ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਾਂਗੇ-ਮੁੱਖ ਮੰਤਰੀ ਨੇ ਦੁਹਰਾਇਆ
By Azad Soch
On
ਚੰਡੀਗੜ੍ਹ, 23 ਮਈ:
ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ, ਭਾਵੇਂ ਉਹ ਕਿੰਨਾ ਹੀ ਰਸੂਖਦਾਨ ਕਿਉਂ ਨਾ ਹੋਵੇ, ਮਾਨਵਤਾ ਖਿਲਾਫ਼ ਅਜਿਹੇ ਘਿਨਾਉਣੇ ਅਪਰਾਧ ਲਈ ਬਖਸ਼ਿਆ ਨਹੀਂ ਜਾਵੇਗਾ।
ਲੋਕਾਂ ਨੂੰ ਦਿੱਤੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੀ ਕਾਰਵਾਈ ਨੇ ਇਕ ਵਾਰ ਫੇਰ ਇਹ ਸਿੱਧ ਕਰ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਆਪਣੇ-ਬਿਗਾਨੇ ਦਾ ਕੋਈ ਫਰਕ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਕਿਸੇ ਸੱਤਾਧਾਰੀ ਪਾਰਟੀ ਦਾ ਹਿੱਸਾ ਹੋਣਾ ਜਾਂ ਵਿਰੋਧੀ ਧਿਰ ਨਾਲ ਜੁੜੇ ਹੋਣ ਨਾਲ ਕਿਸੇ ਅਫਸਰ ਜਾਂ ਲੀਡਰ ਨੂੰ ਭ੍ਰਿਸ਼ਟਾਚਾਰ ਕਰਨ ਦਾ ਲਾਇਸੰਸ ਨਹੀਂ ਮਿਲ ਜਾਂਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹੇ ਲੋਕਾਂ ਦੇ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ਼ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਹ ਪਾਪ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਾਲ 2022 ਵਿੱਚ ਅਹੁਦਾ ਸੰਭਾਲਿਆ ਸੀ ਅਤੇ ਉਸ ਵੇਲੇ ਤੋਂ ਲੈ ਕੇ ਭ੍ਰਿਸ਼ਟਾਚਾਰ ਦੇ ਖਿਲਾਫ਼ ਲੜਾਈ ਲੜੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਗਾਰੰਟੀ ਦਿੱਤੀ ਸੀ ਕਿ ਸਰਕਾਰ ਵਿੱਚ ਭ੍ਰਿਸ਼ਟਾਚਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਇਸ ਵਿੱਚ ਸ਼ਾਮਲ ਲੋਕਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਨੂੰ ਅੰਜ਼ਾਮ ਦਿੱਤਾ ਜਾਵੇਗਾ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਾਡੇ ਸਿਸਟਮ ਨੂੰ ਭ੍ਰਿਸ਼ਟਾਚਾਰ ਸਿਉਂਕ ਵਾਂਗ ਲੱਗੀ ਹੋਈ ਹੈ ਅਤੇ ਭ੍ਰਿਸ਼ਟ ਕਾਰਵਾਈਆਂ ਕਰਨ ਵਾਲੇ ਟੈਕਸ ਭਰਨ ਦੇ ਲੋਕਾਂ ਦੇ ਪੈਸੇ ਨੂੰ ਖੁਰਦ-ਬੁਰਦ ਕਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਾਈ ਕਿਸੇ ਵਿਅਕਤੀ ਦੇ ਖਿਲਾਫ ਨਹੀਂ ਸਗੋਂ ਭ੍ਰਿਸ਼ਟ ਤੰਤਰ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਉਖਾੜ ਦੇਣ ਤੱਕ ਇਹ ਲੜਾਈ ਜਾਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਦੀ ਧੌਂਸ ਨਾਲ ਕਾਰੋਬਾਰੀਆਂ ਤੇ ਦੁਕਾਨਦਾਰਾਂ ਦੀ ਸ਼ਰੇਆਮ ਲੁੱਟ ਹੁੰਦੀ ਹੋਵੇ ਤਾਂ ਅਜਿਹੇ ਮੌਕੇ ਸਰਕਾਰ ਚੁੱਪ ਕਰਕੇ ਨਹੀਂ ਬੈਠ ਸਕਦੀ। ਉਨ੍ਹਾਂ ਕਿਹਾ ਕਿ ਰਸੂਖਵਾਨ ਸਿਆਸਤਦਾਨਾਂ ਵੱਲੋਂ ਕੁਝ ਅਫਸਰਾਂ ਨਾਲ ਮਿਲੀਭੁਗਤ ਕਰਕੇ ਭੋਲੇ-ਭਾਲੇ ਲੋਕਾਂ ਨੂੰ ਬਲੈਕਮੇਲ ਕਰਕੇ ਉਨ੍ਹਾਂ ਪਾਸੋਂ ਫਿਰੌਤੀਆਂ ਮੰਗਣ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦਾ ਅਨਿੱਖੜਵਾਂ ਅੰਗ ਬਣਨ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਭ੍ਰਿਸ਼ਟ ਅਨਸਰਾਂ ਵਿਰੁੱਧ ਉਨ੍ਹਾਂ ਵੱਲੋਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ 'ਤੇ ਸਖ਼ਤ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਭ੍ਰਿਸ਼ਟ ਮੰਤਵਾਂ ਲਈ ਉਨ੍ਹਾਂ ਦੇ ਕੰਮ ਵਿੱਚ ਬੇਲੋੜੀ ਦੇਰੀ ਜਾਂ ਰੁਕਾਵਟਾਂ ਪੈਦਾ ਕਰਦਾ ਹੈ ਤਾਂ ਆਮ ਆਦਮੀ ਨੂੰ ਅੱਗੇ ਆ ਕੇ ਉਨ੍ਹਾਂ ਵਿਰੁੱਧ ਸ਼ਿਕਾਇਤ ਕਰਨੀ ਚਾਹੀਦੀ ਹੈ। ਸੂਬਾ ਸਰਕਾਰ ਉਨ੍ਹਾਂ ਵਿਰੁੱਧ ਫੈਸਲਾਕੁੰਨ ਕਾਰਵਾਈ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ "ਸਾਡੇ ਲਈ ਭ੍ਰਿਸ਼ਟ, ਭ੍ਰਿਸ਼ਟ ਹੈ, ਭਾਵੇਂ ਸਾਡਾ ਹੋਵੇ ਜਾਂ ਕੋਈ ਹੋਰ ਅਤੇ ਮੈਂ ਵਾਅਦਾ ਕਰਦਾ ਹਾਂ ਕਿ ਜਿਸ ਕਿਸੇ ਦੇ ਵੀ ਹੱਥ ਭ੍ਰਿਸ਼ਟਾਚਾਰ ਵਿੱਚ ਰੰਗੇ ਹੋਏ ਹਨ, ਮੇਰੀ ਸਰਕਾਰ ਉਨ੍ਹਾਂ ਨੂੰ ਬਖਸ਼ੇਗੀ ਨਹੀਂ।"
Related Posts
Latest News
13 Jun 2025 20:23:31
ਹੁਸ਼ਿਆਰਪੁਰ, 13 ਜੂਨ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 2 ਵਿੱਚ ਵੈਲੀ ਹਾਈਟ ਕਲੋਨੀ ਵਿਖੇ ਇਕ ਨਵੇਂ ਟਿਊਬਵੈੱਲ...