ਜ਼ਿਲ੍ਹਾ ਚੋਣ ਅਫ਼ਸਰ ਵੱਲ਼ੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਕੀਤੀ ਪਹਿਲੀ ਰੈਂਡਮਾਈਜ਼ੇਸ਼ਨ
ਮਾਲੇਰਕੋਟਲਾ 05 ਦਸੰਬਰ-
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਪੋਲਿੰਗ ਸਟਾਫ਼ ਦੀ ਰੈਂਡਮਾਈਜ਼ੇਸ਼ਨ ਦਾ ਪਹਿਲਾ ਦੌਰ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਕੀਤਾ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਡੀ.ਆਈ.ਓ ਸਾਈਨ ਕਮਲ,ਵਾਈਸ ਪ੍ਰਧਾਨ ਡਾਕਟਰ ਵਿੰਗ ਆਮ ਆਦਮੀ ਪਾਰਟੀ ਵਿਸ਼ਾਲ ਟਾਂਕ,ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਬੀ.ਜੇ.ਪੀ.ਐਡਵੋਕੇਟ ਮਨਪ੍ਰੀਤ ਬੱਗਾ, ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਤਰਲੋਚਨ ਸਿੰਘ ਤੋਂ ਇਲਾਵਾ ਹੋਰ ਨੁਮਾਇੰਦੇ ਵੀ ਮੌਜੂਦ ਸਨ ।
ਸਮਰਪਿਤ ਡੀ.ਆਈ.ਐਸ.ਈ ਸਾਫਟਵੇਅਰ ਦੀ ਵਰਤੋਂ ਕਰਕੇ ਦਫ਼ਤਰ ਐਨ.ਆਈ.ਸੀ ਵਿਖੇ ਰੈਂਡਮਾਈਜ਼ੇਸ਼ਨ ਕੀਤੀ ਗਈ। ਇਸ ਪ੍ਰਕਿਰਿਆ ਵਿੱਚ ਰਾਜ ਸਰਕਾਰ ਦੇ ਵਿਭਾਗਾਂ ਦੇ ਲਗਭਗ 1698 ਕਰਮਚਾਰੀ ਸ਼ਾਮਲ ਸਨ। ਇਨ੍ਹਾਂ ਕਰਮਚਾਰੀਆਂ ਨੂੰ ਪੋਲਿੰਗ ਦੌਰਾਨ ਵੱਖ-ਵੱਖ ਭੂਮਿਕਾਵਾਂ ਵਿੱਚ ਤਾਇਨਾਤ ਕੀਤਾ ਜਾਵੇਗਾ, ਜਿਸ ਵਿੱਚ 361 ਪ੍ਰੀਜ਼ਾਈਡਿੰਗ ਅਫ਼ਸਰ (ਪੀ.ਆਰ.ਓ), 472 ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ (ਏ.ਪੀ.ਆਰ.ਓ) ਅਤੇ 865 ਪੋਲਿੰਗ ਅਫ਼ਸਰ (ਪੀ.ਓ) ਸ਼ਾਮਲ ਹਨ। ਚੋਣ ਡਿਊਟੀਆਂ ਨਿਰਧਾਰਤ ਕਰਨ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ। ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣੀਆਂ ਹਨ ਅਤੇ ਇਸ ਵਿੱਚ 257 ਪੋਲਿੰਗ ਬੂਥ ਸ਼ਾਮਲ ਹੋਣਗੇ। ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ।
ਵਿਰਾਜ ਐਸ.ਤਿੜਕੇ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਸ਼ਾਸਨ ਨਿਯਮਾਂ ਅਤੇ ਕਾਨੂੰਨਾਂ ਅਨੁਸਾਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸੁਚਾਰੂ ਪੋਲਿੰਗ ਅਤੇ ਗਿਣਤੀ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।


