ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿਖੇ ਆਰ.ਓ. ਦਾ ਕੀਤਾ ਉਦਘਾਟਨ
ਸ੍ਰੀ ਮੁੁਕਤਸਰ ਸਾਹਿਬ 18 ਸਤੰਬਰ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਅਤੇ ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੋਟੀਆਂ ਵਿੱਚ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ 1 ਲੱਖ ਰੁਪਏ ਦੀ ਗਰਾਂਟ ਨਾਲ ਲੱਗੇ ਆਰ ਓ ਦਾ ਉਦਘਾਟਨ ਕਰਦਿਆਂ ਕੀਤਾ।
ਉਹਨਾਂ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਹਲਕਾ ਪੱਧਰ ਤੇ ਪੰਜਾਬ ਵਿੱਚ ਸਕੂਲ ਆਫ ਐਮੀਨੈਂਸ ਖੋਲੇ ਗਏ ਹਨ, ਜਿੱਥੇ ਬੱਚਿਆਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਉਪਲਬਧ ਹੋਵੇਗੀ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖਿਆ ਸਿਹਤ ਖੇਤਰ ਵਿੱਚ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਮੋਹਰੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਜਿ਼ਲ੍ਹੇ ਭਰ ਦੇ ਸਰਕਾਰੀ ਸਕੂਲਾਂ ਅਤੇ ਸਿਹਤ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਬਾਥਰੂਮਾਂ ਦੀ ਵੱਡੀ ਸਮੱਸਿਆ ਸੀ, ਜਿਸ ਲਈ ਉਹਨਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਵੱਡੀ ਗਿਣਤੀ ਪਿੰਡਾਂ ਵਿੱਚ ਜਿੱਥੇ ਪਖਾਣੇ ਬਣਵਾਏ ਹਨ। ਉੱਥੇ ਪੀਣ ਵਾਲੇ ਸ਼ੁੱਧ ਪਾਣੀ ਲਈ ਆਰ ਓ ਦੇ ਪ੍ਰਬੰਧ ਵੀ ਕਰਕੇ ਦਿੱਤੇ ਗਏ ਹਨ।
ਉਹਨਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਚੋਟੀਆਂ ਵਿੱਚ ਸਟਾਫ ਤੇ ਪਿੰਡ ਵਾਸੀਆਂ ਦੀ ਮੰਗ ਸੀ ਕਿ ਬੱਚਿਆਂ ਦੇ ਪੀਣ ਲਈ ਸ਼ੁੱਧ ਪਾਣੀ ਦਾ ਪ੍ਰਬੰਧ ਕਰਨ ਲਈ ਆਰ ਓ ਦੀ ਲੋੜ ਹੈ, ਜਿਸ ਲਈ ਉਹਨਾਂ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ 1 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਸੀ, ਜਿਸ ਨਾਲ ਬੱਚਿਆਂ ਲਈ ਆਰ ਓ ਲਾਇਆ ਗਿਆ ਹੈ, ਜਿੱਥੇ ਬੱਚਿਆਂ ਨੂੰ ਹੁਣ ਸਾਫ ਸੁਥਰਾ ਪੀਣ ਲਈ ਪਾਣੀ ਮਿਲੇਗਾ।
ਉਹਨਾਂ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਡੇ ਜੀਵਨ ਵਿੱਚ ਅੱਗੇ ਵਧਣ ਤੇ ਤਰੱਕੀਆਂ ਪਾਉਣ ਲਈ ਪੜ੍ਹਾਈ ਹੀ ਇੱਕੋ ਇੱਕ ਰਸਤਾ ਹੈ, ਇਸ ਲਈ ਮਨ ਲਾ ਕੇ ਪੜ੍ਹਾਈ ਕਰੋ ਤੇ ਖੂਬ ਤਰੱਕੀਆਂ ਮਾਣੋ। ਪੰਜਾਬ ਸਰਕਾਰ ਤੁਹਾਡੇ ਬਿਹਤਰ ਭਵਿੱਖ ਲਈ ਯਤਨਸ਼ੀਲ ਤੇ ਵਚਨਬੱਧ ਹੈ।
ਇਸ ਮੌਕੇ ਤੇ ਗੁਰਪ੍ਰੀਤ ਸਿੰਘ ਚੋਟੀਆਂ, ਬਾਦਲ ਸਿੰਘ, ਹਰਪ੍ਰੀਤ ਸਿੰਘ ਸ਼ੇਰਬਾਜ ਸਿੰਘ, ਮੰਦਰ ਸਿੰਘ, ਮੁਖਪਾਲ ਸਿੰਘ, ਗੁਰਮੇਲ ਸਿੰਘ ਮੈਂਬਰ, ਬਲਵਿੰਦਰ ਸਿੰਘ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।