ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ, 7 ਜੁਲਾਈ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਵਿੱਚ ਹੜ੍ਹਾਂ ਅਤੇ ਮਾਨਸੂਨ ਸਬੰਧੀ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ।

ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲੋਕਾਂ ਦੀ ਜਾਨ-ਮਾਲ, ਵਾਹੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਨਿਗਰਾਨ ਪ੍ਰਣਾਲੀ ਅਤੇ ਰੱਖਿਆ ਢਾਂਚਾ ਤਿਆਰ ਕੀਤਾ ਹੈ।

ਦੱਸ ਦੇਈਏ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਨੇ ਵੱਖ-ਵੱਖ ਹੜ੍ਹਾਂ ਤੋਂ ਸੰਵੇਦਨਸ਼ੀਲ ਥਾਵਾਂ, ਜਿੱਥੇ ਕੰਮ ਚੱਲ ਰਹੇ ਸਨ ਜਾਂ ਮੁਕੰਮਲ ਹੋ ਚੁੱਕੇ ਸਨ, ਦਾ ਵਿਆਪਕ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਸੀ ਅਤੇ ਇਸ ਸਬੰਧੀ ਵਿਭਾਗ ਦੀਆਂ ਤਿਆਰੀਆਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਸੀ।

ਅੱਜ ਉੱਚ ਪੱਧਰੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੰਜਾਬ ਭਰ ਵਿੱਚ ਹੜ੍ਹ ਸੁਰੱਖਿਆ ਅਤੇ ਡਰੇਨੇਜ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ, ਜਿਸ ਵਿੱਚ ਡਰੇਨਾਂ ਦੀ ਸਫ਼ਾਈ, ਬੋਲਡਰ ਸਟੋਨ (ਵੱਡੇ ਪੱਥਰਾਂ ਨਾਲ) ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, ਬੰਨ੍ਹਾਂ ਨੂੰ ਉੱਚਾ ਤੇ ਮਜ਼ਬੂਤ ਕਰਨਾ, ਫਲੱਡ ਕੰਟਰੋਲ ਗੇਟਾਂ ਦੀ ਕਾਰਜਸ਼ੀਲਤਾ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਠੋਸ ਹੜ੍ਹ ਰੋਕੂ ਪ੍ਰਬੰਧ ਸ਼ਾਮਲ ਹਨ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹੜ੍ਹਾਂ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਸੰਵੇਦਨਸ਼ੀਲ ਥਾਵਾਂ ’ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ ਅਤੇ ਦਰਿਆਵਾਂ, ਡਰੇਨਾਂ, ਬੰਨ੍ਹਾਂ ਅਤੇ ਹੜ੍ਹ ਸੁਰੱਖਿਆ ਢਾਂਚੇ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਿੱਥੇ ਵੀ ਕੋਈ ਕਮੀ ਨਜ਼ਰ ਆਵੇ, ਉੱਥੇ ਤੁਰੰਤ ਸੁਧਾਰਾਤਮਕ ਕਦਮ ਚੁੱਕੇ ਜਾਣ ਤਾਂ ਜੋ ਮਾਨਸੂਨ ਦੌਰਾਨ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਸੂਬੇ ਭਰ ਵਿੱਚ ਗਾਰ ਕੱਢਣ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਵੱਖ-ਵੱਖ ਲਾਗੂਕਰਨ ਮਾਡਲਾਂ ਅਧੀਨ ਕੀਤੇ ਜਾ ਰਹੇ ਕੰਮਾਂ ਦਾ ਮੁਲਾਂਕਣ ਕੀਤਾ, ਜਿਸ ਵਿੱਚ ਟੈਂਡਰ-ਅਧਾਰਤ ਪ੍ਰਾਜੈਕਟ, ਵੌਲੀਅਮ-ਸ਼ੇਅਰਿੰਗ ਪ੍ਰਬੰਧ, ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀਆਂ ਨੂੰ ਪ੍ਰਵਾਨਗੀ ਲਈ ਭੇਜੀਆਂ ਗਈਆਂ ਥਾਵਾਂ ਅਤੇ ਕਈ ਹੋਰ ਮਹੱਤਵਪੂਰਨ ਥਾਵਾਂ ਸ਼ਾਮਲ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਾਨਸੂਨ ਦੇ ਸਿਖਰਲੇ ਸਮੇਂ ਤੋਂ ਪਹਿਲਾਂ ਗਾਰ ਕੱਢਣ ਸਬੰਧੀ ਸਾਰੇ ਕੰਮਾਂ ਨੂੰ ਸਮੇਂ ਸਿਰ ਨਿਪਟਾਉਣਾ ਯਕੀਨੀ ਬਣਾਉਣ ਤਾਂ ਜੋ ਸੁਚਾਰੂ ਨਿਕਾਸੀ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ ਅਤੇ ਭਾਰੀ ਮੀਂਹ ਦੌਰਾਨ ਪਾਣੀ ਭਰਨ ਤੋਂ ਰੋਕਿਆ ਜਾ ਸਕੇ।

ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਹੜ੍ਹ ਸੁਰੱਖਿਆ ਕਾਰਜਾਂ ਵਿੱਚ 101 ਬੋਲਡਰ  ਸਟੋਨ ਅਤੇ ਹਾਈਬ੍ਰਿਡ ਸੁਰੱਖਿਆ ਕਾਰਜ, 17 ਬੰਨ੍ਹਾਂ ਨੂੰ ਉੱਚਾ ਚੁੱਕਣਾ, 22 ਬੰਨ੍ਹ ਮਜ਼ਬੂਤ ਕਰਨੇ, 188 ਡਰੇਨਾਂ ਦੀ ਸਫਾਈ ਅਤੇ ਪੰਜ ਹੜ੍ਹ ਕੰਟਰੋਲ ਗੇਟ ਸੰਚਾਲਨ ਕਾਰਜ ਸ਼ਾਮਲ ਹਨ, ਜਿਨ੍ਹਾਂ 'ਤੇ ਲਗਭਗ 414.75 ਕਰੋੜ ਰੁਪਏ ਖਰਚੇ ਗਏ ਹਨ।

ਸਾਰੇ ਫੀਲਡ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਦੌਰਾਨ ਚੌਕਸ ਰਹਿਣ ਦਾ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਹੜ੍ਹ ਵਾਲੀਆਂ ਸੰਵੇਦਨਸ਼ੀਲ ਥਾਵਾਂ ’ਤੇ 24 ਘੰਟੇ ਚੌਕਸੀ ਰੱਖਣ ਅਤੇ ਹਰ ਐਮਰਜੈਂਸੀ ਸਥਿਤੀ ਮੌਕੇ ਤੁਰੰਤ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਉੱਚ ਗੁਣਵੱਤਾ ਮਾਪਦੰਡਾਂ ਨੂੰ ਧਿਆਨ ਵਿੱਚ ਰੱਖਦਿਆਂ ਬਾਕੀ ਸਾਰੇ ਕੰਮ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਪੂਰੇ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਢੁਕਵੇਂ ਹੜ੍ਹ ਸੁਰੱਖਿਆ ਉਪਾਅ ਕੀਤੇ ਜਾ ਸਕਣ।

ਜਲ ਸਰੋਤ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਹੜ੍ਹ ਸੁਰੱਖਿਆ ਕਾਰਜਾਂ ਨੂੰ ਸਮੇਂ ਸਿਰ ਲਾਗੂ ਕਰਕੇ, ਨਿਰੰਤਰ ਫੀਲਡ ਨਿਗਰਾਨੀ ਅਤੇ ਸਾਰੇ ਸਬੰਧਤ ਵਿਭਾਗਾਂ ਅਤੇ ਏਜੰਸੀਆਂ ਨਾਲ ਨੇੜਲੇ ਤਾਲਮੇਲ ਰਾਹੀਂ ਹੜ੍ਹਾਂ ਨਾਲ ਸਬੰਧਤ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਤਾਂ ਜੋ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਹੜ੍ਹਾਂ ਦੇ ਪ੍ਰਭਾਵ ਨੂੰ ਘੱਟ ਕੀਤਾ ਜਾ ਸਕੇ।

ਮੀਟਿੰਗ ਵਿੱਚ ਹਾਜ਼ਰ ਪਤਵੰਤਿਆਂ ਵਿੱਚ ਪ੍ਰਮੁੱਖ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਮੁੱਖ ਇੰਜੀਨੀਅਰ (ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

 

Advertisement

Latest News

ਪਿੰਡ ਸੱਯਦਵਾਲਾ ਵਿਚ ਨਰਮੇ ਦੀ ਫ਼ਸਲ ਸਬੰਧੀ ਟ੍ਰੇਨਿੰਗ ਕੈਂਪ ਲਗਾਇਆ ਪਿੰਡ ਸੱਯਦਵਾਲਾ ਵਿਚ ਨਰਮੇ ਦੀ ਫ਼ਸਲ ਸਬੰਧੀ ਟ੍ਰੇਨਿੰਗ ਕੈਂਪ ਲਗਾਇਆ
ਫਾਜ਼ਿਲਕਾ, 7 ਜੁਲਾਈ:   ਮੁੱਖ ਖੇਤੀਬਾੜੀ ਅਫ਼ਸਰ ਡਾ. ਕੁਲਵੰਤ ਸਿੰਘ ਦੇ ਹੁਕਮਾਂ ਅਨੁਸਾਰ ਪਿੰਡ ਸੱਯਦਵਾਲਾ ਵਿਚ ਕੈਂਪ ਲਗਾਕੇ ਕਿਸਾਨਾਂ ਨੂੰ ਨਰਮੇਂ...
ਨਵੀਆਂ ਵਿਕਸਿਤ ਹੋ ਰਹੀਆਂ ਤਿੰਨ ਅਣ-ਅਧਿਕਾਰਤ ਕਲੋਨੀਆਂ 'ਤੇ ਚੱਲਿਆ ਪੀਲਾ ਪੰਜਾ
ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਦੋ ਨਵੇਂ ਟਿਊਬਵੈੱਲਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਉਦਘਾਟਨ
ਪੰਜਾਬ ਸਰਕਾਰ ਵੱਲੋਂ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ-ਪਿੰਡ ਵਿਖਾਈ ਜਾਵੇਗੀ- ਕੁਲਤਾਰ ਸਿੰਘ ਸੰਧਵਾਂ
ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ 'ਆਪ' ਵਿੱਚ ਹੋਏ ਸ਼ਾਮਲ
ਮੋਦੀ ਸਰਕਾਰ ਨੇ ਲੋਕਾਂ 'ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ
ਗੈਂਗਸਟਰਾਂ ਤੇ ਵਾਰ ਦਾ 168ਵਾਂ ਦਿਨ: ਪੰਜਾਬ ਪੁਲਿਸ ਵੱਲੋਂ ਲਗਭਗ 1000 ਥਾਈਂ ਛਾਪੇਮਾਰੀ ; 597 ਕਾਬੂ