ਵਿਧਾਇਕ ਕਾਕਾ ਬਰਾੜ ਅਤੇ ਵਿਧਾਇਕ ਡਿੰਪੀ ਢਿੱਲੋਂ ਵੱਲੋਂ ‘ਨਸ਼ਾ ਮੁਕਤੀ ਯਾਤਰਾ’ ਤਹਿਤ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡਾਂ ‘ਚ ਮੀਟਿੰਗਾਂ
ਮਲੋਟ,ਗਿੱਦੜਬਾਹਾ,ਸ੍ਰੀ ਮੁਕਤਸਰ ਸਾਹਿਬ 24 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਾਗਰੂਕਤਾ ਸਭਾਵਾਂ ਕਰਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਪ੍ਰੇਰਿਤ ਕੀਤਾ ਜਾ ਰਿਹਾ ਹੈ। ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਬਹਾਮਣਵਾਲਾ, ਤਖਤਮਲਾਣਾ ਅਤੇ ਜੰਮੂਆਣਾ ਵਿੱਚ ਸਮਾਗਮਾਂ ਨੂੰ ਸੰਬੋਧਨ ਕੀਤਾ।
ਵਿਧਾਇਕ ਕਾਕਾ ਬਰਾੜ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਦੀ ਵਚਨਬੱਧਤਾ ਦੇ ਤਹਿਤ ਕਾਲੀ ਕਮਾਈ ਨਾਲ ਬਣਾਈਆਂ ਪ੍ਰਾਪਰਟੀਆਂ ਨੂੰ ਰੋਜ਼ਾਨਾ ਦੇ ਆਧਾਰ 'ਤੇ ਬੁਲਡੋਜ਼ਰ ਨਾਲ ਢਾਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਸਾਰਥਕ ਯਤਨਾਂ ਨਾਲ ਆਮ ਨਾਗਰਿਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਇਸ ਗੱਲੋਂ ਪੂਰੀ ਤਰ੍ਹਾਂ ਆਸਵੰਦ ਹਨ ਕਿ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਦਾ ਜਿਹੜਾ ਟੀਚਾ ਮਿਥਿਆ ਹੈ ਉਸ ਨੂੰ ਪੂਰਾ ਕਰਕੇ ਦਿਖਾਇਆ ਜਾਵੇਗਾ।
ਇਸੇ ਤਰ੍ਹਾਂ ਨਸ਼ਾ ਮੁਕਤੀ ਯਾਤਰਾ ਤਹਿਤ ਹੋ ਰਹੀਆਂ ਇਹਨਾਂ ਜਾਗਰੂਕਤਾ ਸਭਾਵਾਂ ਦੀ ਲੜੀ ਵਿੱਚ ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਗਿੱਦੜਬਾਹਾ ਦੇ ਪਿੰਡ ਖਿੜਕੀਆਂਵਾਲਾ, ਆਸਾ ਬੁੱਟਰ ਅਤੇ ਗੁੜੀ ਸੰਗਰ ਵਿੱਚ ਭਰਵੇਂ ਇਕੱਠਾਂ ਨੂੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਨਸ਼ਿਆਂ ਜਿਹੀ ਸਮਾਜਿਕ ਬੁਰਾਈ ਦਾ ਮੁਕੰਮਲ ਖਾਤਮਾ ਕਰਨ ਦਾ ਇਹ ਸਹੀ ਵੇਲਾ ਹੈ ਜਿਸ ਨੂੰ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਸਾਰੇ ਲੋਕਾਂ ਦੇ ਸਹਿਯੋਗ ਨਾਲ ਨੇਪਰੇ ਚੜਾਇਆ ਜਾਵੇਗਾ। ਉਹਨਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਜਾ ਰਹੀ ਮਿਸਾਲੀ ਕਾਰਵਾਈ ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।
ਚੇਅਰਮੈਨ ਮਾਰਕਿਟ ਕਮੇਟੀ ਮਲੋਟ ਸ. ਜਸ਼ਨ ਬਰਾੜ ਨੇ ਪਿੰਡ ਮਲੋਟ, ਇੰਨਾਖੇੜਾ, ਵਿਰਕਖੇੜਾ, ਗੁਰ ਕੀ ਅਸਲ ਪਿੰਡਾਂ ਵਿੱਚ ਸਮਾਗਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਇਹ ਪ੍ਰਣ ਲਿਆ ਗਿਆ ਹੈ ਕਿ ਨਸ਼ਿਆਂ ਦੇ ਕੋਹੜ ਦਾ ਮੁਕੰਮਲ ਤੌਰ 'ਤੇ ਸਫਾਇਆ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਦੀ ਭਰਪੂਰ ਸ਼ਮੂਲੀਅਤ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਲੋਕ ਖੁਦ ਨਸ਼ਿਆਂ ਵਰਗੀ ਭੈੜੀ ਲਾਹਣਤ ਦਾ ਸਫਾਇਆ ਕਰਨ ਲਈ ਸਰਗਰਮ ਹਨ।
ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਕੋਆਰਡੀਨੇਟਰ ਜਗਸੀਰ ਸਿੰਘ ਸਰਪੰਚ, ਮੋਰਚੇ ਦੇ ਹਲਕਾ ਗਿੱਦੜਬਾਹਾ ਦੇ ਕੋਆਰਡੀਨੇਟਰ ਮਾਧੋ ਦਾਸ ਸਿੰਘ ਖ਼ਾਲਸਾ, ਹਲਕਾ ਮਲੋਟ ਦੇ ਕੋਆਰਡੀਨੇਟਰ ਬਲਰਾਜ ਸਿੰਘ ਸਮੇਤ ਹੋਰ ਆਗੂ ਅਤੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਵੱਡੀ ਗਿਣਤੀ ‘ਚ ਆਮ ਲੋਕ ਹਾਜ਼ਰ ਸਨ।