ਪ੍ਰਸ਼ਾਸਨ ਵੱਲੋਂ ਬੱਸ ਸਟੈਂਡ 'ਤੇ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ
ਲੁਧਿਆਣਾ, 13 ਅਪ੍ਰੈਲ (000) - ਵੋਟਰਾਂ ਤੱਕ ਵੱਡੀ ਪੱਧਰ 'ਤੇ ਪਹੁੰਚ ਬਣਾਉਣ ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਬੱਸ ਸਟੈਂਡ 'ਅਮਰ ਸ਼ਹੀਦ ਸੁਖਦੇਵ ਇੰਟਰ-ਸਟੇਟ ਬੱਸ ਟਰਮੀਨਲ' ਵਿਖੇ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਵਾਈ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ ਨੇ ਜਾਗਰੂਕਤਾ ਮੁਹਿੰਮ ਵਿੱਚ ਹਿੱਸਾ ਲਿਆ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਬੱਸ ਸਟੈਂਡ ਦੇ ਵੱਖ-ਵੱਖ ਪੁਆਇੰਟਾਂ 'ਤੇ ਵਸਨੀਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਫਲੈਕਸ/ਸਟੈਂਡੀਜ਼ ਵੀ ਲਗਾਏ ਗਏ ਹਨ।
ਜਾਗਰੂਕਤਾ ਮੁਹਿੰਮ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਨੇ ਡਰਾਈਵਰਾਂ ਅਤੇ ਬੱਸ ਕੰਡਕਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸ਼ਨ ਦਾ ਸਾਥ ਦੇਣ ਤਾਂ ਜੋ ਯਾਤਰੀਆਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ ਦੌਰਾਨ 70 ਪ੍ਰਤੀਸ਼ਤ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ।
ਨਵੇਂ ਯੋਗ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਲਈ 'ਵੋਟਰ ਹੈਲਪਲਾਈਨ' ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਨਿਵਾਸੀ www.nvsp.in 'ਤੇ ਵੀ ਜਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਲਈ ਵਚਨਬੱਧ ਹੈ ਅਤੇ ਪੋਲਿੰਗ ਵਾਲੇ ਦਿਨ (1 ਜੂਨ) ਨੂੰ ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।