ਨਸ਼ਾ ਮੁਕਤੀ ਯਾਤਰਾ ਨਾਲ ਜੁੜ ਰਹੇ ਨੇ ਵੱਡੀ ਗਿਣਤੀ ਚ ਲੋਕ, ਨਹੀਂ ਬਖਸ਼ੇ ਜਾਣਗੇ ਨਸ਼ਾ ਤਸਕਰ-ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ
ਸਰਦੂਲਗੜ੍ਹ/ਮਾਨਸਾ, 21 ਮਈ :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿੱਢੀ ਨਸ਼ਾ ਮੁਕਤੀ ਯਾਤਰਾ ਨਾਲ ਵੱਡੀ ਗਿਣਤੀ ਵਿੱਚ ਲੋਕ ਜੁੜ ਰਹੇ ਹਨ ਅਤੇ ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖ਼ਸ਼ੇ ਨਹੀਂ ਜਾਣਗੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਅੱਜ ਸਰਦੂਲਗੜ੍ਹ ਹਲਕੇ ਦੇ ਪਿੰਡਾਂ ਜਵਾਹਰਕੇ, ਨੰਗਲ ਕਲਾਂ ਅਤੇ ਨੰਗਲ ਖੁਰਦ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ ਅਤੇ ਪਿੰਡਾਂ ਦੇ ਵਾਸੀਆਂ ਨਾਲ ਭਰਵੀਂ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਜੇਕਰ ਆਪਾਂ ਸਾਰੇ ਮਿਲਕੇ ਨਸ਼ਿਆਂ ਦਾ ਡੱਟ ਕੇ ਵਿਰੋਧ ਕਰੀਏ ਤਾਂ ਉਹ ਦਿਨ ਦੂਰ ਨਹੀਂ ਜਦੋਂ ਜਲਦ ਹੀ ਆਪਣਾ ਸੂਬਾ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਮੁਹਿੰਮ ਵਿੱਚ ਲੋਕਾਂ ਦੇ ਸਾਥ ਦੀ ਅਤਿਅੰਤ ਲੋੜ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਨਸ਼ਾ ਵੇਚਦਾ ਜਾਂ ਖਰੀਦਦਾ ਪਾਇਆ ਜਾਂਦਾ ਹੈ, ਤਾਂ ਤੁਰੰਤ ਉਸਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਇਨ੍ਹਾਂ ਨਸ਼ਾ ਮੁਕਤੀ ਯਾਤਰਾਵਾਂ ਦਾ ਮੰਤਵ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਦੇ ਸ਼ਿਕੰਜੇ ਵਿੱਚੋਂ ਬਾਹਰ ਕੱਢਣਾ ਵੀ ਹੈ ਜੋ ਕਿਸੇ ਕਾਰਨ ਇਸ ਦਲਦਲ ਵਿੱਚ ਫਸ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨਾਂ ਦਾ ਸਰਕਾਰ ਵੱਲੋਂ ਇਲਾਜ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਾ ਵਿਕਣ ਤੋਂ ਰੋਕਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਬਾਰੇ ਸਹੁੰ ਵੀ ਚੁਕਵਾਈ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਲੋਕਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨਾ ਵੱਲੋਂ ਸ਼ਿਰਕਤ ਕੀਤੀ ਗਈ।


