ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ : ਕੀਮਤੀ ਭਗਤ
By Azad Soch
On
ਜਲੰਧਰ, 13 ਮਾਰਚ : ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਗਊਧਨ ਦੀ ਸਾਂਭ-ਸੰਭਾਲ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇਥੇ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਪ ਚੇਅਰਮੈਨ ਨੇ ਕਿਹਾ ਕਿ ਬੇਸਹਾਰਾ ਗਊਧਨ ਦੀ ਸੁਚੱਜੀ ਸੇਵਾ ਸੰਭਾਲ ਨੂੰ ਯਕੀਨੀ ਬਣਾਉਣ ਲਈ ਬਿਹਤਰ ਤਾਲਮੇਲ ਲਈ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਜਿਹੀਆਂ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਪ੍ਰਸ਼ਾਸਨ, ਗਊਸ਼ਾਲਾਵਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਬੇਸਹਾਰਾ ਗਊਧਨ ਨੂੰ ਗਊਸ਼ਲਾਵਾਂ ਵਿੱਚ ਤਬਦੀਲ ਕੀਤਾ ਸਕੇ।
ਸ਼੍ਰੀ ਭਗਤ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬੇਸਹਾਰਾ ਗਊਧਨ ਦੀ ਸਮੱਸਿਆ ਨੂੰ ਹੱਲ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਬੇਸਹਾਰਾ ਗਊ ਧਨ ਨੂੰ ਢੁੱਕਵਾਂ ਆਸਰਾ ਤੇ ਸਾਂਭ-ਸੰਭਾਲ ਮਿਲੇ ਅਤੇ ਕੀਮਤੀ ਮਨੁੱਖੀ ਜਾਨਾਂ ਦਾ ਨੁਕਸਾਨ ਨਾ ਹੋਵੇ, ਇਹ ਯਕੀਨੀ ਬਣਾਉਣ ਲਈ ਗਊ ਸੇਵਾ ਕਮਿਸ਼ਨ ਵੱਲੋਂ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।
ਉਪ ਚੇਅਰਮੈਨ ਨੇ ਇਸ ਮੌਕੇ ਜਲੰਧਰ ਪ੍ਰਸ਼ਾਸਨ ਵੱਲੋਂ ਬੇਸਹਾਰਾ ਗਊਧਨ ਨੂੰ ਗਊਸ਼ਲਾਵਾਂ ਵਿੱਚ ਤਬਦੀਲ ਕੀਤੇ ਜਾਣ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਕੰਨੀਆਂ ਕਲਾਂ ਗਊਸ਼ਾਲਾ ਵਿੱਚ ਕਰੀਬ ਇਕ ਹਜ਼ਾਰ ਗਊਧਨ ਮੌਜੂਦ ਹੈ ਅਤੇ ਕਰਤਾਪੁਰ ਗਊਸ਼ਾਲਾ, ਜੋ ਕਿ ਇਸ ਸਾਲ ਜਨਵਰੀ ਮਹੀਨੇ ਸ਼ੁਰੂ ਹੋਈ ਹੈ, ਵਿੱਚ ਕਰੀਬ 100 ਬੇਸਹਾਰਾ ਗਊ ਧਨ ਭੇਜੇ ਜਾ ਚੁੱਕੇ ਹਨ।
ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਗਊ ਧਨ ਦੀ ਸਾਂਭ-ਸੰਭਾਲ ਵਿੱਚ ਗਊ ਸੇਵਾ ਕਮਿਸ਼ਨ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।
ਇਸ ਤੋਂ ਪਹਿਲਾਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਪ੍ਰਾਈਵੇਟ ਗਊਸ਼ਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ ਗਊ ਸੈੱਸ ਦੀ ਕੁਲੈਕਸ਼ਨ, ਗਊਸ਼ਾਲਾਵਾਂ ਵਿੱਚ ਗਊ ਧਨ ਦੀ ਸਮੇਂ ਸਿਰ ਵੈਕਸੀਨੇਸ਼ਨ ਆਦਿ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੋ ਕੁਝ ਡੇਅਰੀ ਫਾਰਮ ਗਊਧਨ ਨੂੰ ਸਵੇਰੇ ਸੜਕਾਂ ְ’ਤੇ ਛੱਡ ਦਿੰਦੇ ਹਨ, ’ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਦੌਰਾਨ ਉਨ੍ਹਾਂ ਕੰਨੀਆਂ ਕਲਾਂ ਗਊਸ਼ਾਲਾ ਵਿਖੇ ਮੁਰੰਮਤ ਅਧੀਨ ਸ਼ੈੱਡ ਅਤੇ 2 ਨਵੇਂ ਬਣਨ ਵਾਲੇ ਸ਼ੈੱਡਾਂ ਸਬੰਧੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ 2 ਮਹੀਨੇ ਦੇ ਅੰਦਰ ਨਵੇਂ ਸ਼ੈੱਡਾਂ ਦਾ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਇਸ ਦੌਰਾਨ ਉਨ੍ਹਾਂ ਪ੍ਰਾਈਵੇਟ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨੂੰ ਗਊ ਧਨ ਦੀ ਸਾਂਭ-ਸੰਭਾਲ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ।
ਉਪਰੰਤ ਉਪ ਚੇਅਰਮੈਨ ਕੀਮਤੀ ਭਗਤ ਵੱਲੋਂ ਕੰਨੀਆਂ ਕਲਾਂ ਗਊਸ਼ਾਲਾ ਦਾ ਦੌਰਾ ਵੀ ਕੀਤਾ ਗਿਆ।
ਮੀਟਿੰਗ ਵਿੱਚ ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਮਨਦੀਪ ਕੌਰ, ਐਸ.ਡੀ.ਐਮ. ਸ਼ਾਹਕੋਟ ਆਦਿਤਿਆ ਗੁਪਤਾ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਸੁਖਵਿੰਦਰ ਸਿੰਘ, ਸਹਾਇਕ ਡਾਇਰੈਕਟਰ ਡਾ. ਕੁਲਵਿੰਦਰ ਸਿੰਘ ਅਤੇ ਡਾ. ਬਲਵੀਰ ਸਿੰਘ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਪ੍ਰਾਈਵੇਟ ਗਊਸ਼ਲਾਵਾਂ ਦੇ ਪ੍ਰਬੰਧਕ ਮੌਜੂਦ ਸਨ।
Related Posts
Advertisement
Latest News
18 Apr 2026 10:52:46
ਪਟਿਆਲਾ, 17, ਅਪ੍ਰੈਲ, 2026, (ਆਜ਼ਾਦ ਸੋਚ ਨਿਊਜ਼):- ਗਰਮੀ ਦੇ ਮੌਸਮ ਵਿੱਚ ਜਦੋਂ ਤਾਪਮਾਨ ਵਧਣ ਲੱਗਦਾ ਹੈ, ਤਾਂ ਸਰੀਰ ਨੂੰ ਅੰਦਰੋਂ...
