ਆਪ੍ਰੇਸ਼ਨ ਸੀਲ-13: ਨਸ਼ਾ ਤਸਕਰਾਂ ਅਤੇ ਸ਼ਰਾਬ ਦੀ ਤਸਕਰੀ ਕਰਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖਣ ਲਈ 92 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ
By Azad Soch
On
ਚੰਡੀਗੜ੍ਹ, 18 ਮਈ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁੰਕਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 78ਵੇਂ ਦਿਨ , ਪੰਜਾਬ ਪੁਲਿਸ ਨੇ ਐਤਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ’ਆਪ੍ਰੇਸ਼ਨ ਸੀਲ-13’ ਚਲਾਇਆ, ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕਰਨਾ ਸੀ ਤਾਂ ਜੋ ਨਸ਼ੀਲੇ ਪਦਾਰਥਾਂ ਅਤੇ ਸ਼ਰਾਬ ਦੀ ਤਸਕਰੀ ’ਤੇ ਬਾਜ਼ ਅੱਖ ਰੱਖੀ ਜਾ ਸਕੇ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ ਜ਼ਿਲਿ੍ਹਆਂ ਵਿੱਚ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਆਪੋ-ਆਪਣੇ ਜ਼ਿਲਿ੍ਹਆਂ ਦੀਆਂ ਸੰਵੇਦਨਸ਼ੀਲ ਅਤੇ ਸ਼ੱਕੀ ਥਾਵਾਂ ’ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਸਥਾਪਿਤ ਕਰਨ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।
ਹੋਰ ਵੇਰਵੇ ਸਾਂਝੇ ਕਰਦਿਆਂ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ 10 ਜ਼ਿਲਿ੍ਹਆਂ, ਜਿੰਨਾ ਦੀਆਂ ਹੱਦਾਂ ਯੂ.ਟੀ ਚੰਡੀਗੜ੍ਹ ਸਮੇਤ 4 ਰਾਜਾਂ ਨਾਲ ਸਾਂਝੀਆਂ ਹਨ, ਦੇ ਲਗਭਗ 92 ਪ੍ਰਵੇਸ਼/ਨਿਕਾਸ ਪੁਆਇੰਟਾਂ ’ਤੇ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਅਤੇ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਨਾਕੇ ਲਗਾਏ ਗਏ ਸਨ। 10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦਾਖਲ ਹੋਣ/ਬਾਹਰ ਜਾਣ ਵਾਲੇ 4244 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 511 ਦੇ ਚਲਾਨ ਕੀਤੇ ਗਏ ਅਤੇ 39 ਨੂੰ ਕਾਰਵਾਈ ਦੌਰਾਨ ਜ਼ਬਤ ਕੀਤਾ ਗਿਆ।
ਇਸ ਤੋਂ ਇਲਾਵਾ, ਪੁਲਿਸ ਟੀਮਾਂ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਜਾਰੀ ਹੈ, ਜਿਸ ਤਹਿਤ ਐਤਵਾਰ ਨੂੰ 490 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਅਤੇ ਰਾਜ ਭਰ ਵਿੱਚ 109 ਐਫ. ਆਈ. ਆਰਜ਼.ਦਰਜ ਕਰਨ ਉਪਰੰਤ 136 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ 78 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 11860 ਹੋ ਗਈ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 11.3 ਕਿਲੋਗ੍ਰਾਮ ਹੈਰੋਇਨ ਅਤੇ 3.48 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ 95 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 532 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ - ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸਦੇ ਤਹਿਤ ਪੰਜਾਬ ਪੁਲਿਸ ਨੇ ’ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਅੱਜ 103 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Related Posts
Latest News
13 Jun 2025 20:23:31
ਹੁਸ਼ਿਆਰਪੁਰ, 13 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...