ਸੂਬੇ ਦੇ ਵਪਾਰੀਆਂ ਨੂੰ ਸਾਜ਼ਗਾਰ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ: ਨਰਿੰਦਰ ਕੌਰ ਭਰਾਜ
ਸੰਗਰੂਰ, 12 ਜੂਨ:ਸੂਬੇ ਦੇ ਵਪਾਰੀਆਂ ਨੂੰ ਬਿਹਤਰ ਕਾਰੋਬਾਰੀ ਮਾਹੌਲ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਰਾਜ ਵਪਾਰੀ ਕਮਿਸ਼ਨ ਸੰਗਰੂਰ ਵੱਲੋਂ ਅੱਜ ਸੰਗਰੂਰ ਅਨਾਜ ਮੰਡੀ ਵਿਖੇ ਵਪਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵਪਾਰੀਆਂ ਦੇ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ’ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਇਸ ਮੌਕੇ ਸੰਗਰੂਰ ਦੇ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਵਪਾਰੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਵਪਾਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਵਪਾਰੀ ਵਰਗ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਵਪਾਰਕ ਗਤੀਵਿਧੀਆਂ ਰੁਜ਼ਗਾਰ ਸਿਰਜਣ ਦੇ ਨਾਲ-ਨਾਲ ਸਰਕਾਰੀ ਮਾਲੀਏ ਵਿੱਚ ਵੀ ਅਹਿਮ ਯੋਗਦਾਨ ਪਾਉਂਦੀਆਂ ਹਨ। ਇਸ ਲਈ ਵਪਾਰੀਆਂ ਦੀਆਂ ਹਰ ਜਾਇਜ਼ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ।
ਇਸ ਮੌਕੇ ਪੰਜਾਬ ਰਾਜ ਵਾਪਰੀ ਕਮਿਸ਼ਨ ਹਲਕਾ ਸੰਗਰੂਰ ਚੇਅਰਮੈਨ ਸੁਖਜਿੰਦਰ ਮਾਨ ਨੇ ਦੱਸਿਆ ਕਿ ਵਪਾਰੀਆਂ ਅਤੇ ਸਰਕਾਰ ਦਰਮਿਆਨ ਬਿਹਤਰ ਤਾਲਮੇਲ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਥਾਨਕ ਪੱਧਰ ’ਤੇ ਸੁਣਨ ਲਈ ਹਲਕਾ ਪੱਧਰ ’ਤੇ ਪੰਜਾਬ ਰਾਜ ਵਪਾਰੀ ਕਮਿਸ਼ਨ ਦੀਆਂ ਇਕਾਈਆਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਇਕਾਈਆਂ ਰਾਹੀਂ ਵਪਾਰੀਆਂ ਦੇ ਮੁੱਦਿਆਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾ ਕੇ ਉਨ੍ਹਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਮੀਟਿੰਗ ਦੌਰਾਨ ਵਪਾਰੀਆਂ ਨੇ ਆਪਣੇ ਕਾਰੋਬਾਰ ਨਾਲ ਸਬੰਧਤ ਵੱਖ-ਵੱਖ ਮੰਗਾਂ ਅਤੇ ਸੁਝਾਅ ਰੱਖੇ, ਜਿਨ੍ਹਾਂ ’ਤੇ ਸਕਾਰਾਤਮਕ ਢੰਗ ਨਾਲ ਵਿਚਾਰ ਕਰਕੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਐਸ.ਡੀ.ਐਮ ਸੰਗਰੂਰ ਸਤੀਸ਼ ਚੰਦਰ ਸਮੇਤ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਅਹੁਦੇਦਾਰ, ਵੱਖ-ਵੱਖ ਵਪਾਰ ਮੰਡਲਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।
