ਵਿਧਾਇਕ ਭੁੱਲਰ ਨੇ ਫਿਰੋਜ਼ਪੁਰ ਜ਼ੀਰਾ ਰੋਡ ਫਾਟਕ ਤੇ ਚੱਲ ਰਹੇ ਸੜਕ ਦੀ ਮੁਰੰਮਤ ਦੇ ਕਾਰਜਾਂ ਦਾ ਲਿਆ ਜਾਇਜ਼ਾ
ਫਿਰੋਜ਼ਪੁਰ 18 ਸਤੰਬਰ 2024....
ਫਿਰੋਜ਼ਪੁਰ ਜ਼ੀਰਾ ਰੋਡ ਫਾਟਕ ਤੇ ਸੜਕ ਦੀ ਮੁਰੰਮਤ ਦੇ ਚੱਲ ਰਹੇ ਕਾਰਜ ਦਾ ਜਾਇਜ਼ਾ ਲੈਣ ਵਿਧਾਇਕ ਫਿਰੋਜ਼ਪੁਰ ਸਹਿਰੀ ਸ. ਰਣਬੀਰ ਸਿੰਘ ਭੁੱਲਰ ਖੁਦ ਪਹੁੰਚੇ। ਇਸ ਮੌਕੇ ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਸੜਕ ਦੀ ਮੁਰੰਮਤ ਦਾ ਕੰਮ ਜਲਦੀ ਤੋਂ ਜਲਦੀ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਸੜਕ ਦੀ ਮੁਰੰਮਤ ਦੇ ਕੰਮ ਲਈ ਵਰਤਿਆ ਜਾਣ ਵਾਲਾ ਮਟੀਰੀਅਲ ਵਧੀਆ ਕੁਆਲਿਟੀ ਦਾ ਹੋਣਾ ਚਾਹੀਦਾ ਹੈ ਤੇ ਇਸ ਕੰਮ ਵਿੱਚ ਕੋਈ ਵੀ ਕੁਤਾਹੀ ਨਾ ਹੋਵੇ।
ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਜ਼ੀਰਾ ਰੋਡ ਫਾਟਕ ਵਾਲੀ ਸੜਕ ਪਹਿਲੀ ਟੁੱਟੀ ਹੋਣ ਕਾਰਨ ਰਾਹੀਗਰਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਤੋਂ ਇਲਾਵਾ ਇੱਥੇ ਕਾਫੀ ਟ੍ਰੈਫਿਕ ਦੀ ਸਮੱਸਿਆ ਪੇਸ਼ ਆਉਂਦੀ ਸੀ। ਜਿਸ ਨੂੰ ਮੱਦੇਨਜ਼਼ਰ ਰੱਖਦਿਆਂ ਸਰਕਾਰ ਵੱਲੋਂ ਇਸ ਸੜਕ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ।
ਵਿਧਾਇਕ ਭੁੱਲਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਸਹੂਲਤ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਚਾਹੇ ਉਹ ਵਿਕਾਸ, ਸਿੱਖਿਆ ਅਤੇ ਸਿਹਤ ਦਾ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡਾਂ ਵਿੱਚ ਵੀ ਗਲੀਆਂ, ਨਾਲੀਆਂ ਤੇ ਸੜਕਾਂ ਪੱਕੀਆਂ ਕਰਨ ਦੇ ਵਿਕਾਸ ਕਾਰਜ ਨੇਪਰੇ ਚੜ੍ਹਾਏ ਜਾ ਰਹੇ ਹਨ।