ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ ਸਮੂਹ
By Azad Soch
On
ਚੰਡੀਗੜ੍ਹ, 10 ਜੁਲਾਈ:
ਕਣਕ ਅਤੇ ਝੋਨੇ ਦੀ ਨਿਰਵਿਘਨ ਅਤੇ ਮੁਸ਼ਕਿਲ ਰਹਿਤ ਖਰੀਦ ਨੂੰ ਯਕੀਨੀ ਬਣਾਉਣ ਲਈ ਗਠਿਤ ਕੀਤੇ ਗਏ ਮੰਤਰੀ ਸਮੂਹ ਨੇ ਅੱਜ ਪੰਜਾਬ ਦੇ ਚੌਲ ਮਿੱਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ।
ਮੰਤਰੀ ਸਮੂਹ ਦੇ ਚੇਅਰਮੈਨ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਉਣੀ ਖਰੀਦ ਸੀਜ਼ਨ ਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਝੋਨੇ ਦਾ ਬਿਜਾਈ ਸੀਜ਼ਨ ਸ਼ੁਰੂ ਹੋ ਗਿਆ ਹੈ ਅਤੇ ਮਿੱਲਰਾਂ ਤੇ ਹੋਰਨਾਂ ਭਾਈਵਾਲਾਂ ਦੀਆਂ ਚਿੰਤਾਵਾਂ, ਲੋੜਾਂ ਅਤੇ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਇਸਦੇ ਸੁਚੱਜੇ ਢੰਗ ਨਾਲ ਹੱਲ ਲਈ ਸੂਬਾ ਪ੍ਰਸ਼ਾਸਨ ਤਨਦੇਹੀ ਨਾਲ ਕੰਮ ਕਰ ਰਿਹਾ ਹੈ ਤਾਂ ਜੋ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮਿੱਲਰਾਂ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਬਾਰੇ ਕਈ ਮਹੀਨੇ ਪਹਿਲਾਂ ਹੀ ਤਿਆਰੀਆਂ ਸ਼ੁਰੂ ਕਰਨ ਲਈ ਸੂਬਾ ਸਰਕਾਰ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮਿੱਲਰਾਂ ਨਾਲ ਸਬੰਧਤ ਸਾਰੇ ਜਾਇਜ਼ ਮੁੱਦਿਆਂ ਦੇ ਹੱਲ ਲਈ ਲਗਾਤਾਰ ਸਖ਼ਤ ਯਤਨ ਕਰ ਕਰ ਰਹੇ ਹਨ ਅਤੇ ਜਲਦ ਹੀ ਉਨ੍ਹਾ ਵੱਲੋਂ ਕੇਂਦਰ ਸਰਕਾਰ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਮਾਮਲਿਆਂ ਨੂੰ ਲੈ ਕੇ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਮੁਲਾਕਾਤ ਕੀਤੀ ਜਾਵੇਗੀ।
ਕਿਸਾਨਾਂ, ਚੌਲ ਮਿੱਲਰਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਸਮੇਤ ਸਾਰੇ ਭਾਈਵਾਲਾਂ ਨੂੰ ਉਨ੍ਹਾਂ ਦੇ ਹਿੱਤਾਂ ਦੀ ਰਖਵਾਲੀ ਦੀ ਭਰੰਸਾ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਅਨਾਜ ਦੇ ਭੰਡਾਰਨ ਲਈ ਖਾਲੀ ਥਾਂ ਨੂੰ ਯਕੀਨੀ ਕਰਨ ਲਈ ਸੂਬੇ ਵਿੱਚੋਂ ਅਨਾਜ ਦੀ ਚੁਕਾਈ ਬਾਰੇ ਗੱਲ ਕਰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਹੁਣ ਤੱਕ 105 ਲੱਖ ਮੀਟ੍ਰਿਕ ਟਨ (ਐਲਐਮਟੀ) ਅਨਾਜ ਸੂਬੇ ‘ਤੋਂ ਬਾਹਰ ਭੇਜਿਆ ਜਾ ਚੁੱਕਾ ਹੈ।
ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਚੌਲ ਮਿੱਲਰ ਖਰੀਦ ਪ੍ਰਕਿਰਿਆ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਹਰ ਸੰਭਵ ਕਦਮ ਚੁੱਕ ਰਹੀ ਹੈ। ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਲੋੜ ਦੇ ਸਮੇਂ ਸਾਰੇ ਭਾਈਵਾਲਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਸਰਕਾਰ ਉਨ੍ਹਾਂ ਨੂੰ ਨਾ ਸਿਰਫ਼ ਖਰੀਦ ਪ੍ਰਕਿਰਿਆ ਵਿੱਚ ਸਗੋਂ ਪੰਜਾਬ ਦੇ ਸਮੁੱਚੇ ਵਿਕਾਸ ਵਿੱਚ ਸਰਗਰਮ ਭਾਈਵਾਲ ਵਜੋਂ ਦੇਖਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਰਾਹੁਲ ਤਿਵਾੜੀ, ਡਾਇਰੈਕਟਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਰਿੰਦਰ ਕੁਮਾਰ ਸ਼ਰਮਾ, ਸਕੱਤਰ ਪੰਜਾਬ ਮੰਡੀ ਬੋਰਡ ਰਾਮਵੀਰ, ਐਮਡੀ ਪਨਸਪ ਸੋਨਾਲੀ ਗਿਰੀ ਤੋਂ ਇਲਾਵਾ ਚੌਲ ਮਿੱਲਰਾਂ ਦੇ ਨੁਮਾਇੰਦੇ ਸ਼ਾਮਲ ਸਨ।
Related Posts
Latest News
13 Dec 2025 14:43:38
New Delhi,13,DEC,2025,(Azad Soch News):- Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...


