ਲੋਕਾਂ ਤੱਕ ਸਕੀਮਾਂ ਦਾ ਸਿੱਧਾ ਲਾਭ ਪਹੁੰਚਾਉਣਾ ਹੀ ਪੰਜਾਬ ਸਰਕਾਰ ਦਾ ਮੁੱਖ ਮੰਤਵ : ਅਮਨ ਅਰੋੜਾ
ਹੁਸ਼ਿਆਰਪੁਰ, 2 ਨਵੰਬਰ :
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੁਸ਼ਿਆਰਪੁਰ ਪਹੁੰਚ ਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ। ਇਸ ਮੌਕੇ ਵਿਧਾਇਕ ਜਿੰਪਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਦੋਵਾਂ ਨੇਤਾਵਾਂ ਨੇ ਸੂਬੇ ਵਿਚ ਚੱਲ ਰਹੀਆਂ ਵਿਕਾਸ ਸਕੀਮਾਂ, ਲੋਕ ਹਿੱਤ ਨਾਲ ਜੁੜੇ ਮੁੱਦਿਆਂ ਅਤੇ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਇਕ ਜਿੰਪਾ ਵੱਲੋਂ ਆਪਣੇ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹਾ ਪੰਜਾਬ ਦਾ ਇਕ ਅਹਿਮ ਖੇਤਰ ਹੈ ਅਤੇ ਸਰਕਾਰ ਇਸ ਦੇ ਹਰ ਸੰਭਵ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਸਿੱਧਾ ਲਾਭ ਪਹੁੰਚਾਉਣਾ ਹੀ ਆਮ ਆਦਮੀ ਪਾਰਟੀ ਸਰਕਾਰ ਦਾ ਮੁੱਖ ਮੰਤਵ ਹੈ।
ਵਿਧਾਇਕ ਜਿੰਪਾ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪਾਰਦਰਸ਼ੀ ਪ੍ਰਸ਼ਾਸਨ ਅਤੇ ਆਮ ਆਦਮੀ ਦੀ ਭਲਾਈ ਲਈ ਲਗਾਤਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਸਿੱਖਿਆ, ਸਿਹਤ, ਉਦਯੋਗ ਅਤੇ ਰੋਜ਼ਗਾਰ ਦੇ ਖੇਤਰ ਵਿਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਬਿਹਤਰ ਭਵਿੱਖ ਮਿਲ ਸਕੇ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੋ-ਅਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਨਵਜੋਤ ਕੌਰ, ਬਿੰਦੂ ਸ਼ਰਮਾ, ਸਤਵੰਤ ਸਿੰਘ ਸਿਆਣ, ਅਮਰਜੋਤ ਸੈਣੀ, ਸੰਤੋਸ਼ ਸੈਣੀ, ਮਨਜੀਤ ਕੌਰ, ਕੰਚਨ ਦਿਓਲ ਤੋਂ ਇਲਾਵਾ ਆਪ ਦੇ ਕੌਂਸਲਰ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

