ਗੈਂਗਸਟਰਾਂ 'ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ
ਚੰਡੀਗੜ੍ਹ/ਬਟਾਲਾ, 30 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ ਦੇ ਚਲਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਕਾਰਵਾਈ ਦਾ ਜਾਇਜ਼ਾ ਲੈਣ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਬਟਾਲਾ ਵਿੱਚ ਹੋਈ ਇਹ ਮੀਟਿੰਗ ਸਰਹੱਦੀ ਜ਼ਿਲ੍ਹਿਆਂ 'ਤੇ ਕੇਂਦ੍ਰਿਤ ਸੀ ਅਤੇ ਇਸ ਮੀਟਿੰਗ ਦਾ ਉਦੇਸ਼ ਸਰਹੱਦ ਪਾਰੋਂ ਚੱਲ ਰਹੇ ਅੱਤਵਾਦ-ਅਪਰਾਧ ਗੱਠਜੋੜ ਨੂੰ ਖ਼ਤਮ ਕਰਨਾ ਅਤੇ ਜਬਰੀ ਵਸੂਲੀ ਤੇ ਗੈਂਗਾਂ ਦੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਨੂੰ ਯਕੀਨੀ ਬਣਾਉਣਾ ਸੀ। ਮੀਟਿੰਗ ਵਿੱਚ ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ, ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ, ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਐਸਐਸਪੀ ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ, ਐਸਐਸਪੀ ਬਟਾਲਾ ਮਹਿਤਾਬ ਸਿੰਘ, ਐਸਐਸਪੀ ਗੁਰਦਾਸਪੁਰ ਆਦਿੱਤਿਆ, ਐਸਐਸਪੀ ਪਠਾਨਕੋਟ ਦਿਲਜਿੰਦਰ ਸਿੰਘ ਢਿੱਲੋਂ ਅਤੇ ਐਸਐਸਪੀ ਤਰਨਤਾਰਨ ਸੁਰੇਂਦਰ ਲਾਂਬਾ ਸ਼ਾਮਲ ਸਨ।
ਇਸ ਦੌਰਾਨ ਸਰਹੱਦ ਅਤੇ ਫਿਰੋਜ਼ਪੁਰ ਰੇਂਜਾਂ ਵਿੱਚ ਮੌਜੂਦਾ ਕਾਨੂੰਨ ਵਿਵਸਥਾ ਦੀ ਸਥਿਤੀ, ਅਪਰਾਧਾਂ ਦੇ ਰੁਝਾਨਾਂ ਅਤੇ ਕਾਊਂਟਰ-ਇੰਟੈਲੀਜੈਂਸ ਉਪਾਵਾਂ ਬਾਰੇ ਵਿਆਪਕ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਅਪਰਾਧਿਕ ਤੱਤਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਆਪਰੇਸ਼ਨ ਸਬੰਧੀ ਤਿਆਰੀਆਂ, ਸਾਂਝੀਆਂ ਕਾਰਜ ਯੋਜਨਾਵਾਂ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ 20 ਜਨਵਰੀ ਨੂੰ ਸ਼ੁਰੂ ਕੀਤੀ ਗਈ "ਗੈਂਗਸਟਰਾਂ 'ਤੇ ਵਾਰ" ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅਹਿਮ ਸਫਲਤਾਵਾਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਦਿਨਾਂ ਵਿੱਚ ਹੀ ਪੰਜਾਬ ਪੁਲਿਸ ਨੇ 100 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਮੁਹਿੰਮ ਦੇ 11 ਦਿਨਾਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ 12,275 ਛਾਪੇ ਮਾਰੇ ਗਏ ਹਨ, ਜਿਸ ਦੌਰਾਨ 8,671 ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ 3,721 ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ 1,796 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਅਤੇ 3,154 ਵਿਅਕਤੀਆਂ ਨੂੰ ਪੁੱਛਗਿੱਛ ਉਪਰੰਤ ਛੱਡ ਦਿੱਤਾ ਗਿਆ।
ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਗੈਂਗਸਟਰ ਜਾਂ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਸੰਚਾਲਨ ਕਰ ਰਹੇ ਗੈਂਗਸਟਰ, ਜੋ ਅਪਰਾਧਾਂ ਨੂੰ ਅੰਜਾਮ ਦੇ ਰਹੇ ਹਨ, ਨੂੰ ਵੀ ਜਲਦ ਤੋਂ ਜਲਦ ਪੰਜਾਬ ਵਾਪਸ ਲਿਆਂਦਾ ਜਾਵੇਗਾ ਤਾਂ ਜੋ ਉਨ੍ਹਾਂ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ, ਜਿਵੇਂ ਕਿ ਪਹਿਲਾਂ ਕਈ ਮਾਮਲਿਆਂ ਵਿੱਚ ਕੀਤਾ ਗਿਆ ਹੈ।
ਉਨ੍ਹਾਂ ਜਨਤਾ, ਖਾਸ ਕਰਕੇ ਨੌਜਵਾਨਾਂ ਨੂੰ ਅਪਰਾਧਾਂ ਅਤੇ ਸਮਾਜ ਵਿਰੋਧੀ ਤੱਤਾਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਪਰਾਧਾਂ ਲਈ ਕੋਈ ਥਾਂ ਨਹੀਂ ਹੈ।
ਡੀਜੀਪੀ ਗੌਰਵ ਯਾਦਵ ਨੇ ਲੋਕਾਂ ਨੂੰ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਕਿਸੇ ਵੀ ਅਪਰਾਧਿਕ ਜਾਂ ਗੈਂਗਸਟਰ ਸਬੰਧੀ ਗਤੀਵਿਧੀਆਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇਣ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜਨਤਕ ਸਹਿਯੋਗ ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਸਮਾਜ ਵਿੱਚੋਂ ਜੜ੍ਹੋਂ ਖਤਮ ਕੀਤਾ ਜਾ ਸਕਦਾ ਹੈ।
ਇਸ ਉਪਰੰਤ, ਡੀਜੀਪੀ ਨੇ ਬਟਾਲਾ ਪੁਲਿਸ ਜ਼ਿਲ੍ਹੇ ਦੇ ਸਾਰੇ ਸਟੇਸ਼ਨ ਹਾਊਸ ਅਫਸਰਾਂ (ਐਸਐਚਓਜ਼) ਅਤੇ ਗਜ਼ਟਿਡ ਅਫਸਰਾਂ ਨਾਲ ਵਿਆਪਕ ਗੱਲਬਾਤ ਵੀ ਕੀਤੀ, ਜਿਸ ਵਿੱਚ ਫੋਰਸ ਨੂੰ ਪ੍ਰੇਰਿਤ ਕਰਨ, ਮਨੋਬਲ ਵਧਾਉਣ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਨੂੰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਉਨ੍ਹਾਂ ਨੇ ਕਾਨੂੰਨ ਵਿਵਸਥਾ ਬਣਾਈ ਰੱਖਣ, ਅਪਰਾਧ ਨੂੰ ਠੱਲ੍ਹ ਪਾਉਣ ਅਤੇ ਸੰਗਠਿਤ ਨੈੱਟਵਰਕਾਂ ਦਾ ਪਰਦਾਫਾਸ਼ ਕਰਨ ਵਿੱਚ ਜ਼ਮੀਨੀ ਪੱਧਰ ਦੇ ਅਧਿਕਾਰੀਆਂ ਦੀ ਅਹਿਮ ਭੂਮਿਕਾ 'ਤੇ ਜ਼ੋਰ ਦਿੱਤਾ।

