ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਧਰੋਹਰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ
ਕੋਟਕਪੂਰਾ 30 ਜਨਵਰੀ () ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਡੀ.ਏ.ਵੀ. ਪਬਲਿਕ ਸਕੂਲ, ਕੋਟਕਪੂਰਾ ਵੱਲੋਂ ਕਰਵਾਏ ਗਏ ਸਾਲਾਨਾ ਸੱਭਿਆਚਾਰਕ ਤੇ ਵਿਰਾਸਤੀ ਪ੍ਰੋਗਰਾਮ ‘ਧਰੋਹਰ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ, ਅਧਿਆਪਕ ਵਰਗ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਮਾਪੇ ਹਾਜ਼ਰ ਸਨ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਅਮੁੱਲੀ ਵਿਰਾਸਤ, ਸੱਭਿਆਚਾਰ ਅਤੇ ਰਿਵਾਇਤਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਆਪਣੀ ਮਾਤ ਭਾਸ਼ਾ, ਲੋਕਨਾਚ, ਲੋਕਗੀਤ ਅਤੇ ਇਤਿਹਾਸਕ ਵਿਰਾਸਤ ਪ੍ਰਤੀ ਸਨਮਾਨ ਪੈਦਾ ਕਰਨਾ ਸਮੇਂ ਦੀ ਲੋੜ ਹੈ।
ਸਪੀਕਰ ਸ. ਸੰਧਵਾਂ ਨੇ ਸਕੂਲ ਪ੍ਰਬੰਧਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡੀ.ਏ.ਵੀ. ਪਬਲਿਕ ਸਕੂਲ ਵੱਲੋਂ ‘ਧਰੋਹਰ’ ਜਿਹੇ ਪ੍ਰੋਗਰਾਮ ਆਯੋਜਿਤ ਕਰਕੇ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਸਰਾਹਣਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਨੈਤਿਕ ਮੁੱਲਾਂ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੀ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸਕੂਲ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ 1 ਲੱਖ 11 ਹਜ਼ਾਰ ਰੁਪਏ ਦੀ ਰਾਸ਼ੀ ਸਕੂਲ ਦੇ ਵਿਕਾਸ ਲਈ ਦਿੱਤੀ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਲੋਕਨਾਚ, ਨਾਟਕ ਅਤੇ ਸੰਗੀਤਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੂੰ ਦਰਸ਼ਕਾਂ ਵੱਲੋਂ ਭਰਪੂਰ ਸਰਾਹਨਾ ਮਿਲੀ।
ਇਸ ਮੌਕੇ ਪ੍ਰਿ. ਆਰ.ਐਸ. ਕੰਗ, ਸ੍ਰੀ ਐਸ.ਕੇ ਭੁੱਲਰ ਮੈਨੇਜਰ, ਸ੍ਰੀ ਸੰਤੀਸ਼ ਬਾਂਸਲ, ਸ੍ਰੀ ਸੰਦੀਪ ਕਟਾਰੀਆ, ਸ੍ਰੀ ਉਮੇਸ਼ ਗਰਗ, ਮੈਡਮ ਸਮੀਤਾ ਸ਼ਰਮਾ, ਸ੍ਰੀ ਰਾਜ ਕੁਮਾਰ, ਸ. ਅਮਨਦੀਪ ਸਿੰਘ ਪੀ.ਏ, ਸ. ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਸ. ਗੈਰੀ ਵੜਿੰਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਤੇ ਹੋਰ ਹਾਜ਼ਰ ਸਨ।

