ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤ ਅਤੇ ਰਣਜੀਤ ਸਿੰਘ ਉਰਫ਼ ਢਿੱਲੋਂ ਦੋਵੇਂ ਵਾਸੀ ਪਿੰਡ ਤਲਵੰਡੀ ਰਾਏ ਦਾਦੂ, ਅੰਮ੍ਰਿਤਸਰ ਵਜੋਂ ਹੋਈ ਹੈ।
ਇਹ ਸਫਲਤਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ ਅਤੇ 1 ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ। ਇਸ ਦੇ ਨਾਲ 24 ਘੰਟਿਆਂ ਵਿੱਚ ਹੈਰੋਇਨ ਦੀ ਕੁੱਲ ਬਰਾਮਦਗੀ 94.5 ਕਿਲੋਗ੍ਰਾਮ ਹੋ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਪਾਕਿਸਤਾਨ ਸਥਿਤ ਹੈਂਡਲਰ ਦੀ ਮਿਲੀਭੁਗਤ ਨਾਲ, ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਮੋਬਾਈਲ ਫੋਨਾਂ ਦੀ ਵਿਆਪਕ ਜਾਂਚ ਵਿੱਚ ਸੰਚਾਰ ਦੇ ਕਈ ਤਰੀਕਿਆਂ ਅਤੇ ਅਪਰਾਧਾਂ ਨਾਲ ਜੁੜੇ ਹੋਰ ਡਿਜੀਟਲ ਸਬੂਤਾਂ ਬਾਰੇ ਖੁਲਾਸਾ ਹੋਇਆ ਹੈ।
ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਟੀਮਾਂ ਨੇ ਖਾਸਾ ਖੇਤਰ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਉਸ ਵੇਲੇ ਰੋਕਿਆ, ਜਦੋਂ ਉਹ ਮੋਟਰਸਾਈਕਲ 'ਤੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਵਿਚਕਾਰ ਇੱਕ ਸ਼ੱਕੀ ਬੈਗ ਰੱਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬੈਗ ਦੀ ਤਲਾਸ਼ੀ ਲੈਣ 'ਤੇ, ਪੁਲਿਸ ਨੇ ਹੈਰੋਇਨ ਦੇ 103 ਪੈਕੇਟ ਬਰਾਮਦ ਕੀਤੇ, ਜਿਨ੍ਹਾਂ ਦਾ ਕੁੱਲ ਵਜ਼ਨ 51.5 ਕਿਲੋਗ੍ਰਾਮ ਸੀ।
ਐਸਐਸਪੀ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ, ਐਫਆਈਆਰ ਨੰਬਰ 36 ਮਿਤੀ 30.01.2026 ਨੂੰ ਥਾਣਾ ਘਰਿੰਡਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

