

ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮਹਿੰਦਰ ਭਗਤ, ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਬਲਕਾਰ ਸਿੰਘ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

-----------

Advertisement

Latest News

ਰੋਜ਼ ਸਵੇਰੇ ਪੀ ਲਓ ਮੁਨੱਕੇ ਦੇ ਪਾਣੀ, ਕਮਜ਼ੋਰੀ ਹੋਵੇਗੀ ਦੂਰ ਰੋਜ਼ ਸਵੇਰੇ ਪੀ ਲਓ ਮੁਨੱਕੇ ਦੇ ਪਾਣੀ, ਕਮਜ਼ੋਰੀ ਹੋਵੇਗੀ ਦੂਰ
Chandigarh,30,JAN,2026,(Azad Soch News):- ਰੋਜ਼ ਸਵੇਰੇ ਮੁਨੱਕੇ ਦਾ ਪਾਣੀ ਪੀਣ ਨਾਲ ਸਰੀਰ ਨੂੰ ਕਈ ਤਰ੍ਹਾਂ ਦੀ ਕਮਜ਼ੋਰੀ ਤੋਂ ਰਾਹਤ ਮਿਲ ਸਕਦੀ...
ਪਿਛਲੀਆਂ ਸਰਕਾਰਾਂ ਰਿਸ਼ਵਤਖੋਰੀ ਅਤੇ ਪੱਖਪਾਤ ਨਾਲ ਦਿੰਦੀਆਂ ਸਨ ਨੌਕਰੀਆਂ ਪਰ ‘ਆਪ’ ਸਰਕਾਰ ਨਿਰੋਲ ਮੈਰਿਟ ’ਤੇ ਦੇ ਰਹੀ ਹੈ ਨੌਕਰੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਗੀ ਸਿੱਖਿਆ ਦੇਸ਼ ਦੀ ਤਕਦੀਰ ਬਦਲ ਸਕਦੀ ਹੈ ਪਰ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਜਾਣਬੁੱਝ ਕੇ ਅਨਪੜ੍ਹ ਰੱਖਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ ਦੇ ਨਵੇਂ ਚੁਣੇ ਗਏ ਮੇਅਰ ਸੌਰਭ ਜੋਸ਼ੀ ਨੇ ਅਹੁਦਾ ਸੰਭਾਲਦੇ ਹੀ ਆਪਣੀ ਕਾਰਜਸ਼ੈਲੀ ਦੇ ਸਪੱਸ਼ਟ ਸੰਕੇਤ ਦੇ ਦਿੱਤੇ
ਐਸਡੀਐਮ ਤਰਨ ਤਾਰਨ ਨੇ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ
ਗੈਂਗਸਟਰਾਂ 'ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ