ਸਰਕਾਰੀ ਸਕੀਮਾਂ ਦਾ ਲਾਹਾ ਜਮੀਨੀ ਪੱਧਰ ਤੱਕ ਲਾਜ਼ਮੀ ਪਹੁੰਚਾਇਆ ਜਾਵੇ: ਸ਼ੇਰ ਸਿੰਘ ਘੁਬਾਇਆ
ਐੱਮ.ਪੀ. ਘੁਬਾਇਆ ਨੇ ਦਿਸ਼ਾ ਕਮੇਟੀ ਦੀ ਮੀਟਿੰਗ 'ਚ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ
ਸਰਕਾਰੀ ਸਕੀਮਾਂ ਦਾ ਲਾਹਾ ਜਮੀਨੀ ਪੱਧਰ ਤੱਕ ਲਾਜ਼ਮੀ ਪਹੁੰਚਾਇਆ ਜਾਵੇ: ਸ਼ੇਰ ਸਿੰਘ ਘੁਬਾਇਆ
ਅਧਿਕਾਰੀਆਂ ਨੂੰ ਲੰਬਿਤ ਪਏ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
ਫ਼ਿਰੋਜ਼ਪੁਰ, 07 ਜੁਲਾਈ 2025 -( ਸੁਖਵਿੰਦਰ ਸਿੰਘ):- ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਚੱਲ ਰਹੀਆਂ ਕੇਂਦਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਵਿਕਾਸ ਤਾਲਮੇਲ ਤੇ ਮੋਨੀਟਰਿੰਗ (ਦਿਸ਼ਾ) ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐੱਮ.ਪੀ. ਸ. ਸ਼ੇਰ ਸਿੰਘ ਘੁਬਾਇਆ ਵੱਲੋਂ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਨਿਧੀ ਕੁਮੁਦ ਬੰਬਾਹ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਮ.ਪੀ. ਸ. ਸ਼ੇਰ ਸਿੰਘ ਘੁਬਾਇਆ ਵੱਲੋਂ ਪ੍ਰਧਾਨ ਮੰਤਰੀ ਆਵਾਜ ਯੋਜਨਾ (ਸ਼ਹਿਰੀ), ਸਵੱਛ ਭਾਰਤ ਮਿਸ਼ਨ, ਅਮਰੁਤ, ਐੱਮਪੀ ਲੈਡ ਸਕੀਮ, ਪ੍ਰਧਾਨ ਮੰਤਰੀ ਸਵੈ-ਨਿਧੀ ਯੋਜਨਾ, ਮਿਸ਼ਨ ਅੰਮ੍ਰਿਤ ਸਰੋਵਰ, ਮਗਨਰੇਗਾ, ਅਦਰਸ਼ ਗ੍ਰਾਮ ਯੋਜਨਾ, ਨੈਸ਼ਨਲ ਹੈਲਥ ਮਿਸ਼ਨ, ਇਨਟੈੱਗਰੇਟਿਡ ਚਾਈਲਡ ਡਿਵੈਲਪਮੈਂਟ ਸਕੀਮ, ਬੇਟੀ ਬਚਾਓ, ਬੇਟੀ ਪੜ੍ਹਾਓ, ਸਮੱਗਰਾ ਸਿੱਖਿਆ ਅਭਿਆਨ, ਮਿਡ ਡੇਅ ਮੀਲ, ਪ੍ਰਧਾਨ ਮੰਤਰੀ ਗ੍ਰਾਂਮ ਸੜਕ ਯੋਜਨਾ, ਰਾਸ਼ਟਰੀਯ ਬੁਢਾਪਾ ਪੈਨਸ਼ਨ ਸਕੀਮ, ਰਾਸ਼ਟਰੀਯ ਵਿਧਵਾ ਪੈਨਸ਼ਨ ਸਕੀਮ, ਰਾਸ਼ਟਰੀਯ ਡਿਸਏਬਲਡ ਪੈਨਸ਼ਨ ਸਕੀਮ, ਪ੍ਰਧਾਨ ਮੰਤਰੀ ਉਜਵਲਾ ਯੋਜਨਾ, ਦੀਨ ਦਿਆਲ ਉਪਾਧਿਆਇ ਗ੍ਰਾਮ ਜਯੋਤੀ ਯੋਜਨਾ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ, ਸਵੱਛ ਭਾਰਤ ਮਿਸ਼ਨ, ਜਲ ਸਪਲਾਈ ਅਤੇ ਸੈਨੀਟੇਸ਼ਨ ਦੀਆਂ ਸਕੀਮਾਂ ਅਤੇ ਜ਼ਿਲ੍ਹੇ ਵਿੱਚ ਚੱਲ ਰਹੀਆਂ ਹੋਰ ਵਿਕਾਸ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹੇ ਦੇ ਹਰੇਕ ਲੋੜਵੰਦ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੱਲ ਰਹੇ ਵਿਕਾਸ ਕਾਰਜਾਂ ਦਾ ਖ਼ੁਦ ਮੌਕੇ 'ਤੇ ਜਾ ਮੁਆਇਨਾ ਕਰਨ ਅਤੇ ਕੰਮ ਦੀ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ। ਉਹਨਾਂ ਕਿਹਾ ਕਿ ਲੰਬਿਤ ਪਏ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਭਲਾਈ ਯੋਜਨਾ ਨੂੰ ਲਾਗੂ ਕਰਨ ਵਿੱਚ ਜਾਂ ਕਿਸੇ ਵਿਕਾਸ ਕਾਰਜ ਵਿੱਚ ਢਿੱਲ-ਮੱਠ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਪਿੰਡਾਂ ਅਤੇ ਵਾਰਡਾਂ ਵਿੱਚ ਕੈਂਪ ਲਗਾਏ ਜਾਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਲੋਕ ਸਭਾ ਮੈਂਬਰ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਜਾਣਗੇ।
ਇਸ ਮੌਕੇ ਹਾਜ਼ਰ ਕਮੇਟੀ ਦੇ ਮੈਂਬਰਾਂ ਨੇ ਵੀ ਆਪਣੇ ਆਪਣੇ ਵਿਚਾਰ ਰੱਖੇ। ਮੀਟਿੰਗ ਦੌਰਾਨ ਜ਼ਿਲ੍ਹਾ ਪੰਚਾਇਤ ਤੇ ਵਿਕਾਸ ਅਫਸਰ ਹਰਜਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਪ੍ਰੀਤ ਸਿੰਘ, ਸਿਵਲ ਸਰਜਨ ਰਾਜਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ, ਪ੍ਰਧਾਨ ਨਗਰ ਕੌਂਸਲ ਫ਼ਿਰੋਜ਼ਪੁਰ ਰੋਹਿਤ ਗਰੋਵਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।


