ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਦਾ ਆਯੋਜਨ
ਮਾਨਸਾ, 23 ਮਾਰਚ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਕਰਵਾਈ ਗਈ ਜਿਸ ਵਿੱਚ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡੀਆਈਜੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਨਵਜੋਤ ਕੌਰ, ਐਸਐਸਪੀ ਭਾਗੀਰਥ ਸਿੰਘ ਮੀਨਾ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਰਾਜਿੰਦਰ ਜਾਫਰੀ ਸਮੇਤ ਹੋਰ ਸ਼ਖਸ਼ੀਅਤਾਂ ਨੇ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ।
ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਸੰਜੀਦਗੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਅਧਿਕਾਰੀਆਂ ਨਾਲ ਇਹ ਵਿਉਂਤਬੰਦੀ ਕੀਤੀ ਸੀ ਕਿ ਕਿਵੇਂ ਨਸ਼ੇ ਦੇ ਲੱਕ ਨੂੰ ਤੋੜਿਆ ਜਾ ਸਕਦਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਸੋਚ ਸਦਕਾ ਨਸ਼ਿਆਂ ਖਿਲਾਫ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਇਹ ਲੜਾਈ, ਆਪਣੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਲੜਨੀ ਜ਼ਰੂਰੀ ਹੈ।
ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ
ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਹ ਸਮਾਗਮ ਜ਼ਿਲ੍ਹਾ ਪ੍ਰਸਾਸ਼ਨ ਦਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਹੀ ਰਾਹ 'ਤੇ ਤੋਰਨਾ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਵੱਲੋਂ ਵੀ ਇਸ ਮੁਹਿੰਮ ਤਹਿਤ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਵੱਡੀ ਪੱਧਰ 'ਤੇ ਨਸ਼ੇ ਦੀ ਸਪਲਾਈ ਚੈਨ ਟੁੱਟੀ ਹੈ ਅਤੇ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਚ ਸਹਿਮ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵੀਡੀਸੀ ਮੈਂਬਰ ਜਾਂ ਪੰਚ ਸਰਪੰਚ ਨਸ਼ਾ ਤਸਕਰ ਦੀ ਜਾਣਕਾਰੀ ਦਿੰਦਾ ਹੈ ਤਾਂ ਪੁਲਿਸ ਉਸ ਜਾਣਕਾਰੀ ਦੇ ਅਧਾਰ ਉੱਤੇ ਨਸ਼ਾ ਤਸਕਰਾਂ ਖਿਲਾਫ ਤੁਰੰਤ ਕਾਰਵਾਈ ਕਰਦੀ ਹੈ।
ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਵੀਡੀਸੀ ਦੇ ਬਲਾਕ ਪ੍ਰਧਾਨ ਪਿੰਡਾਂ ਦੀਆਂ ਪੰਚਾਇਤਾਂ ਨਾਲ ਮੀਟਿੰਗ ਕਰਨਗੇ ਤਾਂ ਕਿ ਮੈਂਬਰਾਂ ਨੂੰ ਇਸ ਬਾਰੇ ਜਾਣੂ ਕਰਵਾਇਆ ਜਾ ਸਕੇ ਕਿ ਪੁਲਿਸ ਨੂੰ ਪੁਖਤਾ ਜਾਣਕਾਰੀ ਕਿਹੜੀ ਪ੍ਰਕਿਰਿਆ ਰਾਹੀਂ ਪ੍ਰਦਾਨ ਕਰਨੀ ਹੈ। ਉਹਨਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਮਾੜੇ ਅਨਸਰਾਂ ਦਾ ਮੁਕੰਮਲ ਸਫਾਇਆ ਯਕੀਨੀ ਬਣਾਉਣਾ ਹੈ। ਉਹਨਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੂਰੀ ਤਰ੍ਹਾਂ ਸਰਗਰਮ ਹਨ।
ਸਮਾਗਮ ਦੌਰਾਨ ਡੀਆਈਜੀ ਹਰਜੀਤ ਸਿੰਘ ਨੇ ਕਿਹਾ ਕਿ ਲੋਕ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਵਿੱਚ ਸੰਕੋਚ ਨਾ ਕਰਨ। ਉਹਨਾਂ ਕਿਹਾ ਕਿ ਪੁਲਿਸ ਦੇ ਹੈਲਪਲਾਈਨ ਨੰਬਰ ਉੱਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਂਦਾ ਹੈ। ਉਹਨਾਂ ਨੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਉਹ ਸਮਾਜ ਨੂੰ ਸੁਧਾਰਨ ਦੀ ਇਸ ਲੋਕ ਲਹਿਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੇ ਹਨ। ਉਹਨਾਂ ਨੇ ਸਾਈਬਰ ਕ੍ਰਾਈਮ ਤੋਂ ਬਚਾਅ ਦੇ ਢੰਗਾਂ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਅਜਿਹੀ ਕਿਸੇ ਠੱਗੀ ਸਬੰਧੀ ਤੁਰੰਤ ਹੈਲਪਲਾਈਨ ਨੰਬਰ 1930 ਉੱਤੇ ਸੂਚਨਾ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਲੋਕ ਨਸ਼ਿਆਂ ਖਿਲਾਫ ਮੁਹਿੰਮ ਵਿਚ ਅਹਿਮ ਰੋਲ ਅਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਦਰਵਾਜੇ ਤੁਹਾਡੇ ਲਈ ਹਮੇਸ਼ਾ ਖੁੱਲ੍ਹੇ ਨੇ ਅਤੇ
ਨਸ਼ੇ ਦੇ ਆਦੀ ਵਿਅਕਤੀ ਨੂੰ ਗੁਨਾਹਗਾਰ ਦੀ ਨਜ਼ਰ ਨਾਲ ਨਹੀਂ ਬਲਕਿ ਪੀੜਤ ਦੇ ਤੌਰ 'ਤੇ ਵੇਖਦੇ ਹੋਏ ਸਹੀ ਇਲਾਜ ਕਰਵਾਉਣ ਲਈ ਪ੍ਰਸ਼ਾਸਨ ਵਚਨ ਵੱਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਮੰਜ਼ਿਲ ਨਿਰਧਾਰਿਤ ਕਰਨੀ ਚਾਹੀਦੀ ਹੈ ਅਤੇ ਮਾਨਸਾ ਯੂਥ ਲਾਇਬ੍ਰੇਰੀ ਵਿਚ 100 ਦੇ ਕਰੀਬ ਵਿਦਿਆਰਥੀ ਯੂਪੀਐਸਸੀ ਦੀ ਤਿਆਰੀ ਕਰਦਾ ਹੈ ਕਿਉੰਕਿ ਉਨ੍ਹਾਂ ਨੇ ਆਪਣਾ ਮਕਸਦ ਧਾਰ ਕੇ ਟੀਚਾ ਤੈਅ ਕਰ ਲਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰ ਪੰਚਾਇਤ ਨੌਜਵਾਨਾਂ ਨੂੰ ਜਾਗਰੂਕ ਕਰੇ ਅਤੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਵਿੱਚ ਯੋਗਦਾਨ ਪਾਇਆ ਜਾਵੇ। ਉਹਨਾਂ ਕਿਹਾ ਕਿ ਜਿਲਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਵਚਨਬੱਧ ਹੈ।
ਐਸਐਸਪੀ ਭਾਗੀਰਥ ਸਿੰਘ ਮੀਨਾ ਨੇ ਸਪੱਸ਼ਟ ਸੰਦੇਸ਼ ਦਿੱਤਾ ਕਿ ਨਸ਼ਾ ਤਸਕਰਾਂ ਵਿਰੁੱਧ ਪੁਲਿਸ ਦੀ ਮੁਹਿੰਮ "ਜ਼ੀਰੋ ਟਾਲਰੈਂਸ" ਨੀਤੀ 'ਤੇ ਅਧਾਰਿਤ ਹੈ ਅਤੇ ਕਿਸੇ ਵੀ ਗੈਰ-ਸਮਾਜਿਕ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਮੁਖੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੁਲਿਸ ਇਕੱਲੀ ਨਸ਼ੇ ਦਾ ਖ਼ਾਤਮਾ ਨਹੀਂ ਕਰ ਸਕਦੀ ਇਸ ਲਈ ਪਿੰਡਾਂ ਦੀਆਂ ਪੰਚਾਇਤਾਂ ਅਤੇ ਮਾਪਿਆਂ ਦਾ ਸਹਿਯੋਗ ਲਾਜ਼ਮੀ ਹੈ।
ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਜਾਫਰੀ ਨੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਨ੍ਹਾਂ ਦੀ ਊਰਜਾ ਸਹੀ ਪਾਸੇ ਲੱਗ ਸਕੇ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ਿਆਂ ਦੀ ਇਸ ਦਲਦਲ ਵਿੱਚੋਂ ਨਿਕਲਣਾ ਚਾਹੁੰਦੇ ਹਨ, ਉਨ੍ਹਾਂ ਲਈ ਸਰਕਾਰ ਵੱਲੋਂ ਇਲਾਜ ਅਤੇ ਮੁੜ-ਵਸੇਬੇ ਵਿੱਚ ਪੂਰੀ ਮਦਦ ਦਾ ਵਾਅਦਾ ਕੀਤਾ ਜਾਂਦਾ ਹੈ।
ਇਸ ਮੌਕੇ ਹਾਜ਼ਰੀਨ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਵੀ ਚੁਕਾਈ ਗਈ।

