ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ
ਚੰਡੀਗੜ੍ਹ, 18 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 149ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 560 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
ਅੱਜ 149ਵੇਂ ਦਿਨ ਪੁਲਿਸ ਟੀਮਾਂ ਨੇ 333 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਹੋਈਆਂ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 38,090 ਹੋ ਗਈ ਹੈ।
ਇਸ ਤੋਂ ਇਲਾਵਾ, 75 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਦੋ ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਇਸ ਦੌਰਾਨ ਪੁਲਿਸ ਟੀਮਾਂ ਨੇ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਜਾਂ ਅਪਰਾਧਿਕ ਗਤੀਵਿਧੀਆਂ ਸਬੰਧੀ ਸੂਹ ਵੀ ਦਿੱਤੀ ਜਾ ਸਕਦੀ ਹੈ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਨੂੰ 474ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 70 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 961 ਗ੍ਰਾਮ ਹੈਰੋਇਨ ਅਤੇ 3500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਮਹਿਜ਼ 474 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 68,828 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 10 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
