ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦੇ ਖਾਤਮੇ ਲਈ ਨਵੀਂਆਂ ਪੰਚਾਇਤਾਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਦੇਣ ਦਾ ਦਿੱਤਾ ਸੱਦਾ
ਮਾਲੇਰਕੋਟਲਾ 13 ਜੂਨ –
ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਤਿਆਰ ਕੀਤੀ ਜਾ ਰਹੀ ਰਣਨੀਤੀ'ਤੇ ਚਰਚਾ ਕੀਤੀ ਗਈ । ਉਨ੍ਹਾਂ ਕਿਹਾ ਕਿ ਵੱਧ ਰਹੇ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਜੇਕਰ ਵਾਤਾਵਰਨ ਪ੍ਰਦੂਸ਼ਣ ਨੂੰ ਠੱਲ੍ਹ ਪਾਉਣ ਵਾਸਤੇ ਅਸੀਂ ਹੁਣ ਵੀ ਸੁਚੇਤ ਨਾ ਹੋਏ ਤਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।ਉਹਨਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਇੰਨ- ਬਿੰਨ ਪਾਲਣਾ ਤਾਂ ਹੀ ਸੰਭਵ ਹੈ ਜੇਕਰ ਹੁਣ ਤੋਂ ਹੀ ਸਾਰੇ ਵਿਭਾਗ ਆਪਣੀ ਨੈਤਿਕ ਜਿੰਮੇਵਾਰੀ ਸਮਝਦੇ ਹੋਏ ਆਪਣਾ ਕਾਰਜ ਯੋਜਨਾਬੰਦ ਤਰੀਕੇ ਨਾਲ ਕਰਨ।
ਵਿਰਾਜ ਐਸ.ਤਿੜਕੇ ਨੇ ਜ਼ਿਲ੍ਹੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪਰਾਲੀ ਦੀ ਸੁਚੱਜੀ ਸੰਭਾਲ ਵਾਸਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪੰਚਾਇਤਾਂ ਆਪਣਾ ਸਹਿਯੋਗ ਦੇਣ ਤਾਂ ਜੋ ਪਿੰਡਾਂ ਦਾ ਵਾਤਾਵਰਨ ਸਵੱਛ ਤੇ ਹਰਿਆ ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਲੋਕਤੰਤਰਿਕ ਪ੍ਰਣਾਲੀ ਦੇ ਮੁਢ ਵਜੋਂ ਜਾਣੀਆਂ ਜਾਂਦੀਆ ਹਨ ਅਤੇ ਸਮਾਜ ਨੂੰ ਸਿਹਤਮੰਦ ਰੱਖਣ ਵਿੱਚ ਪੰਚਾਇਤਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਨਵੇਂ ਚੁਣੇ ਸਰਪੰਚਾਂ ਨੂੰ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਅਤੇ ਪ੍ਰਸ਼ਾਸਨ ਵੱਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ।
ਡਿਪਟੀ ਕਮਿਸ਼ਨਰ ਨੇ ਪਰਾਲੀ ਦਾ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ ਲਈ ਉਪਲਬਧ ਮਸ਼ੀਨਰੀ ਦੀ ਪੂਰੀ ਸਮਰੱਥਾ ਨਾਲ ਵਰਤੋਂ ਕਰਨ ਨੂੰ ਯਕੀਨੀ ਬਣਾਏ ਜਾਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਉਪਲਬਧ ਮਸ਼ੀਨਰੀ ਦੀ ਪੂਰੀ ਸਮਰਥਾ ਨਾਲ ਵਰਤੋਂ ਕਰ ਲਈ ਜਾਵੇ ਤਾਂ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲੱਗਣ ਦੀ ਕੋਈ ਘਟਨਾ ਸਾਹਮਣੇ ਨਹੀਂ ਆਵੇਗੀ। ਉਨ੍ਹਾਂ ਖੇਤੀਬਾੜੀ ਅਫ਼ਸਰ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾਣ । ਉਹਨਾਂ ਸਹਿਕਾਰੀ ਸਭਾਵਾਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ ਦੀ ਸੂਚੀ ਤਿਆਰ ਕੀਤੀ ਜਾਵੇ। ਖਾਸ ਕਰਕੇ ਬੈਲਰਾਂ ਦੀ ਉਪਲਬਧਤਾ ਸਬੰਧੀ ਡਾਟਾ ਇੱਕਤਰ ਕੀਤਾ ਜਾਵੇ
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ । ਕਿਸਾਨ ਵਾਤਾਵਰਣ, ਧਰਤੀ ਅਤੇ ਆਪਣੀ ਤੇ ਆਪਣੇ ਬੱਚਿਆਂ, ਬਜ਼ੁਰਗਾਂ ਦੀ ਸਿਹਤ ਦਾ ਖਿਆਲ ਕਰਦੇ ਹੋਏ ਪਰਾਲੀ ਨੂੰ ਅੱਗ ਨਾ ਲਗਾਉਣ ਬਲਕਿ ਇਸ ਨੂੰ ਜ਼ਮੀਨ ਵਿੱਚ ਹੀ ਮਿਲਾਕੇ ਇਸ ਦੀ ਉਪਜਾਊ ਸ਼ਕਤੀ ਵਧਾਉਣ।
ਇਸ ਮੌਕੇ ਐਸ.ਐਸ.ਪੀ ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਰਾਕੇਸ਼ ਪ੍ਰਕਾਸ਼, ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਜ਼ਿਲਾ ਮਾਲ ਅਫ਼ਸਰ ਮਨਦੀਪ ਕੌਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੋਂ ਵਾਤਾਵਰਣ ਇੰਜੀਨੀਅਰ ਸਿਮਰਪ੍ਰੀਤ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਮੁੱਖ ਖੇਤੀਬਾੜੀ ਅਫਸਰ ਮਾਲੇਰਕੋਟਲਾ ਡਾ. ਧਰਮਿੰਦਰਜੀਤ ਸਿੰਘ, ਸੀਨੀਅਰ ਵੈਟਨਰੀ ਅਫਸਰ ਡਾ. ਸੁਖਵਿੰਦਰ ਸਿੰਘ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਦੀਪ ਕੌਰ, ਫੰਕਸਨ ਮੈਨੇਜਰ ਪਰਨੀਤ ਕੌਰ, ਬੀ.ਡੀ.ਪੀ.ਓ ਬਬਲਜੀਤ ਕੌਰ, ਬੀ.ਡੀ.ਪੀ.ਓ ਜਗਰਾਜ ਸਿੰਘ ਤੋਂ ਇਲਾਵਾ ਵੱਧ- ਵੱਧ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।


