ਵਿਦਿਆਰਥੀਆਂ ਦੀਆਂ ਰੈਲੀਆਂ ਨੇ ਵੋਟਰਾਂ 'ਚ ਜਗਾਈ ਨਵੀਂ ਅਲਖ
ਤਰਨ ਤਾਰਨ, 16 ਜੁਲਾਈ - ਜ਼ਿਲ੍ਹੇ ਵਿੱਚ ਐਸ.ਆਈ.ਆਰ 2026 ਤਹਿਤ ਚੱਲ ਰਹੇ ਵੋਟਰ ਸੁਧਾਈ ਦੇ ਕੰਮ ਨੇ ਹੁਣ ਰਫ਼ਤਾਰ ਫੜ ਲਈ ਹੈ। ਸਕੂਲੀ ਵਿਦਿਆਰਥੀਆਂ ਵੱਲੋਂ ਕੀਤੀਆਂ ਜਾ ਰਹੀਆਂ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਕਾਰਨ ਆਮ ਲੋਕਾਂ ਵਿੱਚ ਵੋਟ ਸੁਧਾਈ ਦੇ ਕੰਮ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਦੀ ਅਗਵਾਈ ਅਤੇ ਅਣਥੱਕ ਮਿਹਨਤ ਸਦਕਾ ਜ਼ਿਲ੍ਹੇ ਦੇ ਸਮੂਹ ਬਲਾਕਾਂ ਵਿੱਚ ਇਹ ਮੁਹਿੰਮ ਜੰਗੀ ਪੱਧਰ ‘ਤੇ ਚਲਾਈ ਜਾ ਰਹੀ ਹੈ। ਸਕੂਲ ਮੁਖੀਆਂ ਅਤੇ ਪ੍ਰਿੰਸੀਪਲਾਂ ਦੇ ਸਹਿਯੋਗ ਨਾਲ ਵਿਦਿਆਰਥੀ ਰੈਲੀਆਂ, ਪੋਸਟਰ ਮੁਕਾਬਲੇ ਅਤੇ ਹੋਰ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਵੋਟਾਂ ਦੀ ਸੁਧਾਈ ਅਤੇ ਨਵੀਆਂ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰ ਰਹੇ ਹਨ।
ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਕੋਸ਼ਿਸ਼ਾਂ ਕਾਰਨ ਲੋਕ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਵਧੇਰੇ ਜਾਗਰੂਕ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਦਾ ਸਿੱਧਾ ਅਸਰ ਜ਼ਮੀਨੀ ਪੱਧਰ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਲੋਕ ਵੱਡੀ ਗਿਣਤੀ ਵਿੱਚ ਆਪਣੀਆਂ ਵੋਟਾਂ ਦੀ ਸੁਧਾਈ ਕਰਵਾਉਣ ਲਈ ਅੱਗੇ ਆ ਰਹੇ ਹਨ, ਜਿਸ ਕਾਰਨ ਇਸ ਕੰਮ ਵਿੱਚ ਭਾਰੀ ਤੇਜ਼ੀ ਆਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸਾਡਾ ਟੀਚਾ ਆਉਣ ਵਾਲੇ ਦਿਨਾਂ ਵਿੱਚ ਐਸ.ਆਈ. ਆਰ 2026 ਦਾ ਕੰਮ ਜਲਦੀ ਤੋਂ ਜਲਦੀ ਸ਼ਤ ਪ੍ਰਤੀਸ਼ਤ ਮੁਕੰਮਲ ਕਰਨਾ ਹੈ ਤਾਂ ਜੋ ਇਕ ਵੀ ਯੋਗ ਵੋਟਰ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ।
