ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ
By Azad Soch
On
ਫਤਹਿਗੜ੍ਹ ਸਾਹਿਬ, 13 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਰਾਸ਼ਟਰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਮਹਿਲਾ ਸਰਪੰਚ ਤੇ ਪੰਚ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨਗੇ ਅਤੇ ਮਹਿਲਾ ਪੰਚਾਇਤਾਂ ਦੇ ਕੌਮੀ ਸੰਮਲੇਨ ਵਿੱਚ ਵੀ ਸ਼ਿਰਕਤ ਕਰਨਗੇ।
ਅੱਜ ਇੱਥੇ ਰੇਲਵੇ ਸਟੇਸ਼ਨ ਵਿਖੇ ਰੇਲਗੱਡੀ ਨੂੰ ਝੰਡੀ ਦਿਖਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਤੋਂ 500 ਮਹਿਲਾ ਸਰਪੰਚਾਂ ਤੇ ਪੰਚਾਂ ਦਾ ਵਫ਼ਦ ਮਹਿਲਾ ਪੰਚਾਇਤਾਂ ਬਾਰੇ ਕੌਮੀ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਮਹਾਰਾਸ਼ਟਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਚੰਗੀ ਕਾਰਗੁਜ਼ਾਰੀ ਵਾਲੀਆਂ ਪੰਚਾਇਤਾਂ ਦੇ ਨੁਮਾਇੰਦੇ ਸ਼ਾਮਲ ਹਨ। ਇਸ ਦੌਰੇ ਦਾ ਮਕਸਦ ਪੰਜਾਬ ਦੀਆਂ ਮਹਿਲਾ ਸਰਪੰਚਾਂ ਤੇ ਪੰਚਾਂ ਦੇ ਦੂਜੇ ਸੂਬਿਆਂ ਤੋਂ ਆਏ ਪੰਚਾਇਤੀ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਰਾਹੀਂ ਨਵੇਂ ਤਜਰਬੇ ਸਾਂਝੇ ਕਰਨਾ ਹੈ ਤਾਂ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਲੀਹੋਂ ਹਟਵੇਂ ਉਪਰਾਲਿਆਂ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤਾਂ ਜਮਹੂਰੀਅਤ ਦਾ ਥੰਮ੍ਹ ਹਨ ਅਤੇ ਪਿੰਡਾਂ ਵਿੱਚ ਸਕੂਲਾਂ, ਡਿਸਪੈਂਸਰੀਆਂ, ਪਸ਼ੂ ਹਸਪਤਾਲਾਂ ਅਤੇ ਹੋਰ ਜਨਤਕ ਭਲਾਈ ਵਾਲੇ ਕਾਰਜਾਂ ਦਾ ਪ੍ਰਬੰਧ ਸਿੱਧੇ ਤੌਰ ’ਤੇ ਪੰਚਾਇਤਾਂ ਦੀ ਨਿਗਰਾਨੀ ਹੇਠ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸਿਖਲਾਈ ਸਰਪੰਚਾਂ ਤੇ ਪੰਚਾਂ ਲਈ ਬਹੁਤ ਮਹੱਤਵਪੂਰਨ ਹੈ ਕਿਉਂਕਿ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੰਚਾਇਤਾਂ ਦਾ ਸਾਰੇ ਵਿਭਾਗਾਂ ਨਾਲ ਵਾਹ ਪੈਂਦਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਦੌਰੇ ਨਾਲ ਮਹਿਲਾ ਪੰਚਾਇਤੀ ਨੁਮਾਇੰਦਿਆਂ ਦਾ ਆਤਮ ਵਿਸ਼ਵਾਸ ਹੋਰ ਵਧੇਗਾ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਰਪੰਚਾਂ ਤੇ ਪੰਚਾਂ ਵੱਲੋਂ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਹਿਲਾ ਸਰਪੰਚਾਂ ਤੇ ਪੰਚਾਂ ਦੇ ਆਉਣ-ਜਾਣ ਅਤੇ ਰਹਿਣ-ਸਹਿਣ ਦਾ ਸਾਰਾ ਖਰਚਾ ਸਰਕਾਰ ਸਹਿਣ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਵਿੱਤਰ ਅਸਥਾਨ ਦੇ ਦਰਸ਼ਨ ਕਰਵਾਉਣ ਲਈ ਇਸ ਵਿਸ਼ੇਸ਼ ਟ੍ਰੇਨ ਦਾ ਇੰਤਜ਼ਾਮ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪੰਜਾਬੀ ਦੇ ਦਿਲ ਵਿੱਚ ਨਾਂਦੇੜ ਸਾਹਿਬ ਪ੍ਰਤੀ ਬਹੁਤ ਸ਼ਰਧਾ ਤੇ ਸਤਿਕਾਰ ਹੈ ਅਤੇ ਹਰੇਕ ਵਿਅਕਤੀ ਦੇ ਮਨ ਵਿੱਚ ਜ਼ਿੰਦਗੀ ’ਚ ਘੱਟੋ-ਘੱਟ ਇਕ ਵਾਰ ਦਰਸ਼ਨ ਕਰਨ ਦੀ ਤਾਂਘ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪੰਚ-ਸਰਪੰਚ ਮਹਿਲਾ ਸਸ਼ਕਤੀਕਰਨ ਦੀ ਭਾਵਨਾ ਦੀ ਮਿਸਾਲ ਹਨ ਅਤੇ ਸਰਕਾਰ ਇਨ੍ਹਾਂ ਨੂੰ ਇਸ ਤੀਰਥ ਯਾਤਰਾ ਦੇ ਦਰਸ਼ਨਾਂ ਲਈ ਲਿਜਾ ਕੇ ਉਨ੍ਹਾਂ ਦੇ ਯੋਗਦਾਨ ਦਾ ਸਨਮਾਨ ਕਰਨਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਮਹਿਲਾ ਸਰਪੰਚ ਤੇ ਪੰਚ ਪੰਜਾਬ ਤੇ ਪੰਜਾਬੀਆਂ ਲਈ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਨਗੇ।
ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Related Posts
Latest News
07 Dec 2025 22:45:13
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ...


