ਵਿਧਾਇਕ ਡਾ: ਅਜੇ ਗੁਪਤਾ ਨੇ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ
ਅੰਮ੍ਰਿਤਸਰ, 27 ਜੁਲਾਈ 2024:
ਕੇਂਦਰੀ ਵਿਧਾਨ ਸਭਾ ਹਲਕਾ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਮਜੀਠ ਮੰਡੀ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ। ਕਰਿਆਨਾ ਅਤੇ ਡਰਾਈ ਫਰੂਟ ਵਪਾਰਕ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਮਹਿਰਾ ਨੇ ਦੱਸਿਆ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਅਨਿਲ ਮਹਿਰਾ ਨੇ ਦੱਸਿਆ ਕਿ ਬਿਜਲੀ ਦੀਆਂ ਤਾਰਾਂ ਦਾ ਨੈੱਟਵਰਕ, ਘੱਟ ਕੇਵੀ ਟਰਾਂਸਫਾਰਮਰ, ਗਲੀਆਂ ਅਤੇ ਬਾਜ਼ਾਰਾਂ ਦੀ ਉਸਾਰੀ, ਸੀਵਰੇਜ ਅਤੇ ਸੈਨੀਟੇਸ਼ਨ ਸਿਸਟਮ ਦੀਆਂ ਸਮੱਸਿਆਵਾਂ ਹਨ। ਜ਼ਿਲ੍ਹਾ ਜੰਗਲਾਤ ਦਫ਼ਤਰ ਦੇ ਅਧਿਕਾਰੀਆਂ ਵੱਲੋਂ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਸਾਰੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ
ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਸਬੰਧੀ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਸਫ਼ਾਈ ਪ੍ਰਬੰਧ ਬਿਹਤਰ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਖਤਮ ਹੋਣ ਤੋਂ ਬਾਅਦ ਸੜਕਾਂ, ਗਲੀਆਂ ਅਤੇ ਬਾਜ਼ਾਰਾਂ ਨੂੰ ਬਣਾਉਣ ਦਾ ਕੰਮ ਵੀ ਸ਼ੁਰੂ ਹੋ ਜਾਵੇਗਾ। ਵਿਧਾਇਕ ਡਾ: ਗੁਪਤਾ ਨੇ ਜ਼ਿਲ੍ਹਾ ਜੰਗਲਾਤ ਅਫ਼ਸਰ ਅਮਨੀਤ ਸਿੰਘ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਕਿਸੇ ਵੀ ਵਪਾਰੀ ਨੂੰ ਤੰਗ-ਪ੍ਰੇਸ਼ਾਨ ਨਾ ਕੀਤਾ ਜਾਵੇ। ਇਸ ਮੌਕੇ ਪ੍ਰਧਾਨ ਅਨਿਲ ਮਹਿਰਾ, ਅਸ਼ੋਕ ਕੁਮਾਰ, ਸੁਮਨ ਮਹਿਰਾ, ਰਾਜੀਵ ਕੁਮਾਰ, ਸੰਜੀਵ ਮਹਿਰਾ ਤੋਂ ਇਲਾਵਾ ਹੋਰ ਕਾਰੋਬਾਰੀ ਹਾਜ਼ਰ ਸਨ।