ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ: ਡਿਪਟੀ ਕਮਿਸ਼ਨਰ
ਮਾਨਸਾ, 26 ਦਸੰਬਰ
ਸਾਰੇ ਸਰਕਾਰੀ ਦਫ਼ਤਰਾਂ ਵਿਚ ਬਜ਼ੁਰਗਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣੇ ਯਕੀਨੀ ਬਣਾਏ ਜਾਣ ਅਤੇ ਇਸ ਸਬੰਧੀ ਸਰਕਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਬਜ਼ੁਰਗਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਹਦਾਇਤ ਜਾਰੀ ਕਰਦਿਆਂ ਕੀਤਾ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸੀਨੀਅਰ ਸਿਟੀਜ਼ਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਸਨ।
ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਬਜ਼ੁਰਗਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਬੈਂਕਾਂ ਵਿਚ ਪੈਨਸ਼ਨਰਾਂ ਨੂੰ ਨਿਰਵਿਘਨ ਤੇ ਪਹਿਲ ਦੇ ਆਧਾਰ 'ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਉਨ੍ਹਾਂ ਦਾ ਆਦਰ ਮਾਣ ਬਹਾਲ ਰੱਖਿਆ ਜਾਵੇ।
ਉਨ੍ਹਾਂ ਪੁਲਿਸ ਵਿਭਾਗ ਦੇ ਅਧਿਕਾਰੀ ਨੂੰ ਕਿਹਾ ਸੀਨੀਅਰ ਸਿਟੀਜ਼ਨਾਂ ਦੀਆਂ ਪੁਲਿਸ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਨੂੰ ਸਕੂਲਾਂ ਵਿਚ ਸਵੇਰ ਦੀ ਸਭਾ ਦੌਰਾਨ ਨਵੀਂ ਪੀੜ੍ਹੀ ਨੂੰ ਬਜ਼ੁਰਗਾਂ ਦੇ ਸਤਿਕਾਰ ਦਾ ਸੰਦੇਸ਼ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਿਹਤ ਵਿਭਾਗ ਨੂੰ ਵੀ ਹਦਾਇਤ ਕੀਤੀ ਹੈ ਕਿ ਬਜ਼ੁਰਗਾਂ ਦੇ ਮੈਡੀਕਲ ਬਿੱਲਾਂ ਦੀ ਕੋਈ ਪੈਡੰਸੀ ਨਾ ਰੱਖੀ ਜਾਵੇ।
ਉਨ੍ਹਾਂ ਇਸ ਮੌਕੇ ਹਾਜ਼ਰ ਸੀਨੀਅਰ ਸਿਟੀਜ਼ਨਾਂ ਨੂੰ ਅਪੀਲ ਕੀਤੀ ਕਿ ਉਹ ਲੋੜਵੰਦ ਤੇ ਬੇਸਹਾਰਾ ਬਜ਼ੁਰਗਾਂ ਨੂੰ ਮਾਨਸਾ ਸ਼ਹਿਰ ਅੰਦਰ ਬਣੇ ਬਿਰਧ ਆਸ਼ਰਮ ਵਿਚ ਰਹਿਣ ਸਬੰਧੀ ਜਾਣੂ ਕਰਵਾਉਣ ਜਿੱਥੇ ਰਹਿਣ ਲਈ 72 ਬੈੱਡ, ਲਾਇਬ੍ਰੇਰੀ, ਅਖਬਾਰ, ਸੁਰੱਖਿਆ ਸੰਭਾਲ, ਮੁਫ਼ਤ ਖਾਣਾ ਤੇ ਡੇਅ ਕੇਅਰ ਦਾ ਵੀ ਪ੍ਰਬੰਧ ਹੈ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਕੌਰ ਬੜਿੰਗ, ਡੀ.ਐਸ.ਪੀ. ਪੁਸ਼ਪਿੰਦਰ ਸਿੰਘ ਗਿੱਲ ਤੋਂ ਇਲਾਵਾ ਸੀਨੀਅਰ ਸਿਟੀਜ਼ਨ ਤੇ ਵੱਖ ਵੱਖ ਵਿਭਾਗੀ ਅਧਿਕਾਰੀ ਮੌਜੂਦ ਸਨ।


