'ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ 'ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ
By Azad Soch
On
ਚੰਡੀਗੜ੍ਹ, 16 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 424 ਥਾਵਾਂ 'ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 45 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ 16 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2012 ਹੋ ਗਈ ਹੈ।
ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 385 ਗ੍ਰਾਮ ਹੈਰੋਇਨ, 19 ਕਿਲੋ ਭੁੱਕੀ, 2673 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 15600 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਤਿੰਨ ਮਹੀਨਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 98 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚਲੇ ਇਸ ਆਪ੍ਰੇਸ਼ਨ ਦੌਰਾਨ 593 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀਅਡਿਕਸ਼ਨ’ ਹਿੱਸੇ ਵਜੋਂ 3 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।
ਦੱਸਣਯੋਗ ਹੈ ਕਿ ਪੰਜਾਬ ਪੁਲਿਸ ਨੇ ਜੇਲ੍ਹ ਵਿੱਚ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਛੇ ਜ਼ਿਲ੍ਹਿਆਂ - ਕਮਿਸ਼ਨਰੇਟ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਬਟਾਲਾ, ਅੰਮ੍ਰਿਤਸਰ ਦਿਹਾਤੀ ਅਤੇ ਤਰਨਤਾਰਨ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਡੀਆਂ ਪੁਲਿਸ ਟੀਮਾਂ ਨੇ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਅਤੇ ਪਖਾਨਿਆਂ ਸਮੇਤ ਹਰ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਹੈ।
Tags:
Related Posts
Latest News
14 Dec 2025 09:13:34
New Delhi,14,DEC,2025,(Azad Soch News):- OnePlus 15R ਵਿੱਚ 32-ਮੈਗਾਪਿਕਸਲ ਦਾ ਸੈਲਫੀ ਕੈਮਰਾ ਹੋਵੇਗਾ ਜੋ ਆਟੋਫੋਕਸ ਨਾਲ ਆਉਂਦਾ ਹੈ ਅਤੇ 4K 30fps...


