ਵਿਧਾਇਕ ਨਰਿੰਦਰ ਕੌਰ ਭਰਾਜ ਨੇ 8.20 ਕਰੋੜ ਰੁਪਏ ਨਾਲ ਬਣਨ ਵਾਲੀਆਂ ਸ਼ਹਿਰ ਦੀ ਪ੍ਰਮੁੱਖ ਸੜਕ ਦੇ ਕੰਮ ਦੀ ਕਰਵਾਈ ਸ਼ੁਰੂਆਤ
ਸੰਗਰੂਰ, 6 ਨਵੰਬਰ:
ਸੰਗਰੂਰ ਦੇ ਐਮ.ਐਲ.ਏ. ,ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਅੱਜ ਕਰੀਬ 8.20 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੰਗਰੂਰ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਰੂਰ ਸ਼ਹਿਰ ਦੀਆਂ ਸੜਕਾਂ ਬਣਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ, ਜੋ ਬਹੁਤ ਜਲਦੀ ਮੁਕੰਮਲ ਕਰ ਲਿਆ ਜਾਵੇਗਾ।
ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਦੇ ਸਰਬਪੱਖੀ ਵਿਕਾਸ ਵੱਲ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਕਾਰਜਾਂ ਸਬੰਧੀ ਨਿੱਜੀ ਤੌਰ 'ਤੇ ਰਿਪੋਰਟ ਵੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ 07.70 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੰਗਰੂਰ ਬਾਈਪਾਸ ਪੂਨੀਆ ਟਾਵਰ ਤੋਂ ਯਾਦਵਿੰਦਰ ਹੋਟਲ ਤੱਕ ਤਕਰੀਬਨ 5.5 ਕਿਲੋਮੀਟਰ ਲੰਮੀ ਫੋਰ ਲੇਨ ਸੜਕ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਤੋਂ ਇਲਾਵਾ 52.92 ਲੱਖ ਰੁਪਏ ਦੀ ਲਾਗਤ ਨਾਲ ਬੱਸ ਸਟੈਂਡ ਚੌਕ ਤੋਂ ਪੁਰਾਣੀ ਤਹਿਸੀਲ ਵਾਲੀ ਸੜਕ ਦਾ ਕੰਮ ਦੀ ਸ਼ੁਰੂ ਕਰਵਾਇਆ ਗਿਆ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਵੱਡਾ ਲਾਭ ਹੋਵੇਗਾ। ਉਹਨਾਂ ਦੱਸਿਆ ਕਿ ਇਹ ਸ਼ਹਿਰ ਦੀ ਸਭ ਤੋਂ ਵੱਧ ਚੱਲਣ ਵਾਲੀਆਂ ਸੜਕਾਂ ਵਿੱਚੋਂ ਇਕ ਹੈ ਤੇ ਇਸ ਦਾ ਕੰਮ ਤੇਜ਼ੀ ਨਾਲ ਕੀਤਾ ਜਾਵੇਗਾ, ਜੋ 15 ਨਵੰਬਰ ਤੱਕ ਪੂਰਾ ਹੋ ਜਾਵੇਗਾ।
ਉਹਨਾਂ ਕਿਹਾ ਕਿ ਸਬੰਧਤ ਵਿਭਾਗ ਨੂੰ ਸ਼ਹਿਰ ਦੀਆਂ ਬਣਨ ਵਾਲੀਆਂ ਸੜਕਾਂ ਦੀ ਗੁਣਵੱਤਾ ਦਾ ਖਾਸ ਖਿਆਲ ਰੱਖਣ ਦੀਆਂ ਹਦਾਇਤਾ ਵੀ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਸ਼ਹਿਰ ਵਾਸੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਨਗਰ ਕੌਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ ਸਮੇਤ ਐਮ ਸੀ ਸਾਹਿਬਾਨ , ਵੱਖ ਵੱਖ ਅਹੁਦੇਦਾਰ, ਪਤਵੰਤੇ ਤੇ ਵੱਡੀ ਗਿਣਤੀ ਸ਼ਹਿਰ ਵਾਸੀ ਮੌਜੂਦ ਸਨ।


