ਐਸ.ਟੀ.ਪੀ. ਤਕਨਾਲੌਜੀ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੀ ਲਾਗੂ ਕੀਤੀ ਜਾਵੇਗੀ-ਮੁੱਖ ਮੰਤਰੀ

ਐਸ.ਟੀ.ਪੀ. ਤਕਨਾਲੌਜੀ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੀ ਲਾਗੂ ਕੀਤੀ ਜਾਵੇਗੀ-ਮੁੱਖ ਮੰਤਰੀ

*ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ*

 

*15 ਐਮ.ਜੀ.ਡੀ. ਦੀ ਸਮਰੱਥਾ ਵਾਲੇ ਐਸ.ਟੀ.ਪੀ. ਨੂੰ ਦੇਸ਼ ਦਾ ਬਿਹਤਰੀਨ ਪਲਾਂਟ ਦੱਸਿਆ*

 

*ਕੇਜਰੀਵਾਲ ਨੇ ਲੋਕ ਭਲਾਈ ਲਈ ਕੀਤੇ ਲੀਹੋਂ ਹਟਵੇਂ ਉਪਰਾਲਿਆਂ ਲਈ ਮੁੱਖ ਮੰਤਰੀ ਦੀ ਪਿੱਠ ਥਾਪੜੀ*

 

*ਸੂਬੇ ਦੇ 166 ਸ਼ਹਿਰਾਂ ਦੀ ਕਾਇਆਕਲਪ ਕਰਨ ਲਈ ਮਿਸ਼ਨ ਦੇ ਅਧਾਰ ’ਤੇ ਕੰਮ ਕਰਨ ਦਾ ਐਲਾਨ*

 

*ਐਸ.ਟੀ.ਪੀ. ਤਕਨਾਲੌਜੀ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੀ ਲਾਗੂ ਕੀਤੀ ਜਾਵੇਗੀ-ਮੁੱਖ ਮੰਤਰੀ*

 

*ਰੁੱਖ ਤੇ ਵਾਤਾਵਰਣ ਦੀਆਂ ਵੋਟਾਂ ਨਾ ਹੋਣ ਕਾਰਨ ਸਮੇਂ ਦੀਆਂ ਸਰਕਾਰਾਂ ਨੇ ਅਣਗੌਲਿਆ ਰੱਖਿਆ*

 

*ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 7 ਜੁਲਾਈ*  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੀਹੋਂ ਹਟਵਾਂ ਕਦਮ ਚੁੱਕਦਿਆਂ 145.26 ਕਰੋੜ ਦੀ ਲਾਗਤ ਨਾਲ ਸਥਾਪਤ ਕੀਤੇ 15 ਐਮ.ਜੀ.ਡੀ. (ਮਿਲੀਅਨ ਗੈਲਨ ਪ੍ਰਤੀ ਦਿਨ) ਦੀ ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤਾ ਕੀਤਾ।

 ਪਲਾਂਟ ਨੂੰ ਸਮਰਪਿਤ ਕਰਨ ਤੋਂ ਬਾਅਦ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਨੂੰ ਸਥਾਪਤ ਕਰਨ ਵਿੱਚ ਵਰਤੀ ਗਈ ਆਧੁਨਿਕ ਤਕਨਾਲੌਜੀ ਨੂੰ ਛੇਤੀ ਹੀ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਬੇਸ਼ਕੀਮਤੀ ਪਾਣੀ ਨੂੰ ਬਚਾਉਣਾ ਹੈ ਜਿਸ ਨਾਲ ਪਲਾਂਟ ਦੇ ਸੋਧੇ ਹੋਏ ਪਾਣੀ ਨੂੰ ਹੋਰ ਕੰਮਾਂ ਲਈ ਵਰਤਿਆ ਜਾ ਸਕੇਗਾ। ਸਿੰਗਾਪੁਰ ਦੀ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਸ ਮੁਲਕ ਵਿੱਚ ਮੀਂਹ ਦੇ ਪਾਣੀ ਨੂੰ ਪੀਣਯੋਗ ਬਣਾਉਣ ਲਈ ਮਾਈਕ੍ਰੋ ਫਿਲਟਰ ਟੈਕਨਾਲੋਜੀ ਵਰਤੀ ਜਾ ਰਹੀ ਹੈ।  

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪੰਜਾਬ ਦੇ ਪਾਣੀ ਬਚਾਉਣ ਖਾਤਰ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਣੀ, ਹਵਾ ਤੇ ਜ਼ਮੀਨ ਦੀਆਂ ਵੋਟਾਂ ਨਾ ਹੋਣ ਕਾਰਨ ਰਵਾਇਤੀ ਪਾਰਟੀਆਂ ਨੇ ਇਸ ਨੂੰ ਅਣਗੌਲਿਆ ਕੀਤਾ ਅਤੇ ਸੂਬੇ ਦੇ ਇਨ੍ਹਾਂ ਗੰਭੀਰ ਮਸਲਿਆਂ ਪ੍ਰਤੀ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਕਾਰਨ ਪ੍ਰਦੂਸ਼ਣ ਵਧਿਆ ਅਤੇ ਕੁਦਰਤੀ ਸਰੋਤ ਪਲੀਤ ਹੋ ਗਏ ਜਿਸ ਕਾਰਨ ਸਮਾਜ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 'ਆਪ' ਸਰਕਾਰ ਬਣਨ ਤੋਂ ਬਾਅਦ ਵਾਤਾਵਰਣ ਨੂੰ ਬਚਾਉਣ, ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਅਤੇ ਸਮਾਜ ਦੀ ਭਲਾਈ ਲਈ ਹੋਰ ਮਿਸਾਲੀ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਨੂੰ ਬਚਾਉਣ ਲਈ ਸਭ ਤੋਂ ਵਧੀਆ ਤਕਨਾਲੌਜੀ ਨਾਲ ਹੱਲ ਕੱਢਣ ਨੂੰ ਯਕੀਨੀ ਬਣਾਉਣ ਲਈ ਏਸੇ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਇਲਾਜ ਨਾਲੋਂ ਪਰਹੇਜ਼ ਚੰਗਾ’ ਦੇ ਕਥਨ ਵਾਂਗ ਬੇਸ਼ਕੀਮਤੀ ਕੁਦਰਤੀ ਸਰੋਤ ਬਚਾਉਣ ਲਈ ਅਜਿਹੇ ਕਦਮ ਚੁੱਕੇ ਜਾ ਰਹੇ ਹਨ।

ਗੁਰਬਾਣੀ ਦੀ ਰਚਨਾ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬ ਜੀ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਣ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਗ੍ਰਹਿਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਾ ਕੇ ਸੂਬਾ ਸਰਕਾਰ ਦਾ ਸਮਰਥਨ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਦਾ ਲਾਭ ਉਠਾ ਰਹੀ ਹੈ, ਜਿਨ੍ਹਾਂ ਨੇ ਪਹਿਲਾਂ ਹੀ ਕੌਮੀ ਰਾਜਧਾਨੀ ਵਿੱਚ ਚੰਗਾ ਸ਼ਾਸਨ ਦੇ ਕੇ ਆਪਣੀ ਕਾਬਲੀਅਤ ਸਾਬਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੇਜਰੀਵਾਲ ਦੀ ਮੁਹਾਰਤ ਦਾ ਬਹੁਤ ਲਾਭ ਹੋ ਰਿਹਾ ਹੈ, ਜਿਨ੍ਹਾਂ ਨੇ ਦਿੱਲੀ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਇਸ ਪ੍ਰੋਜੈਕਟ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਵਧਾਈ ਵੀ ਦਿੱਤੀ ਜੋ ਪ੍ਰਗਤੀਸ਼ੀਲ ਪੰਜਾਬ ਦੀ ਸਿਰਜਣਾ ਲਈ ਮੀਲ ਪੱਥਰ ਸਾਬਤ ਹੋਵੇਗਾ।

 ਇਸ ਦੌਰਾਨ 'ਆਪ' ਨੇਤਾ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਦੀ ਗੱਲ ਹੈ ਕਿ ਅੱਜ ਮੋਹਾਲੀ ਦੇ ਸੈਕਟਰ-83 ਵਿਖੇ 15 ਐਮ.ਜੀ.ਡੀ. (ਮਿਲੀਅਨ ਗੈਲਨ ਪ੍ਰਤੀ ਦਿਨ) ਦੀ ਸਮਰੱਥਾ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਨੂੰ ਕੁੱਲ 145.26 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਲਾਂਟ ਦੀ ਪਹਿਲਾਂ ਸਮਰੱਥਾ 10 ਐਮ.ਜੀ.ਡੀ. ਸੀ, ਜਿਸ ਨੂੰ ਹੁਣ 15 ਐਮ.ਜੀ.ਡੀ. ਤੱਕ ਅਪਗ੍ਰੇਡ ਕਰ ਦਿੱਤਾ ਗਿਆ ਹੈ।

ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਮਿਸ਼ਨ ਦੇ ਅਧਾਰ 'ਤੇ ਸੂਬੇ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਉਂਦੇ ਦਸੰਬਰ ਤੋਂ ਇਸ ਦੀ ਸ਼ੁਰੂਆਤ ਕਰਕੇ ਸੂਬਾ ਸਰਕਾਰ ਪੰਜਾਬ ਦੇ 166 ਸ਼ਹਿਰਾਂ ਵਿੱਚ ਪਾਣੀ ਦੀ ਸਪਲਾਈ, ਸੀਵਰੇਜ ਸਹੂਲਤ, ਸਫਾਈ, ਸੜਕਾਂ, ਲਾਈਟਾਂ ਅਤੇ ਐਸ.ਟੀ.ਪੀ. ਦੀ ਵਿਵਸਥਾ ਨੂੰ ਯਕੀਨੀ ਬਣਾਏਗੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਪਲਾਂਟ ਨੂੰ ਐਡਵਾਂਸਡ ਨਿਊਟ੍ਰੀਐਂਟ ਰਿਮੂਵਲ ਤਕਨਾਲੌਜੀ ਦੀ ਵਰਤੋਂ ਕਰਕੇ ਅਪਗ੍ਰੇਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 15 ਐਮ.ਜੀ.ਡੀ. ਸੀਵਰੇਜ ਟਰੀਟਮੈਂਟ ਪਲਾਂਟ ਤੋਂ ਇਲਾਵਾ, 5 ਐਮ.ਜੀ.ਡੀ. ਸਮਰੱਥਾ ਵਾਲਾ ਅਲਟਰਾ ਫਿਲਟਰੇਸ਼ਨ ਟਰਸ਼ਰੀ ਟਰੀਟਮੈਂਟ ਪਲਾਂਟ ਵੀ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦਾ ਪਹਿਲਾ ਅਲਟਰਾ ਫਿਲਟ੍ਰੇਸ਼ਨ ਪਲਾਂਟ ਹੈ ਅਤੇ ਇਸ ਪਲਾਂਟ ਤੋਂ ਸੋਧੇ ਹੋਏ ਪਾਣੀ ਦੀ ਵਰਤੋਂ ਸਿੰਚਾਈ, ਸੜਕਾਂ ਦੀ ਸਫਾਈ, ਟਾਇਲਟ ਫਲੱਸ਼ਿੰਗ ਅਤੇ ਹੋਰ ਉਦੇਸ਼ਾਂ ਲਈ ਕੀਤੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੋਧੇ ਹੋਏ ਪਾਣੀ ਦੀ ਵਰਤੋਂ ਤਾਜ਼ੇ ਪਾਣੀ 'ਤੇ ਨਿਰਭਰਤਾ ਘਟਾਏਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਿਜਲੀ ਦੀ ਖਪਤ ਨੂੰ ਘਟਾਉਣ ਲਈ ਇਸ ਸਥਾਨ 'ਤੇ ਇਕ ਮੈਗਾਵਾਟ ਦੀ ਸਮਰੱਥਾ ਵਾਲਾ ਸੋਲਰ ਪਾਵਰ ਪਲਾਂਟ ਵੀ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ 20 ਸਾਲਾਂ ਦੌਰਾਨ ਮੋਹਾਲੀ ਵਿੱਚ ਆਬਾਦੀ ਦੇ ਵਧਣ ਅਤੇ ਸ਼ਹਿਰੀ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਗਮਾਡਾ ਨੇ ਵਿਗਿਆਨਕ ਪਹੁੰਚ ਦੀ ਵਰਤੋਂ ਕਰਦੇ ਹੋਏ ਇਸ ਸੀਵਰੇਜ ਟਰੀਟਮੈਂਟ ਪਲਾਂਟ ਦੀ ਸਥਾਪਨਾ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਅਜਿਹੇ ਹੋਰ ਯਤਨ ਜਾਰੀ ਰੱਖੇਗੀ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

------

Advertisement

Advertisement

Latest News

Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ Samsung Galaxy A07 5G ਵਰਜਨ ਜਲਦੀ ਹੀ ਲਾਂਚ ਹੋ ਸਕਦਾ ਹੈ, ਬਲੂਟੁੱਥ SIG ਵੈੱਬਸਾਈਟ 'ਤੇ ਸੂਚੀਬੱਧ
New Delhi,13,DEC,2025,(Azad Soch News):-  Samsung Galaxy A07 5G ਵਰਜਨ ਬਲੂਟੂਥ SIG ਵੈੱਬਸਾਈਟ ਤੇ ਸੂਚੀਬੱਧ ਹੋ ਗਿਆ ਹੈ, ਜੋ ਇਸ ਦੇ...
ਰੋਜ਼ਾਨਾ ਕੇਲੇ ਖਾਣ ਨਾਲ ਸਰੀਰ ਨੂੰ ਬਹੁਤ ਸਾਰੇ ਪੌਸ਼ਟਿਕ ਫਾਇਦੇ ਮਿਲਦੇ ਹਨ
ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 13-12-2025 ਅੰਗ 600
ਜ਼ਿਲ੍ਹਾ ਫਰੀਦਕੋਟ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਪ੍ਰਬੰਧ ਮੁਕੰਮਲ-ਡੀ.ਸੀ
ਚੋਣਾਂ ਨੂੰ ਨਿਰਪੱਖ ਅਤੇ ਸੁਰੱਖਿਅਤ ਬਣਾਉਣ ਲਈ ਮਾਲੇਰਕੋਟਲਾ ਪੁਲਿਸ ਚੌਕਸ- ਐਸ.ਐਸ.ਪੀ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਅੰਦਰ ਲਾਊਂਡ ਸਪੀਕਰ/ਮੈਗਾਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਹਨਪੁਰ ਖੂਹੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਦਾ ਕੀਤਾ ਗਿਆ ਆਯੋਜਨ