ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਸੁੰਦਰ ਨਗਰ ਦਾ ਕੀਤਾ ਦੌਰਾ
vਹੁਸ਼ਿਆਰਪੁਰ, 2 ਨਵੰਬਰ :
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ ਦੇ ਮੁਹੱਲਾ ਸੁੰਦਰ ਨਗਰ ਦਾ ਦੌਰਾ ਕੀਤਾ ਅਤੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਹਲਕੇ ਦਾ ਨਿਰੀਖਣ ਕਰਦੇ ਹੋਏ ਉਨ੍ਹਾਂ ਨੇ ਪਾਣੀ ਦੀ ਸਪਲਾਈ, ਸੀਵਰੇਜ ਅਤੇ ਸਫ਼ਾਈ ਨਾਲ ਜੁੜੀਆਂ ਪ੍ਰਮੁੱਖ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਮੇਅਰ ਸੁਰਿੰਦਰ ਕੁਮਾਰ ਅਤੇ ਕਮਿਸ਼ਨਰ ਨਗਰ ਨਿਗਮ ਜਿਓਤੀ ਬਾਲਾ ਮੱਟੂ ਵੀ ਉਨ੍ਹਾਂ ਨਾਲ ਮੌਜੂਦ ਸਨ।
ਡਾ. ਰਵਜੋਤ ਸਿੰਘ ਨੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਹਲਕੇ ਦੀਆਂ ਸਾਰੀਆਂ ਲੰਬਿਤ ਸਮੱਸਿਆਵਾਂ ਦਾ ਹੱਲ ਜਲਦ ਤੋਂ ਜਲਦ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਪੱਸ਼ਟ ਕਿਹਾ ਕਿ ਜਨਤਾ ਨੂੰ ਸਹੂਲਤਾਂ ਮੁਹੱਈਆ ਸਰਕਾਰ ਦੀ ਤਰਜੀਹ ਹੈ ਅਤੇ ਇਊ ਸਬੰਧੀ ਕਿਸੇ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਮੁਹੱਲੇ ਅਤੇ ਪਿੰਡ ਤੱਕ ਬੁਨਿਆਦੀ ਸੁਵਿਧਾਵਾਂ ਸੁਚਾਰੂ ਢੰਗ ਨਾਲ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਵਿਭਾਗ ਪੱਧਰ ’ਤੇ ਵੀ ਨਿਗਰਾਨੀ ਤੇਜ਼ ਕੀਤੀ ਗਈ ਹੈ ਤਾਂ ਜੋ ਸਮੱਸਿਆਵਾਂ ਦਾ ਸਥਾਈ ਹੱਲ ਯਕੀਨੀ ਬਣਾਇਆ ਜਾ ਸਕੇ।
ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਹਲਕੇ ਦੇ ਵਿਕਾਸ ਕੰਮਾਂ ਨੂੰ ਗਤੀ ਦਿੱਤੀ ਜਾਵੇਗੀ।

