ਪੰਜਾਬ ਸਰਕਾਰ ਨੇ ਸੂਬੇ ਦੇ ਚਹੁੰਮੁਖੀ ਵਿਕਾਸ ਤੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਕਦਮ ਚੁੱਕੇ : ਮੋਹਿੰਦਰ ਭਗਤ
By Azad Soch
On
ਜਲੰਧਰ, 31 ਮਾਰਚ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਅੱਜ ਵਾਰਡ ਨੰਬਰ 46, ਭਾਰਗੋ ਕੈਂਪ ਵਿਖੇ ਲੋਕਾਂ ਨਾਲ ਸਿੱਧੇ ਸੰਵਾਦ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਾ ਸਿਰਫ਼ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਸਗੋਂ ਵਾਅਦਿਆਂ ਤੋਂ ਇਲਾਵਾ ਵੀ ਕਈ ਇਤਿਹਾਸਕ ਕਦਮ ਚੁੱਕੇ ਹਨ, ਜਿਨ੍ਹਾਂ ਵਿੱਚੋਂ ਇਕ ਸੜਕ ਸੁਰੱਖਿਆ ਫੋਰਸ ਦਾ ਗਠਨ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੜਕ ਹਾਦਸਿਆਂ ਦੌਰਾਨ ਲੋਕਾਂ ਦੀ ਮਦਦ ਲਈ ਸੜਕ ਸੁਰੱਖਿਆ ਫੋਰਸ ਬਣਾਈ ਗਈ ਹੈ, ਜਿਸ ਸਦਕਾ ਸੜਕ ਹਾਦਸਿਆਂ ਵਿੱਚ ਅਜਾਈਂ ਜਾਣ ਵਾਲੀਆਂ ਕੀਮਤੀ ਜਾਨਾਂ ਬਚਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਵੱਲੋਂ ਪੰਜਾਬ ਸਰਕਾਰ ਦੇ ਲੋਕ ਹਿਤੂ ਕਦਮ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ।
ਸ਼੍ਰੀ ਭਗਤ ਨੇ ਇਸ ਮੌਕੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਾਰ ਸਾਲਾਂ ਦੌਰਾਨ ਸੂਬੇ ਦੇ ਚਹੁੰਮੁਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੀਤੀਆਂ ਅਨੇਕਾਂ ਪਹਿਲਕਦਮੀਆਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸੇਵਾਵਾਂ, ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ, 90 ਫੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਲੱਖਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਸਮੇਤ ਅਨੇਕਾਂ ਲੋਕ ਭਲਾਈ ਕਦਮ ਚੁੱਕੇ ਗਏ ਹਨ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ 65,000 ਸਰਕਾਰੀ ਨੌਕਰੀਆਂ ਬਿਨਾਂ ਕਿਸੇ ਪੱਖਪਾਤ ਦੇ ਕੇਵਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਹਨ। ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ, ਜਿਸ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ, ਜਿਸ ਤਹਿਤ ਨਸ਼ਾ ਤਸਕਰਾਂ ’ਤੇ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਜੇਲਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ਿਆਂ ਦੀ ਲੱਤ ਦਾ ਸ਼ਿਕਾਰ ਵਿਅਕਤੀਆਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।
ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਵੱਡੀ ਗਿਣਤੀ ਇਲਾਕਾ ਵਾਸੀ ਵੀ ਮੌਜੂਦ ਸਨ।
Latest News
31 Mar 2026 22:49:34
*ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ:...

